Welcome to Canadian Punjabi Post
Follow us on

28

March 2024
 
ਪੰਜਾਬ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰੇਲ ਹਾਦਸੇ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ

October 22, 2018 08:10 AM

ਅੰਮ੍ਰਿਤਸਰ, 21 ਅਕਤੂਬਰ, (ਪੋਸਟ ਬਿਊਰੋ)- ਇਸ ਮਹਾਨਗਰ ਦੇ ਜੌੜਾ ਫਾਟਕ ਨੇੜੇ ਬੀਤੇ ਦਿਨ ਵਾਪਰੇ ਰੇਲ ਹਾਦਸੇ `ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਜ਼ਖ਼ਮੀਆਂ ਦਾ ਹਾਲ ਪੁੱਛਣ ਆਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਜਾਂਚ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਇਹ ਜਾਂਚ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਦੀ ਅਗਵਾਈ ਹੇਠ ਚਾਰ ਹਫ਼ਤਿਆਂ ਵਿੱਚ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸਭ ਸਿਆਸੀ ਪਾਰਟੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਇਸ ਹਾਦਸੇ ਬਾਰੇ ਸਿਆਸਤ ਛੱਡ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਪੀੜਤਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਰੇਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 59 ਤੇ ਜ਼ਖਮੀਆਂ ਦੀ ਗਿਣਤੀ 57 ਹੈ। ਉਨ੍ਹਾਂ ਅੰਮ੍ਰਿਤਸਰ ਵਿੱਚ ਤਿੰਨ ਰੋਜ਼ਾ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਘਟਨਾ ਸਥਾਨ ਅਤੇ ਵੱਖ ਵੱਖ ਹਸਪਤਾਲਾਂ ਵਿੱਚ ਜ਼ਖ਼ਮੀਆਂ ਦਾ ਹਾਲ ਪੁੱਛਣ ਮਗਰੋਂ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਵੇਲੇ ਉਨ੍ਹਾਂ ਨੇ ਕਿਹਾ ਕਿ ਦਸਹਿਰੇ ਦੇ ਤਿਉਹਾਰ ਮੌਕੇ ਹੋਏ ਇਸ ਹਾਦਸੇ ਦੀ ਜਾਂਚ ਲਈ ਆਦੇਸ਼ ਦਿੱਤੇ ਹਨ ਅਤੇ ਜਾਂਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ। ਇਹ ਜਾਂਚ ਚਾਰ ਹਫ਼ਤਿਆਂ `ਚ ਮੁਕੰਮਲ ਕਰਨ ਨੂੰ ਆਖਿਆ ਗਿਆ ਹੈ। ਘਟਨਾ ਲਈ ਜ਼ਿੰਮੇਵਾਰ ਲੋਕਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਦੋਸ਼ੀ ਅਤੇ ਜ਼ਿੰਮੇਵਾਰ ਵਿਅਕਤੀਆਂ ਬਾਰੇ ਘਟਨਾ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ।
ਬਹੁਤ ਸਾਰੇ ਲੋਕਾਂ ਵੱਲੋਂ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੂੰ ਦੋਸ਼ੀ ਠਹਿਰਾਏ ਜਾਣ ਦੇ ਸਵਾਲ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਤੋਂ ਪਹਿਲਾਂ ਉਹ ਕਿਸੇ ਬਾਰੇ ਕੁਝ ਨਹੀਂ ਕਹਿ ਸਕਦੇ, ਜਾਂਚ ਵਿੱਚ ਜੋ ਜ਼ਿੰਮੇਵਾਰ ਨਿਕਲ ਆਇਆ, ਉਸ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲਾਇਆ ਜਾਵੇਗਾ ਕਿ ਜਿਸ ਥਾਂ ਦਸਹਿਰਾ ਮਨਾਇਆ ਗਿਆ, ਉਸ ਦੀ ਅਗਾਊਂ ਪ੍ਰਵਾਨਗੀ ਲਈ ਗਈ ਸੀ ਜਾਂ ਨਹੀਂ। ਰੇਲ ਵਿਭਾਗ ਬਾਰੇ ਉਨ੍ਹਾਂ ਆਖਿਆ ਕਿ ਇਸ ਦੀ ਜਾਂਚ ਰੇਲ ਵਿਭਾਗ ਵੱਲੋਂ ਵੱਖਰੇ ਤੌਰ `ਤੇ ਕੀਤੀ ਜਾਵੇਗੀ।
ਏਡਾ ਵੱਡਾ ਦੁਖਾਂਤ ਵਾਪਰਨ ਤੋਂ 16 ਘੰਟੇ ਬਾਅਦ ਪੁੱਜਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਜ਼ਰਾਈਲ ਦੌਰੇ ਉੱਤੇ ਜਾ ਰਹੇ ਸਨ। ਜਦੋਂ ਘਟਨਾ ਵਾਪਰੀ ਤਾਂ ਉਹ ਦਿੱਲੀ ਹਵਾਈ ਅੱਡੇ ਉਤੇ ਸਨ, ਪਰ ਉਨ੍ਹਾਂ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਤੇ ਏਥੇ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੈਬਨਿਟ ਮੰਤਰੀਆਂ ਨੂੰ ਸਥਿਤੀ ਦਾ ਪਤਾ ਲਾਉਣ ਤੇ ਰਾਹਤ ਕਾਰਜ ਕਰਾਉਣ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਮਦਦ ਦਿੱਤੀ ਜਾਵੇਗੀ ਅਤੇ ਇਸ ਹਾਦਸੇ ਨਾਲ ਜਿਹੜੇ ਜ਼ਖਮੀ ਦੀ ਜ਼ਿੰਦਗੀ ਪ੍ਰਭਾਵਿਤ ਹੋਵੇਗੀ, ਉਸ ਨੂੰ 50 ਹਜ਼ਾਰ ਰੁਪਏ ਮਦਦ ਵਜੋਂ ਦਿੱਤੇ ਜਾਣਗੇ ਅਤੇ ਜ਼ਖ਼ਮੀਆਂ ਦਾ ਇਲਾਜ ਮੁਫਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਸਪਤਾਲ ਵਿੱਚ ਅਜਿਹੀਆਂ ਦੋ ਮਾਸੂਮ ਬੱਚੀਆਂ ਨੂੰ ਮਿਲੇ, ਜਿਨ੍ਹਾਂ ਦਾ ਸਾਰਾ ਪਰਿਵਾਰ ਇਸ ਘਟਨਾ ਵਿਚ ਮੌਤ ਦਾ ਸ਼ਿਕਾਰ ਹੋ ਗਿਆ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐਨ ਐਸ ਕਲਸੀ ਨੂੰ ਹੁਕਮ ਦਿੱਤੇ ਹਨ ਕਿ ਪੰਜਾਬ ਵਿੱਚ ਕਿਸੇ ਵੀ ਤ੍ਰਾਸਦੀ ਨੂੰ ਰੋਕਣ ਲਈ ਧਾਰਮਿਕ ਤੇ ਸਮਾਜਕ ਸਮਾਗਮ ਕਰਾਉਣ ਬਾਰੇ ਨਿਯਮ ਜਾਰੀ ਕੀਤੇ ਜਾਣ। ਉਨ੍ਹਾਂ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਆਦਿ ਦੇ ਸਪੱਸ਼ਟ ਨਿਰਦੇਸ਼ ਜਾਰੀ ਕਰਨ ਲਈ ਵੀ ਕਿਹਾ ਹੈ।
ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਤੇ ਯੂ ਐੱਨ ਓ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਅੰਮ੍ਰਿਤਸਰ `ਚ ਦਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਉੱਤੇ ਦੁੱਖ ਦਾ ਪ੍ਰਗਟ ਕਰਦਿਆਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ