ਲੁਧਿਆਣਾ ਜ਼ਿਲ੍ਹੇ ਵਿੱਚ ਕਰਜ਼ਾ ਮੁਆਫੀ ਸਮਾਗਮ, 13 ਹਜ਼ਾਰ ਕਿਸਾਨਾਂ ਦਾ ਕਰਜ਼ਾ ਮੁਆਫ਼

ਲੁਧਿਆਣਾ, 9 ਮਈ, (ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦੇਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 13069 ਕਿਸਾਨਾਂ ਦਾ 88.02 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ। ਇਸ ਬਾਰੇ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਸਾਨਾਂ ਨੂੰ ਕਰਜ਼ਾ ਮੁਕਤੀ ਪ੍ਰਮਾਣ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ। ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਉਨ੍ਹਾ ਦੇ ਨਾਲ ਸਨ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਝੂਠਾ ਪ੍ਰਚਾਰ ਕਰ ਕੇ ਕਾਂਗਰਸ ਸਰਕਾਰ ਦੀ ਦਿੱਖ ਵਿਗਾੜਨ ਦਾ ਜ਼ੋਰ ਲਾ ਰਹੀਆਂ ਹਨ, ਪਰ ਸੱਚਾਈ ਇਹ ਹੈ ਕਿ ਅਕਾਲੀ-ਭਾਜਪਾ ਸਰਕਾਰ ਨੇ 10 ਸਾਲਾਂ ਵਿੱਚ ਕਿਸੇ ਵੀ ਵਰਗ ਦੀ ਭਲਾਈ ਦਾ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਕਿਸੇ ਕਿਸਾਨ ਦੀ ਫਸਲ ਮੰਡੀਆਂ ਵਿੱਚ ਨਹੀਂ ਰੁਲਣ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸਾਨ ਕਰਜ਼ਾ ਰਾਹਤ ਦਾ ਦੂਜਾ ਗੇੜ ਸ਼ੁਰੂ ਹੋ ਗਿਆ ਹੈ, ਜਿਸ ਹੇਠ ਸਹਿਕਾਰੀ ਬੈਂਕਾਂ ਤੋਂ ਇਲਾਵਾ ਰਾਸ਼ਟਰੀ ਬੈਂਕਾਂ ਦੇ ਕਰਜ਼ਦਾਰ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਹਾਲਾਤ ਦਾ ਧਿਆਨ ਵਿੱਚ ਰੱਖ ਕੇ ਸਮੇਂ ਦੀ ਹਾਣ ਦੀ ਖੇਤੀ ਲਈ ਤਕਨੀਕਾਂ ਨੂੰ ਅਪਨਾਉਣ, ਪਾਣੀ ਤੇ ਵਾਤਾਵਰਨ ਨੂੰ ਬਚਾਉਣ ਅਤੇ ਬੇਲੋੜੇ ਖਰਚੇ ਘਟਾਉਣ ਦੇ ਯਤਨ ਕਰਨ।