* ਸੇਵਾਵਾਂ ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਰੱਦ ਹੋਣਗੇ
ਚੰਡੀਗੜ੍ਹ, 5 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਵਿੱਚ ਲੱਗੇ ਕਰਫਿਊ ਦੌਰਾਨ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦੇਸ਼ ਯਾਤਰਾਵਾਂ ਦੀ ਜਾਣਕਾਰੀ ਨਾ ਦੇਣ ਵਾਲੇ ਲੋਕਾਂ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜਿਨ੍ਹਾਂ ਨੇ ਪੁਲਸ ਤੇ ਸਿਹਤ ਵਿਭਾਗ ਤੋਂ ਯਾਤਰਾ ਬਾਰੇ ਤੱਥ ਲੁਕਾਏ ਹਨ, ਸਰਕਾਰ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰ ਲਵੇਗੀ।
ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਰਾਜ ਸਰਕਾਰ ਦੇ ਕੰਮ-ਕਾਜ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਸੇਵਾ ਮੁਕਤ ਹੋ ਰਹੇ ਮੁਲਾਜ਼ਮਾਂ ਦਾ ਸੇਵਾ ਕਾਲ ਤਿੰਨ ਮਹੀਨੇ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਤਜਵੀਜ਼ ਰਾਜ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਪੇਸ਼ ਕੀਤੀ ਸੀ, ਜਿਸ ਮਗਰੋਂ ਪ੍ਰਵਾਨਗੀ ਲਈ ਸਾਰੀ ਸੂਚੀ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਜਾਵੇਗੀ। ਕੋਰੋਨਾ ਦੇ ਖਿਲਾਫ ਇਸ ਜੰਗ ਵਿੱਚ ਮਹੱਤਵ ਪੂਰਨ ਰੋਲ ਅਦਾ ਕਰਨ ਵਾਲੇ ਵਰਗਾਂ ਦੇ ਵਿਸ਼ੇਸ਼ ਧੰਨਵਾਦ ਲਈ ਕੈਬਨਿਟ ਨੇ ਤਿੰਨ ਮਤੇ ਪਾਸ ਕੀਤੇ ਹਨ। ਮੁੱਖ ਮੰਤਰੀ ਨੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨਿਰਵਿਘਨ ਢੰਗ ਨਾਲ ਚਲਾਉਣ ਲਈ ਸਾਰੇ ਸੁਰੱਖਿਆ ਯੋਜਨਾ ਤਿਆਰ ਕਰਨ ਲਈ ਕਿਹਾ ਅਤੇ ਖਰੀਦ ਕੇਂਦਰਾਂ ਨੂੰ ਵੀ ਸੱਤ-ਅੱਠ ਅਪ੍ਰੈਲ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਹੈ।
ਪੰਜਾਬ ਸਰਕਾਰ ਨੇ ਅੱਜ ਕੋਰੋਨਾ ਦੇ ਖਿਲਾਫ ਲੜਾਈ ਵਿੱਚ ਅੱਗੇ ਹੋ ਕੇ ਲੜ ਰਹੇ ਪੁਲਸ ਵਾਲੇ ਅਤੇ ਸੈਨੀਟੇਸ਼ਨ ਵਰਕਰਾਂ ਲਈ ਪੰਜਾਹ-ਪੰਜਾਹ ਲੱਖ ਰੁਪਏ ਦਾ ਸਿਹਤ ਬੀਮਾ ਕਵਰ ਦੇਣ ਦਾ ਐਲਾਨ ਕੀਤਾ ਹੈ। ਕੁਝ ਨਿੱਜੀ ਹਸਪਤਾਲਾਂ ਵੱਲੋਂ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਨੇ ਅਜਿਹੇ ਹਸਪਤਾਲਾਂ ਉੱਤੇ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਕਰਨ ਵਾਲੇ ਹਸਪਤਾਲਾਂ ਦੇ ਲਾਇਸੈਂਸ ਸਿਹਤ ਵਿਭਾਗ ਨੂੰ ਰੱਦ ਕਰ ਦੇਣੇ ਚਾਹੀਦੇ ਹਨ।