ਅੰਮ੍ਰਿਤਸਰ। 1 ਅਪ੍ਰੈਲ (ਪੋਸਟ ਬਿਊਰੋ):ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ (67) ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੂੰ ਬੀਤੀ 30 ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ (ਐਸਜੀਆਰਡੀ) ਤੋਂ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਰੈਫ਼ਰ ਕੀਤਾ ਦਿੱਤਾ ਗਿਆ ਸੀ। ਉਦੋਂ ਉਨ੍ਹਾਂ 'ਚ ਕੋਰੋਨਾ ਵਾਇਰਸ (ਕੋਵਿਡ-19) ਦੇ ਲੱਛਣ ਪਾਏ ਗਏ ਹਨ। ਇਹ ਜਾਣਕਾਰੀ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਕਰੀਨਿੰਗ ਕਰਕੇ ਟੈਸਟਿੰਗ ਲਈ ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ 'ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਉਨ੍ਹਾਂ ਨੇ ਡਾਕਟਰਾਂ ਤੋਂ ਗੁਜ਼ਾਰਿਸ਼ ਕੀਤੀ ਸੀ ਕਿ ਉਨ੍ਹਾਂ ਦਾ ਟੈਸਟ ਕਰਵਾਇਆ ਜਾਵੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ। ਇੱਥੇ ਅੱਜ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।