ਪੰਜਾਬ ਦੇ 27 ਹਜ਼ਾਰ ਹੋਰ ਕਿਸਾਨਾਂ ਨੂੰ 156.12 ਕਰੋੜ ਦੀ ਕਰਜ਼ੇ ਦੀ ਛੋਟ ਮਿਲੀ


* ਮੁੱਖ ਮੰਤਰੀ ਨੇ ਜਨਤਕ ਸਮਾਗਮ ਵਿੱਚ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ
* ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਬਣੇਗਾ
ਗੁਰਦਾਸਪੁਰ, 5 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਕਿਸਾਨਾਂ ਦੀ ਕਰਜ਼ ਮੁਆਫ਼ੀ ਵਾਸਤੇ ਅੱਜ ਏਥੇ ਪੁੱਡਾ ਗਰਾਊਂਡ ਵਿਖੇ ਪੰਜਾਬ ਸਰਕਾਰ ਦੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਸਣੇ ਛੇ ਜ਼ਿਲ੍ਹਿਆਂ ਨਾਲ ਸੰਬੰਧਤ 26998 ਕਿਸਾਨਾਂ ਨੁੰ 156.12 ਕਰੋੜ ਰੁਪਏ ਦੇ ਕਰਜ਼ੇ ਤੋਂ ਰਾਹਤ ਦੇ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਮੌਕੇ ਮੁੱਖ ਮੰਤਰੀ ਨੇ ਗੁਰਦਾਸਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਤੇ ਬਟਾਲਾ ਵਿਖੇ ਨਵੀਂ ਖੰਡ ਮਿੱਲ ਲਾਉਣ ਤੇ ਪਨਿਆੜ ਖੰਡ ਮਿੱਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਤੇ ਸਰਹੱਦੀ ਇਲਾਕੇ ਦੇ ਵਿਕਾਸ ਦੇ ਕਈ ਹੋਰ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ। ਸਮਾਗਮ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਜਿ਼ਲੇ ਦੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪੇ ਗਏ।
ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ਕਿਸਾਨਾਂ ਨੂੰ ਕਰਜ਼ਾ ਰਾਹਤ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਖੇਤੀ ਸੰਕਟ ਤੋਂ ਕੱਢਣ ਲਈ 50 ਹਜ਼ਾਰ ਰੁਪਏ ਮਾਲੀ ਮਦਦ ਦੇਣ ਦਾ ਫ਼ੈਸਲਾ ਵੀ ਪੰਜਾਬ ਸਰਕਾਰ ਨੇ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਸਮਾਗਮਾਂ ਦੌਰਾਨ ਪੰਜਾਬ ਵਿੱਚ 16 ਜ਼ਿਲ੍ਹਿਆਂ ਦੇ ਇੱਕ ਲੱਖ ਤੋਂ ਵੱਧ ਕਿਸਾਨਾਂ ਨੂੰ 457 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਆਪਰੇਟਿਵ ਕਰਜ਼ੇ ਨਿਬੇੜਨ ਪਿੱਛੋਂ ਕਾਰੋਬਾਰੀ ਬੈਂਕਾਂ ਦੇ ਖੇਤੀ ਕਰਜ਼ੇ ਦੀ ਮੁਆਫ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਡੇ ਵਿੱਤੀ ਸੰਕਟ ਦੇ ਬਾਵਜੂਦ ਕਿਸਾਨਾਂ ਨੂੰ ਦੇਸ਼ ਵਿੱਚੋਂ ਸਭ ਤੋਂ ਵੱਧ ਦੋ ਲੱਖ ਰੁਪਏ ਤੱਕ ਕਰਜ਼ਾ ਮੁਆਫੀ ਦੀ ਛੋਟ ਦਿੱਤੀ ਜਾ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੂੰ ਗੁਰਦਾਸਪੁਰ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਲਈ ਸਥਾਨਕ ਵਿਧਾਇਕ ਦੀ ਸਲਾਹ ਨਾਲ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਨੂੰ ਕਿਹਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਪਾਰਲੀਮੈਂਟ ਮੈਂਬਰ ਸੁਨੀਲ ਜਾਖੜ ਨੇ ਦਰਬਾਰ ਸਾਹਿਬ (ਅੰਮ੍ਰਿਤਸਰ) ਦੇ ਲੰਗਰ ਉੱਤੇ ਲਾਏ ਗਏ ਜੀ ਐੱਸ ਟੀ ਟੈਕਸ ਅਤੇ ਇਰਾਕ ਵਿਚ ਮਾਰੇ ਗਏ ਪੰਜਾਬੀਆਂ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਦੀ ਅਲੋਚਨਾ ਕੀਤੀ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੰਡੀ ਬੋਰਡ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਬਾਰੇ ਕਿਹਾ ਕਿ ਉਸ ਨੇ ਕਿਸਾਨੀ ਦੇ ਨਾਂਅ ਉੱਤੇ ਸਿਆਸਤ ਕੀਤੀ ਤੇ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ। ਇਸ ਸਮਾਗਮ ਵਿੱਚੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਫਤਿਹਜੰਗ ਸਿੰਘ ਬਾਜਵਾ ਨੇ ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।