ਕਠੂਆ ਰੇਪ ਕੇਸ ਰਾਜ ਤੋਂ ਬਾਹਰ ਤਬਦੀਲ ਕਰਨ ਲਈ ਸੁਪਰੀਮ ਕੋਰਟ ਵੱਲੋਂ ਨੋਟਿਸ


* ਰਾਜ ਸਰਕਾਰ ਤੋਂ ਜਵਾਬ ਮੰਗਿਆ ਗਿਆ
ਨਵੀਂ ਦਿੱਲੀ, 16 ਅਪ੍ਰੈਲ (ਪੋਸਟ ਬਿਊਰੋ)- ਕਠੂਆ ਵਿੱਚ 8 ਸਾਲਾ ਬੱਚੀ ਨਾਲ ਰੇਪ ਅਤੇ ਕਤਲ ਕੇਸ ਨੂੰ ਰਾਜ ਤੋਂ ਬਾਹਰ ਚੰਡੀਗੜ੍ਹ ਦੀ ਕੋਰਟ ਵਿੱਚ ਟਰਾਂਸਫਰ ਕਰਨ ਦੀ ਮੰਗ ਕਰਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਰਾਜ ਸਰਕਾਰ ਨੂੰ 27 ਅਪ੍ਰੈਲ ਤੱਕ ਜਵਾਬ ਦੇਣ ਦਾ ਆਦੇਸ਼ ਦਿੱਤਾ ਹੈ ਤੇ ਰਾਜ ਸਰਕਾਰ ਨੂੰ ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਵਕੀਲ ਨੂੰ ਸੁਰੱਖਿਆ ਦੇਣ ਨੂੰ ਕਿਹਾ ਹੈ।
ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਸੋਮਵਾਰ ਨੂੰ ਮ੍ਰਿਤਕ ਬੱਚੀ ਦੇ ਪਿਤਾ ਦੀ ਪਟੀਸ਼ਨ ਉੱਤੇ ਦਿੱਤਾ, ਜਿਸ ਨੇ ਆਪਣੇ ਪਰਿਵਾਰ ਤੇ ਵਕੀਲਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰਟ ਤੋਂ ਉਸ ਜੂਵੇਨਾਈਲ ਹੋਮ ਦੀ ਸੁਰੱਖਿਆ ਵਧਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ, ਜਿੱਥੇ 8 ਜਣਿਆਂ ਵਿੱਚ ਇਕ ਨਾਬਾਲਗ ਦੋਸ਼ੀ ਨੂੰ ਰੱਖਿਆ ਗਿਆ ਹੈ। ਬੱਚੀ ਦੇ ਪਿਤਾ ਦੀ ਵਕੀਲ ਦੀਪਿਕਾ ਐੱਸ. ਰਾਜਾਵਤ ਨੇ ਕਿਹਾ, ‘ਸੁਪਰੀਮ ਕੋਰਟ ਨੇ ਸਾਨੂੰ (ਪੀੜਤ ਪਰਿਵਾਰ ਤੇ ਉਨ੍ਹਾਂ ਦੇ ਵਕੀਲ ਨੂੰ) ਸੁਰੱਖਿਆ ਦੇਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ।’ ਇਸ ਤੋਂ ਪਹਿਲਾਂ ਰਾਜਾਵਤ ਨੇ ਖੁਦ ਨੂੰ ਮਿਲ ਰਹੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਸ਼ੱਕ ਜ਼ਾਹਰ ਕੀਤਾ ਸੀ ਕਿ ਉਨ੍ਹਾਂ ਨਾਲ ਕੁਝ ਵੀ ਹੋ ਸਕਦਾ ਹੈ, ਉਨ੍ਹਾਂ ਦਾ ਰੇਪ ਵੀ ਹੋ ਸਕਦਾ ਹੈ ਜਾਂ ਉਨ੍ਹਾਂ ਦਾ ਕਤਲ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਕਠੂਆ ਜ਼ਿਲਾ ਕੋਰਟ ਨੇ ਸੋਮਵਾਰ ਇਸ ਕੇਸ ਦੀ ਸੁਣਵਾਈ 28 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ। ਕੋਰਟ ਵਿੱਚ ਸਾਰੇ ਦੋਸ਼ੀਆਂ ਨੂੰ ਲਿਆਂਦਾ ਗਿਆ ਸੀ। ਵਰਨਣ ਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ ਕਠੂਆ ਜ਼ਿਲੇ ਵਿੱਚ 8 ਸਾਲਾ ਬੱਚੀ ਨੂੰ ਪਿੰਡ ਦੇ ਇਕ ਛੋਟੇ ਜਿਹੇ ਮੰਦਰ ਵਿੱਚ ਇਕ ਹਫਤਾ ਬੰਦੀ ਬਣਾ ਕੇ ਰੱਖਿਆ ਗਿਆ ਤੇ ਓਥੇ ਬੱਚੀ ਨੂੰ ਨਸ਼ੀਲੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਰਹੀਆਂ ਅਤੇ ਕਤਲ ਤੋਂ ਪਹਿਲਾਂ ਕਈ ਵਾਰ ਯੌਨ ਸ਼ੋਸ਼ਣ ਕੀਤਾ ਗਿਆ ਸੀ।