ਰੇਤ ਖੁਦਾਈ ਕੇਸ ਵਿੱਚ ਰਾਣਾ ਦੇ ਸਹਾਇਕਾਂ ਦੀ ਸਕਿਓਰਟੀ ਜਾਮ


ਚੰਡੀਗੜ੍ਹ, 6 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀ ਦਾ ਅਹੁਦਾ ਖੁੱਸਣ ਪਿੱਛੋਂ ਵੀ ਕਾਂਗਰਸ ਆਗੂ ਰਾਣਾ ਗੁਰਜੀਤ ਸਿੰਘ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ਆਮਦਨ ਟੈਕਸ ਵਿਭਾਗ ਨੇ ਹਾਲ ਹੀ ‘ਚ ਰਾਣਾ ਗੁਰਜੀਤ ਸਿੰਘ ਨਾਲ ਸਬੰਧਤ ਮੰਨੇ ਜਾਂਦੇ ਅਮਿਤ ਬਹਾਦਰ ਅਤੇ ਕੁਲਵਿੰਦਰ ਪਾਲ ਸਿੰਘ ਵੱਲੋਂ ਰੇਤ ਦੀਆਂ ਖੱਡਾਂ ਹਾਸਲ ਕਰਨ ਲਈ ਜਮ੍ਹਾਂ ਕਰਵਾਈ ਰਕਮ ਫਰੀਜ਼ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਦੇ ਕਾਰਨ ਆਮਦਨ ਟੈਕਸ ਵਿਭਾਗ ਵੱਲੋਂ ਮਾਮਲੇ ਦੇ ਨਿਬੇੜੇ ਤੱਕ ਰਕਮ ਵਾਪਸ ਨਹੀਂ ਕੀਤੀ ਜਾ ਸਕੇਗੀ।
ਵਰਨਣ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਤੋਂ ਬਾਅਦ ਰੇਤ ਦੀਆਂ ਖੱਡਾਂ ਦੀ ਨਿਲਾਮੀ ਵੇਲੇ ਅਮਿਤ ਬਹਾਦਰ ਅਤੇ ਕੁਲਵਿੰਦਰ ਪਾਲ ਸਿੰਘ ਨੂੰ ਖੱਡਾਂ ਹਾਸਲ ਹੋਣ ਕਾਰਨ ਉਨ੍ਹਾਂ ਦੇ ਰਾਣਾ ਗੁਰਜੀਤ ਸਿੰਘ ਨਾਲ ਸਬੰਧ ਬੇਪਰਦ ਹੋ ਗਏ ਸਨ। ਇਸ ਮਾਮਲੇ ਦੇ ਤੂਲ ਫੜ ਜਾਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ (ਸੇਵਾਮੁਕਤ) ਜੇ ਐਸ ਨਾਰੰਗ ਉੱਤੇ ਆਧਾਰਿਤ ਜਾਂਚ ਕਮਿਸ਼ਨ ਨਿਯੁਕਤ ਕੀਤਾ ਸੀ, ਜਿਸ ਨੇ ਉਕਤ ਲੋਕਾਂ ਨੂੰ ਰੇਤ ਦੀਆਂ ਖੱਡਾਂ ਦੀ ਅਲਾਟਮੈਂਟ ਰੱਦ ਕਰਨ ਦੀ ਸਿਫਾਰਸ਼ ਕਰਨ ਦੇ ਨਾਲ ਰਾਣਾ ਨੂੰ ਕਲੀਨ ਚਿਟ ਦੇ ਦਿੱਤੀ ਸੀ। ਜਾਣਕਾਰ ਸੂਤਰਾਂ ਦੇ ਮੁਤਾਬਕ ਆਮਦਨ ਟੈਕਸ ਵਿਭਾਗ ਨੇ ਪੰਜਾਬ ਸਰਕਾਰ ਨੂੰ ਲਿਖੇ ਪੱਤਰ ਰਾਹੀਂ ਕਿਹਾ ਹੈ ਕਿ ਜਾਂਚ ਸਿਰੇ ਚੜ੍ਹਨ ਤੱਕ ਇਨ੍ਹਾਂ ਲੋਕਾਂ ਨੂੰ ਰਕਮ ਵਾਪਸ ਨਾ ਕੀਤੀ ਜਾਵੇ। ਆਮਦਨ ਟੈਕਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਮਦਨ ਸਰੋਤ ਮਾਮਲੇ ਉਤੇ ਇਨ੍ਹਾਂ ਵਿਅਕਤੀਆਂ ਦੇ ਨਾਲ ਇਸ ਦਾ ਸੇਕ ਰਸੂਖਵਾਨਾਂ ਨੂੰ ਵੀ ਲੱਗ ਸਕਦਾ ਹੈ। ਇਨ੍ਹਾਂ ਲੋਕਾਂ ਨੇ 18 ਕਰੋੜ ਰੁਪਏ ਰਕਮ ਪੰਜਾਬ ਸਰਕਾਰ ਕੋਲ ਜਮ੍ਹਾਂ ਕਰਵਾਈ ਸੀ, ਜੋ ਹੁਣ ‘ਜਾਮ’ ਕਰ ਲਈ ਜਾਵੇਗੀ।
ਪੰਜਾਬ ਦੇ ਮਾਈਨਿੰਗ ਵਿਭਾਗ ਦੇ ਡਾਇਰੈਕਟਰ ਕੁਮਾਰ ਰਾਹੁਲ ਨੇ ਆਮਦਨ ਟੈਕਸ ਵਿਭਾਗ ਤੋਂ ਚਿੱਠੀ ਮਿਲਣ ਦੀ ਪੁਸ਼ਟੀ ਕਰਦਿਆਂ ਇਸ ਬਾਰੇ ਹੋਰ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂਆਂ ਖਿਲਾਫ ਸ਼ਿਕੰਜਾ ਕੱਸਣਾ ਚਾਹੁੰਦੀ ਹੈ।