ਲੰਡਨ ਦੇ ਮੇਅਰ ਨੇ ਕਿਹਾ: ਬ੍ਰਿਟੇਨ ਸਰਕਾਰ ਜੱਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਮੁਆਫ਼ੀ ਮੰਗੇ


ਅੰਮ੍ਰਿਤਸਰ, 6 ਦਸੰਬਰ, (ਪੋਸਟ ਬਿਊਰੋ)- ਬ੍ਰਿਟੇਨ ਦੀ ਰਾਜਧਾਨੀ ਲੰਡਨ ਦੇ ਮੇਅਰ ਸਾਦਿਕ ਖਾਨ ਨੇ ਜੱਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ 13 ਅਪਰੈਲ 1919 ਨੂੰ ਹੋਏ ਇਸ ਖੂਨੀ ਕਾਂਡ ਲਈ ਹੁਣ ਬ੍ਰਿਟੇਨ ਦੀ ਸਰਕਾਰ ਨੂੰ ਭਾਰਤੀ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਅੱਜ ਏਥੇ ਜੱਲ੍ਹਿਆਂਵਾਲਾ ਬਾਗ ਦਾ ਦੌਰਾ ਕਰਨ ਵੇਲੇ ਇਸ ਦੇ ਇਤਿਹਾਸ ਨੂੰ ਪੜ੍ਹਨ ਪਿੱਛੋਂ ਸਾਦਿਕ ਖਾਨ ਨੇ ਕਿਹਾ ਕਿ ਓਦੋਂ ਬ੍ਰਿਟਿਸ਼ ਸਾਮਰਾਜ ਦੇ ਅਫ਼ਸਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਸੈਂਕੜੇ ਲੋਕਾਂ ਦਾ ਮਾਰੇ ਜਾਣਾ ਬੇਹੱਦ ਦੁਖਦਾਈ ਹੈ। ਯਾਤਰੂਆਂ ਲਈ ਰੱਖੀ ਗਈ ਕਿਤਾਬ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦੇ ਵਕਤ ਉਨ੍ਹਾਂ ਨੇ ਕਿਹਾ ਕਿ ਬ੍ਰਿਟਿਸ਼ ਸਾਮਰਾਜ ਦੀ ਇਹ ਕਾਰਵਾਈ ਮੰਦ-ਭਾਗੀ ਸੀ, ਜਿਸ ਲਈ ਮੁਆਫੀ ਮੰਗੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸ਼ਹੀਦੀ ਖੂਹ ਕੋਲ ਕੁਝ ਪਲ ਬਿਤਾਏ ਤੇ ਉਸ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਸ਼ਹੀਦੀ ਮੈਮੋਰੀਅਲ ਉੱਤੇ ਫੁੱਲ ਭੇਟ ਕੀਤੇ ਅਤੇ ਸ਼ਹੀਦੀ ਲਾਟ ਦੇ ਕੋਲ ਇਕ ਮਿੰਟ ਮੌਨ ਰਹਿ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਪਹਿਲਾਂ ਅੱਜ ਸਵੇਰੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਗੁਰੂ ਘਰ ਪੁੱਜਣ ਉੱਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵੀ ਗਏ, ਜਿਥੇ ਉਨ੍ਹਾਂ ਨੇ ਸੰਕੇਤਕ ਸੇਵਾ ਕੀਤੀ ਤੇ ਲੰਗਰ ਛਕਿਆ। ਫਿਰ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਅਪਰੇਸ਼ਨ ਬਲਿਊ ਸਟਾਰ ਬਾਰੇ ਜਾਣਕਾਰੀ ਦਿੱਤੀ ਅਤੇ ਸ੍ਰੀ ਅਕਾਲ ਤਖ਼ਤ ਨੇੜੇ ਡਿਉਢੀ ਦੇ ਦਰਵਾਜ਼ੇ ਉੱਤੇ ਗੋਲੀਆਂ ਦੇ ਨਿਸ਼ਾਨ ਦਿਖਾਏ। ਸੂਚਨਾ ਕੇਂਦਰ ਵਿੱਚ ਉਨ੍ਹਾਂ ਨੂੰ ਲੋਈ, ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਸਾਦਿਕ ਖਾਨ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦਾ ਮਹਾਨ ਧਾਰਮਿਕ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਨਤ ਮਸਤਕ ਹੁੰਦੇ ਹਨ। ਉਨ੍ਹਾਂ ਨੂੰ ਇਥੇ ਆ ਕੇ ਮਾਨਸਿਕ ਸਕੂਨ ਮਿਲਿਆ ਹੈ। ਉਨ੍ਹਾਂ ਨੇ ਬ੍ਰਿਟੇਨ ਦੀ ਤਰੱਕੀ ਵਿੱਚ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਲੰਡਨ ਦੇ ਮੇਅਰ ਵੱਲੋਂ ਜੱਲ੍ਹਿਆਂਵਾਲਾ ਬਾਗ ਕਾਂਡ ਲਈ ਬ੍ਰਿਟੇਨ ਸਰਕਾਰ ਨੂੰ ਮੁਆਫੀ ਮੰਗਣ ਦਾ ਸੁਝਾਅ ਦੇਣ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਬ੍ਰਿਟਿਸ਼ ਸਰਕਾਰ ਮੁਆਫੀ ਮੰਗੇਗੀ ਤਾਂ ਇਸ ਨਾਲ ਬ੍ਰਿਟੇਨ ਤੇ ਭਾਰਤ ਦੇ ਰਿਸ਼ਤੇ ਹੋਰ ਮਜ਼ਬੂਤ ਹੋਣਗੇ। ਇਹ ਭਾਰਤੀਆਂ ਦੇ ਜ਼ਖ਼ਮਾਂ ਉੱਤੇ ਮੱਲ੍ਹਮ ਲਾਉਣ ਵਾਂਗ ਹੋਵੇਗਾ। ਵਰਨਣ ਯੋਗ ਹੈ ਕਿ ਫਰਵਰੀ 2013 ਵਿੱਚ ਇਥੋਂ ਦੇ ਦੌਰੇ ਦੌਰਾਨ ਬ੍ਰਿਟੇਨ ਦੇ ਤਤਕਾਲੀ ਪ੍ਰਧਾਨ ਮੰਤਰੀ ਡੇਵਿਡ ਕੈਮਰੌਨ ਨੇ ਜੱਲ੍ਹਿਆਂਵਾਲਾ ਬਾਗ ਕਾਂਡ ਨੂੰ ਬ੍ਰਿਟੇਨ ਦੇ ਇਤਿਹਾਸ ਦੀ ਸ਼ਰਮਨਾਕ ਕਾਰਵਾਈ ਦੱਸਿਆ ਸੀ।