ਮੁੱਖ ਮੰਤਰੀ ਨੇ ਸੜਕ ਸੁਰੱਖਿਆ ਦੀ ਉਲੰਘਣਾ ਬਰਦਾਸ਼ਤ ਨਾ ਕਰਨ ਦਾ ਐਲਾਨ ਕੀਤਾ


ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ)- ਸੜਕ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਾ ਕਰਨ ਦੀ ਨੀਤੀ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੜਕ ਸੁਰੱਖਿਆ ਦੇ ਟੀਚਾਗਤ ਖਰਚੇ ਬਾਰੇ ਕਾਰਜ ਯੋਜਨਾ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ।
ਵਰਨਣ ਯੋਗ ਹੈ ਕਿ ਬੀਤੇ ਸਾਲ ਇਨ੍ਹਾਂ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਕਰੀਬ 16 ਫੀਸਦੀ ਕਮੀ ਆਈ ਹੈ। ਪਿਛਲੇ ਦਸ ਸਾਲਾਂ ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਤੁਲਨਾ ‘ਚ ਪਿਛਲੇ ਸਾਲ ਤੇਜ਼ੀ ਨਾਲ ਕਮੀ ਆਉਣ ਦੇ ਬਾਵਜੂਦ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਸੜਕ ਹਾਦਸਿਆਂ ਨੂੰ ਹੋਰ ਘੱਟ ਕਰਨਾ ਹੈ ਤਾਂ ਜੋ ਪੰਜਾਬ ਨੂੰ ਹਾਦਸਿਆਂ ਤੋਂ ਮੁਕਤ ਬਣਾਇਆ ਜਾ ਸਕੇ। ਪੰਜਾਬ ਸੜਕ ਸੁਰੱਖਿਆ ਕੌਂਸਲ ਦੀ ਮੀਟਿੰਗ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਿੰਨ ਮੈਂਬਰੀ ਕਮੇਟੀ ਗ੍ਰਹਿ ਸਕੱਤਰ, ਟਰਾਂਸਪੋਰਟ ਸਕੱਤਰ ਅਤੇ ਏ ਡੀ ਜੀ ਪੀ ਉੱਤੇ ਆਧਾਰਤ ਹੋਵੇਗੀ, ਜਿਹੜੀ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਆਵਾਜਾਈ ਦੀ ਉਲੰਘਣਾ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਨੇ ਗੱਡੀਆਂ ਦੇ ਪਿੱਛੇ ਢੁੱਕਵੇਂ ਰੂਪ ਵਿੱਚ ਨਾਲ ਲਾਈਟਾਂ ਨਾ ਲਾਉਣ ਵਾਲੀਆਂ ਗੱਡੀਆਂ ਵਿਰੁੱਧ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ।