ਕੇਂਦਰੀ ਮੰਤਰੀ ਦਾ ਬੇਤੁਕਾ ਬਿਆਨ, ਪੰਜਾਬ ਦੇ ਕਿਸਾਨ ਖੁਦਕੁਸ਼ੀ ਨਹੀਂ ਕਰ ਰਹੇ


ਹੁਸ਼ਿਆਰਪੁਰ, 11 ਜੂਨ (ਪੋਸਟ ਬਿਊਰੋ)- ਪੰਜਾਬ ਵਿੱਚ ਰੋਜ਼ ਕਿਸਾਨ ਕਰਜ਼ੇ ਦੇ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ, ਪਰ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਾ ਰਾਜ ਕਹਿੰਦੀ ਹੈ ਕਿ ਅਜਿਹੀ ਕੋਈ ਗੱਲ ਹੀ ਨਹੀਂ ਹੈ।
ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦੇ ਨਿਸ਼ਾਨੇ ਨਾਲ ਹੁਸ਼ਿਆਰਪੁਰ ਵਿੱਚ ਕੱਲ੍ਹ ਕੀਤੇ ਗਏ ਕਿਸਾਨ ਸੰਮੇਲਨ ਦਾ ਉਦਘਾਟਨ ਕਰਨ ਪਹੁੰਚੀ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕ੍ਰਿਸ਼ਨਾ ਰਾਜ ਤੋਂ ਪੱਤਰਕਾਰਾਂ ਨੇ ਇਹ ਸਵਾਲ ਪੁੱਛਿਆ ਸੀ ਕਿ ਜੇ ਸਰਕਾਰ ਦੀਆਂ ਯੋਜਨਾਵਾਂ ਚੰਗੀਆਂ ਹਨ ਤਾਂ ਕਿਸਾਨ ਖੁਦਕੁਸ਼ੀਆਂ ਕਿਉਂ ਕਰਦੇ ਹਨ। ਇਸ ‘ਤੇ ਉਨ੍ਹਾਂ ਨੇ ਜਵਾਬ ਦਿੱਤਾ, ‘ਕੌਣ ਕਹਿੰਦਾ ਹੈ ਕਿ ਕਿਸਾਨ ਖੁਦਕੁਸ਼ੀਆਂ ਕਰਦੇ ਹਨ। ਕਿਸਾਨ ਖੁਦਕੁਸ਼ੀਆਂ ਨਹੀਂ ਕਰ ਰਹੇ। ਪੰਜਾਬ ਵਿੱਚ ਕਿਸੇ ਕਿਸਾਨ ਨੇ ਖੁਦਕੁਸ਼ੀ ਨਹੀਂ ਕੀਤੀ, ਪੰਜਾਬ ਦਾ ਕਿਸਾਨ ਤਾਂ ਖੁਸ਼ਹਾਲ ਹੈ।”
ਇਸ ਦੌਰਾਨ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਸਮੇਤ ਕਈ ਵੱਡੇ ਨੇਤਾ ਓਥੇ ਮੌਜੂਦ ਸਨ। ਸ੍ਰੀਮਤੀ ਕ੍ਰਿਸ਼ਨਾ ਰਾਜ ਨੇ ਦੱਸਿਆ ਕਿ ਵਿਰੋਧੀ ਧਿਰ ਦੇ ਆਗੂ ਪੰਜਾਬ ਦੇ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਬਾਰੇ ਭੜਕਾ ਰਹੇ ਹਨ, ਮੋਦੀ ਸਰਕਾਰ ਜੋ ਯੋਜਨਾਵਾਂ ਲਾਗੂ ਕਰ ਰਹੀ ਹੈ, ਉਹ ਸਵਾਮੀਨਾਥਨ ਦੀ ਰਿਪੋਰਟ ਦੇ ਅਨੁਸਾਰ ਹੀ ਹਨ। ਵਰਣਨ ਯੋਗ ਹੈ ਕਿ ਪੰਜਾਬ ਵਿੱਚ ਬੀਤੇ ਚਾਰ ਮਹੀਨੇ ਵਿੱਚ 129 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਅਕਾਲੀ ਪਾਰਟੀ ਅਤੇ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਇੱਕ ਸਾਲ ਦੌਰਾਨ 500 ਤੋਂ ਵੱਧ ਕਿਸਾਨ ਜਾਨ ਦੇ ਚੁੱਕੇ ਹਨ।