ਦਸਵੇਂ ਗੁਰੂ ਸਾਹਿਬ ਦੇ ਗੁਰਪੁਰਬ ਬਾਰੇ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਅਕਾਲ ਤਖਤ ਵੱਲੋਂ ਰੱਦ


ਅੰਮ੍ਰਿਤਸਰ, 13 ਨਵੰਬਰ, (ਪੋਸਟ ਬਿਊਰੋ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਥਾਂ ਕਿਸੇ ਹੋਰ ਦਿਨ ਮਨਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਸ਼ ਪੰਜ ਸਿੰਘ ਸਾਹਿਬਾਨ ਨੇ ਰੱਦ ਕਰ ਦਿੱਤੀ ਹੈ। ਅੱਜ ਇਥੇ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਇਹ ਗੁਰਪੁਰਬ 25 ਦਸੰਬਰ ਨੂੰ ਮਨਾਉਣ ਦਾ ਫੈਸਲਾ ਕਰ ਦਿੱਤਾ ਗਿਆ। ਇਸ ਦੇ ਨਾਲ ਅੱਜ ਦੀ ਇਸ ਮੀਟਿੰਗ ਵਿੱਚ ਸਰਬੱਤ ਖਾਲਸਾ ਵਾਲੇ ਬਦਲਵੇਂ ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖ਼ਿਲਾਫ਼ ਆਈਆਂ ਸ਼ਿਕਾਇਤਾਂ ਦੇ ਸੰਬੰਧ ਵਿੱਚ ਵਿਚਾਰ ਕਰ ਕੇ ਕੋਈ ਫੈਸਲਾ ਦੇਣ ਦਾ ਅਮਲ ਅੱਗੇ ਪਾ ਦਿੱਤਾ ਗਿਆ।
ਵਰਨਣ ਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਦੇ ਇੱਕ ਸੋਧੇ ਹੋਏ ਰੂਪ ਅਨੁਸਾਰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਇਸ ਵਾਰ 23 ਦਸੰਬਰ ਨੂੰ ਬਣਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ 27 ਦਸੰਬਰ ਨੂੰ ਆ ਰਿਹਾ ਹੈ। ਇਸ ਕਾਰਨ ਸ਼੍ਰੋਮਣੀ ਕਮੇਟੀ ਨੇ ਦਸਵੇਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਤਰੀਕ ਪੰਜ ਜਨਵਰੀ ਕਰਨ ਦੀ ਸਿਫ਼ਾਰਸ਼ ਕਰ ਦਿੱਤੀ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਸਮਾਗਮ ਤੇ ਇਸ ਨਾਲ ਜੋੜ ਕੇ ਮਨਾਇਆ ਜਾਣ ਵਾਲਾ ਗੁਰਪੁਰਬ ਤਖ਼ਤ ਪਟਨਾ ਸਾਹਿਬ ਵਿਖੇ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਇਸ ਲਈ ਗੁਰਪੁਰਬ 25 ਦਸੰਬਰ ਨੂੰ ਹੀ ਮਨਾਇਆ ਜਾਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਇਸ ਗੁਰਪੁਰਬ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੂੰ ਸਹਿਯੋਗ ਦੇਵੇ।
ਅੱਜ ਦੀ ਇਸ ਮੀਟਿੰਗ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਲ ਸਨ, ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਰੇ ਆਈ ਸ਼ਿਕਾਇਤ ਦੇ ਸੰਬੰਧ ਵਿੱਚ ਕਿਹਾ ਕਿ ਜਿਨ੍ਹਾਂ ਗੱਲਾਂ ਉੱਤੇ ਸੰਗਤ ਨੂੰ ਇਤਰਾਜ਼ ਹੈ, ਉਸ ਬਾਰੇ ਸੀ ਡੀਜ਼ ਅਕਾਲ ਤਖ਼ਤ ਨੂੰ ਭੇਜੀਆਂ ਜਾਣ ਤਾਂ ਜੋ ਸਬ-ਕਮੇਟੀ ਤੋਂ ਉਨ੍ਹਾਂ ਦੀ ਜਾਂਚ ਕਰਵਾਈ ਜਾ ਸਕੇ। ਉਨ੍ਹਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਹਦਾਇਤ ਕੀਤੀ ਕਿ ਆਪਣੇ ਪ੍ਰੋਗਰਾਮਾਂ ਵਿੱਚ ਗੁਰਬਾਣੀ ਤੇ ਗੁਰ ਇਤਿਹਾਸ ਬਾਰੇ ਅਜਿਹਾ ਕੋਈ ਪ੍ਰਸੰਗ ਨਾ ਸੁਣਾਵੇ, ਜਿਸ ਨਾਲ ਸੰਗਤ ਵਿੱਚ ਦੁਬਿਧਾ ਪੈਦਾ ਹੁੰਦੀ ਹੋਵੇ। ਇਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਰੀਆਂ ਗੱਤਕਾ ਸੰਸਥਾਵਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਗੁਰੂ ਕਾਲ ਤੋਂ ਚੱਲੇ ਆ ਰਹੇ ਗੱਤਕੇ ਦੇ ਰਿਵਾਇਤੀ ਰੂਪ ਵਿੱਚ ਸਟੰਟ ਸ਼ਾਮਲ ਨਾ ਕੀਤੇ ਜਾਣ।
ਪੰਜ ਸਿੰਘ ਸਾਹਿਬਾਨ ਦੀ ਅੱਜ ਦੀ ਮੀਟਿੰਗ ਨੇ ਨਿਹੰਗ ਸਿੰਘਾਂ ਦੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੂੰ ‘ਸ਼੍ਰੋਮਣੀ ਸੇਵਾ ਰਤਨ’ ਤੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੂੰ ‘ਸ਼੍ਰੋਮਣੀ ਰਾਗੀ’ ਦੀ ਸਨਮਾਨ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਰੇ 29 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਸਮਾਗਮ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਦੇ ਖਿਲਾਫ ਸੁਖਪਾਲ ਸਿੰਘ ਖਹਿਰਾ ਤੇ ਹੋਰਨਾਂ ਵੱਲੋਂ ਆਈਆਂ ਸ਼ਿਕਾਇਤਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਪਾਸੇ ਕਰਦੇ ਹੋਏ ਕਿਹਾ ਕਿ ਇਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਰਾਸ਼ਟਰੀ ਸਿੱਖ ਸੰਗਤ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂਅ ਭੇਜੇ ਪੱਤਰ ਬਾਰੇ ਉਨ੍ਹਾ ਕਿਹਾ ਕਿ ਅਜੇ ਤਕ ਕੋਈ ਪੱਤਰ ਹੀ ਨਹੀਂ ਮਿਲਿਆ। ਕੈਨੇਡਾ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਛੋਟੇ ਆਕਾਰ ਦੀ ਕਿਰਪਾਨ ਪਹਿਨ ਕੇ ਘਰੇਲੂ ਤੇ ਕੌਮਾਂਤਰੀ ਉਡਾਣਾਂ ਵਿੱਚ ਸਫ਼ਰ ਕਰਨ ਦੀ ਆਗਿਆ ਉੱਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੀ ਸਾਰੀਆਂ ਉਡਾਣਾਂ ਵਿੱਚ ਕਿਰਪਾਨ ਪਹਿਨ ਕੇ ਸਫ਼ਰ ਦੀ ਪ੍ਰਵਾਨਗੀ ਮਿਲਣੀ ਚਾਹੀਦੀ ਹੈ।