ਸਕੂਲੀ ਸਿਲੇਬਸ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖੀ ਬਾਰੇ ਚੈਪਟਰ ਕੱਢਣ ਦਾ ਵਿਵਾਦ ਹੋਰ ਭਖਿਆ


* ਮੁੱਖ ਮੰਤਰੀ ਨੇ ਸਾਰੇ ਵਿਵਾਦ ਦੇ ਵੇਰਵੇ ਜਾਰੀ ਕੀਤੇ
ਚੰਡੀਗੜ੍ਹ, 30 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਮੁੱਦੇ ਉੱਤੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲੈਂਦੇ ਹੋਏ ਸਭ ਦੋਸ਼ ਸਿਰੇ ਤੋਂ ਰੱਦ ਕਰ ਦਿੱਤੇ ਹਨ। ਉਨ੍ਹਾਂ ਨੇ ਵਿਰੋਧੀ ਧਿਰ ਨੂੰ ਸੰਵੇਦਨਸ਼ੀਲ ਤੇ ਧਾਰਮਿਕ ਭਾਵਨਾਵਾਂ ਨਾਲ ਜੁੜੇ ਮੁੱਦੇ ਉੱਤੇ ਸਿਆਸਤ ਕਰ ਕੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ਦੀ ਸਖ਼ਤ ਆਲੋਚਨਾ ਵੀ ਕੀਤੀ ਹੈ।
ਮੁੱਖ ਮੰਤਰੀ ਨੇ ਅਮਰਿੰਦਰ ਸਿੰਘ ਨੇ ਅਕਾਲੀ ਲੀਡਰਸਿ਼ਪ ਉੱਤੇ ਕੇਸ ਦੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਸਰਕਾਰ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਅਤੇ ਆਮ ਆਦਮੀ ਪਾਰਟੀ (ਆਪ) ਦੀ ਵੀ ਨਿਖੇਧੀ ਕੀਤੀ ਤੇ ਇਸ ਸੰਬੰਧ ਵਿੱਚ ਸਾਰੇ ਵੇਰਵੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਅਕਾਲੀ ਸਰਕਾਰ ਦੇ ਦੌਰਾਨ ਨੈਸ਼ਨਲ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨ ਸੀ ਈ ਆਰ ਟੀ) ਵੱਲੋਂ ਸਿਲੇਬਸ ਮੁੜ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਤੇ ਨਵੀਂ ਸਰਕਾਰ ਦੇ ਸੱਤਾ ਵਿੱਚ ਆਉਣ ਪਿੱਛੋਂ ਇਸ ਮੁੱਦੇ ਉੱਤੇ ਚਰਚਾ ਵਿੱਚ ਸ਼੍ਰੋਮਣੀ ਕਮੇਟੀ ਵੀ ਸ਼ਾਮਲ ਸੀ। ਇਸ ਪ੍ਰਕਿਰਿਆ ਹੇਠ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਇਤਿਹਾਸ ਦਾ ਸਿਲੇਬਸ ਨੂੰ ਮੁੜ ਤਿਆਰ ਕਰਨ ਦੀ ਚਰਚਾ ਲਈ 9 ਜਨਵਰੀ 2014 ਨੂੰ ਅਕਾਲੀ-ਭਾਜਪਾ ਸਰਕਾਰ ਨੇ ਮਾਹਿਰਾਂ ਦੀ ਕਮੇਟੀ ਕਾਇਮ ਕਰਨ ਦਾ ਪ੍ਰਸਤਾਵ ਰੱਖਿਆ ਅਤੇ ਫਿਰ ਇਸ ਉੱਤੇ ਚਰਚਾ ਲਈ ਕਮੇਟੀ ਨੇ ਕਈ ਮੀਟਿੰਗਾਂ ਦੌਰਾਨ ਡਾਇਰੈਕਟਰ ਐਨ ਸੀ ਈ ਆਰ ਟੀ ਤੋਂ ਵੀ ਜਾਣਕਾਰੀ ਲਈ ਸੀ। ਮਾਰਚ 2014 ਵਿੱਚ ਇਹ ਸਿਲੇਬਸ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਅਪਲੋਡ ਕਰ ਦਿੱਤਾ ਤੇ ਸਾਲ 2015 ਵਿੱਚ ਨੌਵੀਂ ਜਮਾਤ ਦੇ ਸਿਲੇਬਸ ਨੂੰ ਅੰਤਿਮ ਰੂਪ ਦੇਣ ਪਿੱਛੋਂ ਸ਼੍ਰੋਮਣੀ ਕਮੇਟੀ ਨੇ ਕੁਝ ਇਤਰਾਜ਼ ਕੀਤਾ ਸੀ। ਫਿਰ ਸਿਲੇਬਸ ਨੂੰ ਮੁੜ ਘੋਖਣ ਪਿੱਛੋਂ 2016 ਵਿੱਚ ਬੋਰਡ ਵੱਲੋਂ 9ਵੀਂ ਅਤੇ 10ਵੀਂ ਜਮਾਤਾਂ ਲਈ ਕਿਤਾਬਾਂ ਛਪਵਾਈਆਂ ਅਤੇ 11ਵੀਂ-12ਵੀਂ ਜਮਾਤਾਂ ਲਈ ਕਿਤਾਬਾਂ ਸਾਲ 2018 ਵਿੱਚ ਛਪਵਾਉਣ ਦਾ ਫ਼ੈਸਲਾ ਵੀ ਓਦੋਂ ਕੀਤਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਕਮਾਨ ਸੰਭਾਲਣ ਪਿੱਛੋਂ ਉਨ੍ਹਾਂ ਦੀ ਸਰਕਾਰ ਨੇ ਇਤਿਹਾਸ ਦੇ ਵਿਸ਼ੇ ਬਾਰੇ ਮੁੜ ਤਿਆਰ ਲਈ ਵਿਚਾਰ ਲਈ ਮਾਰਚ 2017 ਵਿੱਚ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਨੂੰ ਲਿਖਿਆ ਸੀ ਤੇ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਪਰਮਵੀਰ ਸਿੰਘ ਨੂੰ ਇਹ ਜ਼ਿੰਮਾ ਦਿੱਤਾ ਸੀ, ਜਿਹੜੇ ਸਾਰੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਏ ਸਨ। ਮੁੱਖ ਮੰਤਰੀ ਨੇ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵੱਲੋਂ ਰਾਜਸੀ ਹਿੱਤਾਂ ਲਈ ਇਸ ਮਸਲੇ ਉੱਤੇ ਅਸਲ ਤੱਥ ਛੁਪਾਉਣ ਲਈ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਇਤਿਹਾਸ ਦੀਆਂ ਕਿਤਾਬਾਂ ਵਿੱਚੋਂ ਸਿੱਖ ਗੁਰੂਆਂ ਬਾਰੇ ਚੈਪਟਰ ਗਾਇਬ ਕਰਨ ਦੇ ਸਾਰੇ ਦੋਸ਼ ਝੂਠੇ ਹੀ ਲਾਏ ਗਏ ਹਨ।
ਇਸ ਦੇ ਨਾਲ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਮੁੜ ਤਿਆਰ ਕੀਤੇ ਗਏ ਸਿਲੇਬਸ ਵਿੱਚ ਸਿੱਖ ਗੁਰੂਆਂ ਬਾਰੇ ਸਾਰਾ ਇਤਿਹਾਸ ਬਗ਼ੈਰ ਕਾਂਟ-ਛਾਂਟ ਤੋਂ ਸ਼ਾਮਲ ਕੀਤਾ ਗਿਆ ਹੈ ਤੇ ਮੁੜ ਤਿਆਰੀ ਪਿੱਛੋਂ 11ਵੀਂ ਜਮਾਤ ਵਿੱਚ ਗੁਰੂ ਨਾਨਕ ਦੇਵ ਜੀ ਤੋਂ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਇਤਹਾਸ ਦੇ ਨਾਲ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦਾ ਇਤਿਹਾਸ ਉਨ੍ਹਾਂ ਦੀ ਨਿੱਜੀ ਸਿਫ਼ਾਰਸ਼ ਉੱਤੇ ਸ਼ਾਮਲ ਕੀਤਾ ਗਿਆ ਹੈ। ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਉੱਤੇ ਸਾਰਾ ਸਿੱਖ ਇਤਿਹਾਸ ਪੜ੍ਹਾਏ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਬੋਰਡ ਜਾਂ ਯੂਨੀਵਰਸਿਟੀ ਵੱਲੋਂ ਸਿਲੇਬਸ ਦਾ ਵਿਸ਼ਾ-ਵਸਤੂ ਆਧਾਰ ਤਿਆਰ ਕੀਤਾ ਜਾਂਦਾ ਹੈ, ਚੈਪਟਰਾਂ ਅਨੁਸਾਰ ਨਹੀਂ। ਉਨ੍ਹਾਂ ਕਿਹਾ ਕਿ ਚੈਪਟਰ ਹਰ ਪ੍ਰਕਾਸ਼ਕ ਤੇ ਪ੍ਰਿੰਟਰ ਵੱਲੋਂ ਆਪਣੀ ਪਸੰਦ ਤੇ ਸੌਖ ਮੁਤਾਬਕ ਬਣਾਏ ਜਾਂਦੇ ਹਨ।
ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫੈਸਲਾ ਕੀਤਾ ਹੈ ਕਿ ਗਿਆਰਵੀਂ ਦੀ ਇਤਿਹਾਸ ਦੀ ਪੁਸਤਕ ਨੂੰ ਵੈੱਬਸਾਈਟ ਉੱਤੇ ਅਪਲੋਡ ਕੀਤਾ ਜਾਵੇਗਾ। ਇਹ ਵਿਰੋਧੀ ਪਾਰਟੀਆਂ ਵੱਲੋਂ ਸਕੂਲ ਬੋਰਡ ਦੀ ਬਾਰ੍ਹਵੀਂ ਦੀ ਇਤਿਹਾਸ ਦੀ ਕਿਤਾਬ ਵਿੱਚੋਂ ਸਿੱਖ ਗੁਰੂਆਂ ਨਾਲ ਸਬੰਧਤ ਚੈਪਟਰ ਹਟਾਉਣ ਦੇ ਦੋਸ਼ਾਂ ਕਾਰਨ ਕੀਤਾ ਜਾ ਰਿਹਾ ਹੈ, ਤਾਂ ਕਿ ਇਸ ਸੰਬੰਧ ਵਿੱਚ ਹਰ ਗੱਲ ਦੀ ਸਪੱਸ਼ਟਤਾ ਲੋਕਾਂ ਦੇ ਸਾਹਮਣੇ ਆ ਸਕੇ ਕਿ ਕੋਈ ਚੈਪਟਰ ਹਟਾਇਆ ਨਹੀਂ ਗਿਆ।