ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਅਫਸਰਾਂ ਨੂੰ ਧਮਕੀਆਂ ਦੇਣ ਤੋਂ ਝਿੜਕਿਆ

amrinder
* ਧਮਕੀਆਂ ਦੇ ਦਾਅ-ਪੇਚ ਬਰਦਾਸ਼ਤ ਨਹੀਂ ਕੀਤੇ ਜਾਣਗੇ: ਕੈਪਟਨ
ਚੰਡੀਗੜ੍ਹ, 1 ਅਗੱਸਤ, (ਪੋਸਟ ਬਿਊਰੋ)- ਪੰਜਾਬ ਸਰਕਾਰ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਧਮਕੀਆਂ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਤਰ੍ਹਾਂ ਦੇ ਦਬਾਅ ਬਣਾਉਣ ਵਾਲੇ ਦਾਅ-ਪੇਚਾਂ ਨੂੰ ਸਹਿਣ ਨਹੀਂ ਕਰੇਗੀ ਤੇ ਇਨ੍ਹਾਂ ਹਰਬਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਕਾਂਗਰਸੀ ਆਗੂਆਂ ਦੇ ਕਹਿਣ ਉੱਤੇ ਝੂਠੇ ਕੇਸ ਦਰਜ ਕਰਨ ਦਾ ਦਾਅਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਵੱਲੋਂ ਅਫਸਰਾਂ ਨੂੰ ਦਿਤੀਆਂ ਧਮਕੀਆਂ ਉੱਤੇ ਤਿੱਖੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਦਲਾਖੋਰੀ ਦੀਆਂ ਕਾਰਵਾਈਆਂ ਵਿਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਹਰ ਮਾਮਲੇ ਵਿਚ ਨਿਯਮਾਂ ਮੁਤਾਬਕ ਚਲਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਏਦਾਂ ਦੇ ਭੜਕਾਊ ਬਿਆਨ ਦੇਣ ਤੋਂ ਬਾਜ਼ ਆਉਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਬਿਆਨ ਪੰਜਾਬ ਦੀ ਸ਼ਾਂਤੀ ਤੇ ਸਥਿਰਤਾ ਭੰਗ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਉਸ ਵਿਅਕਤੀ ਜਾਂ ਸੰਸਥਾ ਦੇ ਵਿਰੁੱਧ ਤਿੱਖੀ ਕਾਰਵਾਈ ਕਰੇਗੀ, ਜੋ ਇਸ ਤਰ੍ਹਾਂ ਦੀਆਂ ਕਾਰਵਾਈਆਂ ਵਿਚ ਸ਼ਾਮਲ ਹੋਵੇਗਾ।
ਅਕਾਲੀ ਆਗੂਆਂ ਅਤੇ ਵਰਕਰਾ ਦੇ ਖਿਲਾਫ ਝੂਠੇ ਕੇਸ ਦਰਜ ਕਰਨ ਦੇ ਦੋਸ਼ਾਂ ਬਾਰੇ ਅਪਣੀ ਸਰਕਾਰ ਜਾਂ ਪੰਜਾਬ ਦੇ ਅਫਸਰਾਂ ਉੱਤੇ ਲੱਗੇ ਦੋਸ਼ ਰੱਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਮ ਬਾਦਲ ਸਰਕਾਰ ਕਰਦੀ ਸੀ, ਉਹ ਝੂਠੇ ਤੇ ਆਧਾਰਹੀਣ ਕੇਸ ਦਰਜ ਕਰਨ ਵਿੱਚ ਵਿਸ਼ਵਾਸ ਰੱਖਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਮਿਸ਼ਨ ਬਣਾ ਕੇ ਸਾਰੇ ਕੇਸਾਂ ਦੀ ਜਾਂਚ ਕਰਵਾ ਰਹੀ ਹੈ ਤਾਂ ਜੋ ਬੇਗੁਨਾਹ ਲੋਕਾਂ ਨੂੰ ਨਿਆਂ ਤੇ ਦੋਸ਼ੀਆਂ ਨੂੰ ਕਾਨੂੰਨ ਹੇਠ ਬਣਦੀ ਸਜ਼ਾ ਦਿਤੀ ਜਾ ਸਕੇ। ਸੁਖਬੀਰ ਸਿੰਘ ਬਾਦਲ ਦੀ ‘ਜਬਰ ਵਿਰੋਧੀ ਲਹਿਰ` ਦੀ ਤਿੱਖੀ ਨਿੰਦਾ ਕਰਦਿਆਂ ਅਮਰਿੰਦਰ ਸਿੰਘ ਨੇ ਕਿਹਾ ਕਿ ਜਬਰ ਕਰਨਾ ਬਾਦਲ ਸਰਕਾਰ ਦੇ ਕੰਮ-ਢੰਗ ਦਾ ਹਿੱਸਾ ਸੀ, ਕਾਂਗਰਸ ਜਮਹੂਰੀ ਸਿਧਾਂਤਾਂ ਤੇ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਉਨ੍ਹਾ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਅਪਣੀ ਚਮੜੀ ਬਚਾਉਣ ਲਈ ਗੁਮਰਾਹਕੁਨ ਪ੍ਰਚਾਰ ਕਰ ਰਹੇ ਹਨ।