ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਰੇਸ਼ ਕੁਮਾਰ ਨੂੰ ਮਨਾਉਣ ਦੀ ਇੱਕ ਹੋਰ ਕੋਸ਼ਿਸ਼


ਚੰਡੀਗੜ੍ਹ, 5 ਫਰਵਰੀ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਸਾਬਕਾ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੇ ਘਰ ਜਾ ਕੇ ਉਨ੍ਹਾਂ ਨੂੰ ਫਿਰ ਮੁੱਖ ਮੰਤਰੀ ਦਫਤਰ ‘ਚ ਹਾਜ਼ਰ ਕਰਵਾਉਣ ਦੇ ਲਈ ਯਤਨ ਆਰੰਭ ਕੀਤੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਲਗਭਗ 40 ਮਿੰਟ ਸੁਰੇਸ਼ ਕੁਮਾਰ ਦੇ ਸੈਕਟਰ 16 ਵਾਲੇ ਘਰ ਵਿੱਚ ਰਹੇ। ਪਤਾ ਲਗਾ ਹੈ ਕਿ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਦਿੱਤੇ ਫੈਸਲੇ ਨੂੰ ਡਬਲ ਬੈਂਚ ਕੋਲ ਚੁਣੌਤੀ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਹਿਲਾਂ ਵੀ ਇਹ ਸੰਕੇਤ ਦਿੱਤੇ ਸਨ ਕਿ ਰਾਜ ਸਰਕਾਰ ਅਗਲੇ ਹਫਤੇ ਸੁਰੇਸ਼ ਕੁਮਾਰ ਦੇ ਕੇਸ ਵਿੱਚ ਪਟੀਸ਼ਨ ਦਾਖਲ ਕਰ ਸਕਦੀ ਹੈ। ਚਰਚਾ ਇਹ ਹੈ ਕਿ ਰਾਜ ਸਰਕਾਰ ਵੱਲੋਂ ਪਟੀਸ਼ਨ ਦਾਖਲ ਕਰਨ ਦੀ ਪ੍ਰਕਿਰਿਆ ਸਿਰੇ ਚੜ੍ਹਨ ਤੱਕ ਸੁਰੇਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਵਜੋਂ ਨਿਯੁਕਤ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਨਵੀਂ ਮੀਟਿੰਗ ਤੋਂ ਇਹ ਚਰਚਾ ਸੁਣਨ ਨੂੰ ਮਿਲੀ ਹੈ ਕਿ ਸੁਰੇਸ਼ ਕੁਮਾਰ ਨੇ ਮੌਜੂਦਾ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਵਿਰੁੱਧ ਕਾਰਵਾਈ ਦੀ ਆਪਣੀ ਮੰਗ ਦੁਹਰਾਈ ਹੈ ਜਿਨ੍ਹਾਂ ਬਾਰੇ ਚਰਚਾ ਹੈ ਕਿ ਉਨ੍ਹਾਂ ਨੇ ਸੁਰੇਸ਼ ਕੁਮਾਰ ਦੀ ਚੀਫ ਪ੍ਰਿੰਸੀਪਲ ਸਕੱਤਰ ਵਜੋਂ ਨਿਯੁਕਤੀ ਦੇ ਕੇਸ ਨੂੰ ਠੀਕ ਢੰਗ ਨਾਲ ਪੇਸ਼ ਨਹੀਂ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਸੁਰੇਸ਼ ਕੁਮਾਰ ਨੇ ਉਨ੍ਹਾਂ ਦੇ ਵਿਰੁੱਧ ਕੇਸ ਦਾਇਰ ਕਰਾਉਣ ਵਾਲੇ ਲੋਕਾਂ ਦਾ ਮੁੱਦਾ ਵੀ ਮੁੱਖ ਮੰਤਰੀ ਕੋਲ ਉਠਾਇਆ ਹੈ। ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਸ ਅਹੁਦੇ ਲਈ ਸੁਰੇਸ਼ ਕੁਮਾਰ ਤੋਂ ਬਿਨਾ ਕਿਸੇ ਹੋਰ ‘ਤੇ ਵਿਸ਼ਵਾਸ ਜਾਂ ਭਰੋਸਾ ਪ੍ਰਗਟ ਕਰਨ ਦੇ ਰੌਂਅ ਵਿੱਚ ਨਜ਼ਰ ਨਹੀਂ ਆ ਰਹੇ।