ਮੋਦੀ ਨੇ ਇੱਕ ਵਾਰ ਫਿਰ ਦੁਹਰਾਇਆ: ਗਊ ਰੱਖਿਆ ਦੇ ਨਾਂ ਉੱਤੇ ਹੁੰਦੀ ਗੁੰਡਾਗਰਦੀ ਰੋਕੀ ਜਾਵੇਗੀ

modi
* ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ
ਨਵੀਂ ਦਿੱਲੀ, 16 ਜੁਲਾਈ, (ਪੋਸਟ ਬਿਊਰੋ)- ਪਾਰਲੀਮੈਂਟ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲੀ ਸ਼ਾਮ ਨੂੰ ਅੱਜ ਏਥੇ ਸਰਬ ਪਾਰਟੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਅਮਨ ਕਾਨੂੰਨ ਕਾਇਮ ਰੱਖਣਾ ਰਾਜ ਸਰਕਾਰਾਂ ਦੀ ਜਿੰਮੇਵਾਰੀ ਹੈ। ਸਾਨੂੰ ਗਊ ਰੱਖਿਆਂ ਦੇ ਨਾਂ ਉੱਤੇ ਕੀਤੀ ਜਾ ਰਹੀ ਗੁੰਡਾਗਰਦੀ ਨੂੰ ਸਖ਼ਤੀ ਨਾਲ ਰੋਕਣਾ ਚਾਹੀਦਾ ਹੈ।’ ਉਨ੍ਹਾਂ ਗਊ ਹੱਤਿਆ ਦੇ ਨਾਂ ਉੱਤੇ ਹੁੰਦੀ ਫਿਰਕੂ ਹਿੰਸਾ ਰੋਕਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਨੂੰ ਗਊ ਰੱਖਿਆ ਦੇ ਨਾਂ ਉੱਤੇ ਹੋ ਰਹੀ ਗੁੰਡਾਗਰਦੀ ਦੀ ਨਿਖੇਧੀ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਰਾਜਸੀ ਰੰਗ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਸਰਬ ਪਾਰਟੀ ਮੀਟਿੰਗ ਮਗਰੋਂ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ‘ਗਊ ਹੱਤਿਆ ਦੇ ਨਾਂਅ ਉੱਤੇ ਹੋ ਰਹੀ ਗੁੰਡਾਗਰਦੀ ਦੇ ਦੋਸ਼ੀਆਂ ਵਿਰੁੱਧ ਰਾਜ ਸਰਕਾਰਾਂ ਸਖ਼ਤ ਕਾਰਵਾਈ ਕਰਨ।’ ਉਨ੍ਹਾਂ ਸਰਬ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਗਊ ਨੂੰ ਮਾਂ ਵਰਗਾ ਸਨਮਾਨ ਦਿੱਤਾ ਜਾਂਦਾ ਹੈ, ਇਸ ਲਈ ਇਹ ਬੜਾ ਸੰਵੇਦਨਸ਼ੀਲ ਮੁੱਦਾ ਹੈ, ਪਰ ਸਾਨੂੰ ਸਮਝਣਾ ਚਾਹੀਦਾ ਹੈ ਕਿ ਗਊ ਰੱਖਿਆ ਲਈ ਕਾਨੂੰਨ ਹੈ ਤੇ ਕਾਨੂੰਨ ਦੀ ਉਲੰਘਣਾ ਕਰਨਾ ਇਸ ਦਾ ਬਦਲ ਨਹੀਂ।’ ਉਨ੍ਹਾਂ ਕਿਹਾ ਕਿ ਕੁਝ ਸਮਾਜ ਵਿਰੋਧੀ ਤੱਤ ਗਊ ਰੱਖਿਆ ਨੂੰ ਅਰਾਜਕਤਾ ਫੈਲਾਉਣ ਦੇ ਹਥਿਆਰ ਵਜੋਂ ਵਰਤ ਰਹੇ ਹਨ, ਸਮਾਜ ਦੀ ਸਾਂਝ ਨੂੰ ਤੋੜਨਾ ਚਾਹੁੰਦੇ ਕੁਝ ਲੋਕ ਵੀ ਇਸ ਤੋਂ ਲਾਹਾ ਲੈਣ ਨੂੰ ਯਤਨਸ਼ੀਲ ਹਨ।
ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਵੀ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਤ੍ਰਿਣਮੂਲ ਕਾਂਗਰਸ ਤੇ ਰਾਸ਼ਟਰੀ ਜਨਤਾ ਦਲ ਉੱਤੇ ਅਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਲੋਕ ਭ੍ਰਿਸ਼ਟਾਚਾਰ ਦੇ ਵਿਰੁੱਧ ਕਾਰਵਾਈ ਨੂੰ ਰਾਜਸੀ ਸਾਜਿਸ਼ ਦੱਸਦੇ ਹਨ, ਉਨ੍ਹਾਂ ਵਿਰੁੱਧ ਰਾਜਸੀ ਆਗੂਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਾਰਲੀਮੈਂਟਰੀ ਮਾਮਲਿਆਂ ਦੇ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਗੱਲ ਵੱਲ ਵੀ ਧਿਆਨ ਦਿਵਾਇਆ ਹੈ ਕਿ 9 ਅਗਸਤ ਨੂੰ ‘ਭਾਰਤ ਛੱਡੋ ਅੰਦੋਲਨ’ ਦੀ 75 ਵੀਂ ਵਰ੍ਹੇਗੰਢ ਹੈ, ਸਾਰੀਆਂ ਪਾਰਟੀਆਂ ਨੂੰ ਇਸ ਨੂੰ ਮਨਾਉਣਾ ਚਾਹੀਦਾ ਹੈ।
ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਗੁਲਾਮ ਨਬੀ ਆਜ਼ਾਦ, ਐੱਨ ਸੀ ਪੀ ਦੇ ਸ਼ਰਦ ਪਵਾਰ, ਸੀ ਪੀ ਆਈ (ਐੱਮ) ਦੇ ਸੀਤਾ ਰਾਮ ਯੇਚੁਰੀ, ਸੀ ਪੀ ਆਈ ਦੇ ਡੀ ਰਾਜਾ, ਸਮਾਜਵਾਦੀ ਪਾਰਟੀ ਦੇ ਮੁਲਾਇਮ ਸਿੰਘ ਯਾਦਵ, ਨੈਸ਼ਨਲ ਕਾਨਫਰੰਸ ਦੇ ਫਾਰੂਖ਼ ਅਬਦੁੱਲਾ ਅਤੇ ਹੋਰ ਕਈ ਪ੍ਰਮੁੱਖ ਆਗੂ ਸ਼ਾਮਲ ਹੋਏ।