ਆਪ ਪਾਰਟੀ ਨੇ ਕਿਹਾ: ਕੈਪਟਨ ਅਮਰਿੰਦਰ ਪਰਾਲੀ ਦੇ ਨਿਪਟਾਰੇ ਲਈ ਮਿਲੇ 100 ਕਰੋੜ ਦਾ ਲੇਖਾ ਦੇਣ


ਚੰਡੀਗੜ੍ਹ, 14 ਨਵੰਬਰ (ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਨਾਲ-ਨਾਲ ਪਿਛਲੀ ਬਾਦਲ ਸਰਕਾਰ ਉਤੇ ਵੀ ਕਿਸਾਨਾਂ ਨਾਲ ਧੋਖਾ ਅਤੇ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ।
ਇਸ ਸੰਬੰਧ ਵਿੱਚ ਆਪ ਪਾਰਟੀ ਵੱਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਉਪ ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ, ਵਿਧਾਨ ਸਭਾ ਵਿੱਚ ਉਪ ਨੇਤਾ ਬੀਬੀ ਸਰਬਜੀਤ ਕੌਰ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਨਾਜਰ ਸਿੰਘ ਮਾਨਸ਼ਾਹੀਆ, ਰੁਪਿੰਦਰ ਕੌਰ ਰੂਬੀ ਤੇ ਮੀਤ ਹੇਅਰ (ਸਾਰੇ ਵਿਧਾਇਕ) ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਬਾਰੇ ਇਸ ਰਾਜ ਦੇ ਕਿਸਾਨਾਂ ਨੂੰ ਦੇਸ਼ ਵਿੱਚ ਬਦਨਾਮ ਕਰਨ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਲੀ ਜ਼ਿੰਮੇਵਾਰ ਤੇ ਦੋਸ਼ੀ ਹਨ, ਜਿਨ੍ਹਾਂ ਨੇ ਪਰਾਲੀ ਦੇ ਸਹੀ ਨਿਪਟਾਰੇ ਲਈ ਪਿਛਲੇ ਦੋ ਸਾਲਾਂ ਵਿੱਚ ਕੇਂਦਰ ਸਰਕਾਰ ਤੋਂ ਮਿਲੇ ਕਰੀਬ 100 ਕਰੋੜ ਰੁਪਏ ਵਿੱਚੋਂ ਇੱਕ ਪੈਸਾ ਵੀ ਇਸ ਪਾਸੇ ਖਰਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦਾ ਹਿਸਾਬ ਦੇਣਾ ਚਾਹੀਦਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਇਸ ਬਦਨੀਤ ਅਤੇ ਨਾਲਾਇਕ ਨੀਤੀ ਦਾ ਪਰਦਾ ਫਾਸ਼ ਕਿਸੇ ਹੋਰ ਨੇ ਨਹੀਂ, ਕੇਂਦਰੀ ਖੇਤੀ ਮੰਤਰਾਲਾ ਨੇ ਕੀਤਾ ਹੈ। ਮੀਡੀਆ ਰਿਪੋਰਟਾਂ ਵਿੱਚ ਕੇਂਦਰੀ ਖੇਤੀ ਮੰਤਰੀ ਰਾਧਾ ਮੋਹਨ ਸਿੰਘ ਨੇ ਦੱਸਿਆ ਕਿ ਪਰਾਲੀ ਦੇ ਨਿਪਟਾਰੇ ਦੀਆਂ ਯੋਜਨਾਵਾਂ ਦੇ ਅਮਲੀ ਰੂਪ ਲਈ ਕੇਂਦਰ ਨੇ 2016-17 ਵਿੱਚ 49.80 ਕਰੋੜ ਅਤੇ 2017-18 ਲਈ 48.50 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਅਲਾਟ ਕੀਤੇ ਸਨ, ਪਰ ਪਿਛਲੀ ਅਕਾਲੀ-ਭਾਜਪਾ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ਨੇ ਇਹ ਪੈਸਾ ਵਰਤਿਆ ਹੀ ਨਹੀਂ। ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਆਏ ਪੈਸੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣ ਤੇ ਪਿਛਲੀ ਬਾਦਲ ਸਰਕਾਰ ਦੀ ਭੂਮਿਕਾ ਦੀ ਸਮਾਂ-ਬੱਧ ਉਚ ਪੱਧਰੀ ਜਾਂਚ ਕਰਵਾਉਣ।