ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਮਰਿੰਦਰ ਸਿੰਘ ਵਿਰੁੱਧ ਸ਼ਿਕਾਇਤ ਜਾ ਦਿੱਤੀ

ਚੰਡੀਗੜ੍ਹ, 8 ਮਈ, (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦੇ ਹੋਏ ਅੱਜ ਚੋਣ ਕਮਿਸ਼ਨ ਤੋਂ ਇਨ੍ਹਾਂ ਸਿ਼ਕਾਇਤਾਂ ਉੱਤੇ ਕਾਰਵਾਈ ਦੀ ਮੰਗ ਕੀਤੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠਲੇ ਵਫ਼ਦ ਨੇ ਅੱਜ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਦਿੱਤੇ ਮੰਗ ਪੱਤਰ ਰਾਹੀਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਮੇਤ ਸ਼ਾਹਕੋਟ ਉੱਪ ਚੋਣ ਬਾਰੇ ਪ੍ਰੈਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਦੀ ਜਾਂਚ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਤੇ ਆਜ਼ਾਦ ਚੋਣਾਂ ਕਰਾਉਣ ਲਈ ਸ਼ਾਹਕੋਟ ਹਲਕੇ ਵਿੱਚ ਇੱਕ ਸੀਨੀਅਰ ਅਬਜ਼ਰਵਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਆਖਿਆ ਹੈ। ਅਕਾਲੀ ਦਲ ਦੇ ਮੁਤਾਬਕ ਮੁੱਖ ਮੰਤਰੀ ਨੇ ਇਸ ਸੋਮਵਾਰ ਪੰਜਾਬ ਭਵਨ ਦੇ ਗਲਿਆਰੇ ਵਿੱਚ ਸ਼ਾਹਕੋਟ ਉੱਪ ਚੋਣ ਬਾਰੇ ਪ੍ਰੈਸ ਕਾਨਫਰੰਸ ਕੀਤੀ ਸੀ, ਜਿਸ ਵਿਚ ਰਾਜ ਦੇ ਸੀਨੀਅਰ ਸਰਕਾਰੀ ਅਧਿਕਾਰੀ ਹਾਜ਼ਰ ਸਨ। ਉਸ ਮੌਕੇ ਮੁੱਖ ਮੰਤਰੀ ਨੇ ਰਾਜ ਦੇ ਇੱਕ ਅਧਿਕਾਰੀ ਅਤੇ ਸ਼ਾਹਕੋਟ ਉੱਪ ਚੋਣ ਨਾਲ ਜੁੜੇ ਥਾਣਾ ਮਹਿਤਪੁਰ ਦੇ ਮੁਖੀ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਸੀ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਇਸ ਵਫ਼ਦ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐੱਨ ਆਰ ਆਈ ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਅਤੇ ਦੂਜੀਆਂ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਕੇ ਸ਼ਾਹਕੋਟ ਉੱਪ ਚੋਣ ਬਾਰੇ ਸਿਆਸੀ ਸਰਗਰਮੀ ਕੀਤੀ ਸੀ। ਡਾ. ਚੀਮਾ ਨੇ ਕਿਹਾ ਕਿ ਉਸੇ ਮੀਟਿੰਗ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦੇ ਕੇ ਕਾਂਗਰਸ ਦੇ ਬੁਲਾਰੇ ਦੀ ਭੂਮਿਕਾ ਨਿਭਾਈ ਹੈ, ਜਦ ਕਿ ਰਾਜ ਦੀ ਪੁਲੀਸ ਨੇ ਸ਼ੇਰੋਵਾਲੀਆ ਵਿਰੁੱਧ ਗੈਰ ਕਾਨੂੰਨੀ ਮਾਈਨਿੰਗ ਦਾ ਕੇਸ ਦਰਜ ਕੀਤਾ ਹੈ।
ਇਸ ਮੌਕੇ ਅਕਾਲੀ ਆਗੂਆਂ ਨੇ ਚੋਣ ਕਮਿਸ਼ਨ ਨੂੰ ਕਾਂਗਰਸ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਖਿਲਾਫ ਦਰਜ ਰੇਤ ਮਾਈਨਿੰਗ ਦੇ ਕੇਸ ਦੀ ਜਾਂਚ ਆਪਣੇ ਹੱਥ ਲੈਣ ਲਈ ਵੀ ਕਿਹਾ।