ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਕਰਨ ਲਈ ਤਿੰਨ ਮੈਂਬਰੀ ਨਵੀਂ ਵਿਸ਼ੇਸ਼ ਟੀਮ ਬਣਾਈ ਗਈ

ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ ਐਨ ਢੀਂਗਰਾ

* ਜਸਟਿਸ ਢੀਂਗਰਾ ਦੀ ਅਗਵਾਈ ਵਾਲੀ ਟੀਮ ਵਿੱਚ ਰਾਜਦੀਪ ਗਿੱਲ ਵੀ ਸ਼ਾਮਲ
ਨਵੀਂ ਦਿੱਲੀ, 11 ਜਨਵਰੀ, (ਪੋਸਟ ਬਿਊਰੋ)- ਦਿੱਲੀ ਦੇ 1984 ਦੇ ਸਿੱਖ ਕਤਲੇਆਮ ਦੇ ਜਿਹੜੇ 186 ਕੇਸਾਂ ਦੀ ਅੱਗੇ ਦੀ ਜਾਂਚ ਲਈ ਇੱਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ, ਉਸ ਬਾਰੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾ ਦਿੱਤੀ ਗਈ ਹੈ, ਜਿਸ ਦੇ ਮੁਖੀ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ ਐਨ ਢੀਂਗਰਾ ਹੋਣਗੇ। ਸਿੱਟ ਦੇ ਦੂਸਰੇ ਦੋ ਮੈਂਬਰਾਂ ਵਿੱਚ ਹਿਮਾਚਲ ਪ੍ਰਦੇਸ਼ ਦੇ 2006 ਬੈਚ ਦੇ ਮੌਜੂਦਾ ਆਈ ਪੀ ਐਸ ਅਫ਼ਸਰ ਅਭਿਸ਼ੇਕ ਦੁੱਲਾਰ ਅਤੇ ਪੰਜਾਬ ਦੇ ਡੀ ਜੀ ਪੀ ਰੈਂਕ ਦੇ ਸੇਵਾਮੁਕਤ ਅਫਸਰ ਰਾਜਦੀਪ ਸਿੰਘ ਗਿੱਲ ਸ਼ਾਮਲ ਕੀਤੇ ਗਏ ਹਨ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਵਿਸ਼ੇਸ਼ ਜਾਂਚ ਟੀਮ ਨੂੰ ਦੋ ਮਹੀਨਿਆਂ ਵਿੱਚ ਸਟੇਟਸ ਰਿਪੋਰਟ ਦੇਣ ਲਈ ਕਿਹਾ ਹੈ। ਇਸ ਕੇਸ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।
ਵਰਨਣ ਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪਿਛਲੀ ਵਿਸ਼ੇਸ਼ ਜਾਂਚ ਟੀਮ ਨੇ 186 ਕੇਸਾਂ ਦੀ ਅੱਗੇ ਜਾਂਚ ਨਹੀਂ ਕੀਤੀ ਅਤੇ ਇਨ੍ਹਾਂ ਕੇਸਾਂ ਨੂੰ ਬੰਦ ਕਰਨ ਦੀ ਰਿਪੋਰਟ ਪੇਸ਼ ਕਰ ਦਿੱਤੀ ਸੀ, ਇਸ ਕਰ ਕੇ ਹਾਈ ਕੋਰਟ ਦੇ ਸਾਬਕਾ ਜੱਜ ਤੇ ਦੋ ਪੁਲੀਸ ਅਫਸਰਾਂ ਉੱਤੇ ਆਧਾਰਿਤ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਹਦਾਇਤ ਕੀਤੀ ਗਈ ਸੀ। ਕੇਂਦਰੀ ਗ੍ਰਹਿ ਮੰਤਰਾਲੇ ਤੇ ਪਟੀਸ਼ਨਰਾਂ ਦੇ ਵਕੀਲ ਜੀ ਐਸ ਕਾਹਲੋਂ ਵੱਲੋਂ ਵਿਸ਼ੇਸ਼ ਜਾਂਚ ਟੀਮ ਮੈਂਬਰਾਂ ਦੇ ਨਾਵਾਂ ਉੱਤੇ ਸਹਿਮਤੀ ਦਿੱਤੇ ਜਾਣ ਪਿੱਛੋਂ ਸੁਪਰੀਮ ਕੋਰਟ ਨੇ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ।
ਇਸ ਤੋਂ ਪਹਿਲਾਂ ਬਣਾਈ ਗਈ ਜਾਂਚ ਕਮੇਟੀ, ਜਿਸ ਨੇ ਰਿਪੋਰਟ ਦੇ ਦਿੱਤੀ ਸੀ, ਵਿੱਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਜੇ ਐਮ ਪਾਂਚਾਲ ਅਤੇ ਜਸਟਿਸ ਕੇ ਐਸ ਪੀ ਰਾਧਾਕ੍ਰਿਸ਼ਨਨ ਸ਼ਾਮਲ ਸਨ। ਇਹ ਕਮੇਟੀ ਸੁਪਰੀਮ ਕੋਰਟ ਨੇ ਪਿਛਲੇ ਸਾਲ 16 ਅਗਸਤ ਨੂੰ ਬਣਾਈ ਸੀ, ਜਦੋਂ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਕਤਲੇਆਮ ਦੇ 241 ਕੇਸ ਬੰਦ ਕਰਨ ਦਾ ਫ਼ੈਸਲਾ ਕੀਤਾ ਸੀ। ਕੇਂਦਰ ਸਰਕਾਰ ਨੇ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ 250 ਕੇਸਾਂ ਦੀ ਜਾਂਚ ਪਿੱਛੋਂ ਇਨ੍ਹਾਂ ਵਿੱਚੋਂ 241 ਕੇਸ ਬੰਦ ਕਰਨ ਦੀ ਰਿਪੋਰਟ ਦਿੱਤੀ ਹੈ। ਉਨ੍ਹਾਂ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ 9 ਕੇਸਾਂ ਦੀ ਅਜੇ ਵੀ ਜਾਂਚ ਚੱਲ ਰਹੀ ਹੈ ਅਤੇ ਦੋ ਕੇਸਾਂ ਦੀ ਜਾਂਚ ਸੀ ਬੀ ਆਈ ਕਰ ਰਹੀ ਹੈ। ਸੁਪਰੀਮ ਕੋਰਟ ਨੇ 24 ਮਾਰਚ 2017 ਨੂੰ ਕੇਂਦਰ ਨੂੰ ਕਿਹਾ ਸੀ ਕਿ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ 199 ਕੇਸਾਂ ਨੂੰ ਬੰਦ ਕਰਨ ਦੀਆਂ ਫਾਈਲਾਂ ਉਨ੍ਹਾਂ ਨੂੰ ਸੌਂਪੀਆਂ ਜਾਣ। ਇਸ ਜਾਂਚ ਟੀਮ ਦੀ ਅਗਵਾਈ 1986 ਬੈਚ ਦੇ ਆਈ ਪੀ ਐਸ ਅਫ਼ਸਰ ਪ੍ਰਮੋਦ ਅਸਥਾਨਾ ਨੇ ਕੀਤੀ ਸੀ ਤੇ ਟੀਮ ਵਿੱਚ ਸੇਵਾ ਮੁਕਤ ਸੈਸ਼ਨ ਜੱਜ ਰਾਕੇਸ਼ ਕਪੂਰ ਅਤੇ ਦਿੱਲੀ ਪੁਲੀਸ ਦੇ ਇੱਕ ਵਧੀਕ ਡਿਪਟੀ ਕਮਿਸ਼ਨਰ ਕੁਮਾਰ ਗਿਆਨੇਸ਼ ਸ਼ਾਮਲ ਸਨ। ਕੇਸ ਦੇ ਪਟੀਸ਼ਨਰ ਗੁਰਲਾਡ ਸਿੰਘ ਕਾਹਲੋਂ ਨੇ ਅਦਾਲਤ ਨੂੰ ਕਿਹਾ ਸੀ ਕਿ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਕਤਲੇਆਮ ਦੇ ਕੁੱਲ 293 ਕੇਸਾਂ ਦੀ ਜਾਂਚ ਕੀਤੀ ਤੇ ਪੜਤਾਲ ਪਿੱਛੋਂ 199 ਕੇਸ ਬੰਦ ਕਰਨ ਦਾ ਫ਼ੈਸਲਾ ਲਿਆ ਸੀ।
ਹੁਣ ਨਵੀਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਸੇਵਾ ਮੁਕਤ ਜਸਟਿਸ ਐਸ ਐਨ ਢੀਂਗਰਾ ਨੇ ਸਾਲ 2001 ਵਿੱਚ ਪਾਰਲੀਮੈਂਟ ਉੱਤੇ ਹੋਏ ਹਮਲੇ ਸਮੇਤ ਕਈ ਚਰਚਿਤ ਕੇਸਾਂ ਦੀ ਸੁਣਵਾਈ ਕੀਤੀ ਹੋਈ ਹੈ। ਪਿੱਛੇ ਜਿਹੇ ਉਹ ਉਸ ਵੇਲੇ ਵੀ ਖਬਰਾਂ ਵਿੱਚ ਆਏ ਸਨ, ਜਦੋਂ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰੌਬਰਟ ਵਾਡਰਾ ਦੀ ਭਾਈਵਾਲੀ ਵਾਲੇ ਹਰਿਆਣਾ ਦੇ ਜ਼ਮੀਨ ਘੁਟਾਲੇ ਦੀ ਉਨ੍ਹਾਂ ਨੇ ਜਾਂਚ ਕੀਤੀ ਸੀ। ਹੇਠਲੀ ਅਦਾਲਤ ਵਿੱਚ ਸਿੱਖ ਕਤਲੇਆਮ ਦੇ ਕੇਸਾਂ ਦੀ ਸੁਣਵਾਈ ਵੀ ਜਸਟਿਸ ਢੀਂਗਰਾ ਨੇ ਕੀਤੀ ਸੀ। ਇਨ੍ਹਾਂ ਵਿੱਚੋਂ ਕਰੀਬ 16 ਕੇਸਾਂ ਵਿੱਚ ਦੋਸ਼ੀਆਂ ਨੂੰ ਸਜ਼ਾ ਹੋ ਚੁੱਕੀ ਹੈ। ਕੇਸਾਂ ਨਾਲ ਜੁੜੇ ਇਕ ਵਕੀਲ ਦਾ ਕਹਿਣਾ ਹੈ ਕਿ ਜਸਟਿਸ ਢੀਂਗਰਾ ਨੇ 1990 ਵਿੱਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿੱਚ ਹੋਏ ਕਤਲ ਦੇ ਮੁੱਖ ਦੋਸ਼ੀ ਕਿਸ਼ੋਰੀ ਲਾਲ ਅਤੇ ਹੋਰਨਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਕਿਸ਼ੋਰੀ ਲਾਲ ਦੀ ਸਜ਼ਾ ਬਹਾਲ ਰੱਖੀ ਸੀ, ਪਰ ਸੁਪਰੀਮ ਕੋਰਟ ਨੇ ਉਸ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ।