Welcome to Canadian Punjabi Post
Follow us on

19

March 2024
 
ਪੰਜਾਬ

ਸ਼੍ਰੋਮਣੀ ਅਕਾਲੀ ਦਲ-ਭਾਜਪਾ ਵਫਦ ਨੇ ਰਾਜਪਾਲ ਤੋਂ ਕੈਪਟਨ ਸਰਕਾਰ ਦੀ ਬਰਖ਼ਾਸਤਗੀ ਮੰਗੀ

August 06, 2020 08:12 PM

-ਸੁਖਬੀਰ ਬਾਦਲ ਤੇ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਜਾਂ ਸੀ ਬੀ ਆਈ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ
-ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਸ਼ਾਮਲ ਸਾਰੇ ਕਾਂਗਰਸੀਆਂ ਤੋਂ ਕੀਤੀ ਕਮਾਈ ਵਸੂਲਣ ਤੇ ਇਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੁਰਕ ਦੀ ਵੀ ਕੀਤੀ ਮੰਗ
-ਵਫਦ ਨੇ ਪੀੜਤ ਪਰਿਵਾਰਾਂ ਵਲੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਸਮੇਤ ਜਿਹੜੇ ਕਾਂਗਰਸੀਆਂ ਦੇ ਨਾਂ ਲਏ, ਉਨ੍ਹਾਂ ਖਿਲਾਫ ਕਤਲ ਕੇਸ ਦਰਜ ਕਰਨ ਦੀ ਕੀਤੀ ਮੰਗ


ਚੰਡੀਗੜ੍ਹ, 6 ਅਗਸਤ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇਕ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ ਸੀ ਬੀ ਆਈ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ। ਵਫਦ ਨੇ ਇਹ ਵੀ ਮੰਗ ਕੀਤੀ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਕਾਂਗਰਸੀ ਆਗੂਆਂ ਵੱਲੋਂ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿਚ ਕਮਾਏ ਪੈਸੇ ਵਸੂਲੇ।
ਵਫਦ ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਕੀਤੀ, ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਗੈਰ ਕਾਨੂੰਨੀ ਸ਼ਰਾਬ ਦੇ ਵਪਾਰ ਵਿਚ ਸ਼ਾਮਲ ਸਾਰੇ ਦੋਸ਼ੀਆਂ ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟੀਲਰੀਆਂ ਤੋਂ ਸਪੀਰਿਟ ਤੇ ਈ ਐਨ ਏ ਦੀ ਸਪਲਾਈ ਰੋਕੀ ਜਾਵੇ। ਵਫਦ ਨੇ ਇਹ ਵੀ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਹਨਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ 'ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਹ ਵੀ ਅਪੀਲ ਕੀਤੀ ਕਿ 118 ਪੀੜਤ ਪਰਿਵਾਰ ਜੋ ਇਸ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਕਾਰਨ ਬੁਰੀ ਤਰਾਂ ਪ੍ਰਭਾਵਤ ਹੋਏ ਹਨ, ਦੇ ਮੁੜ ਵਸੇਬੇ ਦੇ ਪ੍ਰਬੰਧ ਕੀਤੇ ਜਾਣ।
ਵਫਦ, ਜਿਸਦੇ ਨਾਲ ਇਕ ਪੀੜਤ ਪਰਿਵਾਰ ਵੀ ਗਿਆ ਸੀ, ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਸਰਕਾਰੀ ਸਰਪ੍ਰਸਤੀ ਦਾ ਸਿੱਧਾ ਨਤੀਜਾ ਹੈ ਤੇ ਇਸੇ ਲਈ ਅੰਮ੍ਰਿਤਸਰ, ਤਰਨਤਾਰਨ ਤੇ ਗੁਰਦਾਸਪੁਰ ਜ਼ਿਲਿਆਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਨਾਲ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ। ਵਫਦ ਨੇ ਕਿਹਾ ਕਿ ਇਸ ਪੱਧਰ ਦੀ ਸ਼ਰਾਬ ਦੀ ਸਪਲਾਈ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਅਤੇ ਪੁਲਿਸ ਤੇ ਆਬਕਾਰੀ ਮੁਲਾਜ਼ਮਾਂ ਵਿਚਾਲੇ ਗੰਢਤੁਪ ਨਾਲ ਹੀ ਹੋਈ ਹੈ। ਪੀੜਤ ਪਰਿਵਾਰ ਦੀ ਮੈਂਬਰ ਕਮਲਜੀਤ ਕੌਰ ਨੇ ਰਾਜਪਾਲ ਨੂੰ ਦੱਸਿਆ ਕਿ ਜਦੋਂ ਤੋਂ ਉਸਨੇ ਖਡੂਰ ਸਾਹਿਬ ਦੇ ਵਿਧਾਇਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ, ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਸਨੇ ਕਿਹਾ ਕਿ ਉਸਨੂੰ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋਣ ਦੇ ਬਾਵਜੂਦ ਦੋ ਲੱਖ ਰੁਪਏ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਜਦਕਿ ਹੋਰਨਾਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਰਿਹਾ ਹੈ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਆਬਕਾਰੀ ਤੇ ਗ੍ਰਹਿ ਮੰਤਰੀ ਵਜੋਂ ਆਪਣੀ ਸੰਵਿਧਾਨਕ ਡਿਊਟੀ ਨਿਭਾਉਣ ਵਿਚ ਫੇਲ ਹੋ ਗਏ ਹਨ। ਉਹਨਾਂ ਨੇ ਰਾਜਪਾਲ ਨੂੰ ਦੱਸਿਆ ਕਿ ਰਾਜਪੁਰਾ ਤੇ ਖੰਨਾ ਵਿਖੇ ਫੜੀਆਂ ਗਈਆਂ ਦੋ ਡਿਸਟੀਲਰੀਆਂ ਕਮ ਬੋਟਲਿੰਗ ਪਲਾਂਟਾਂ ਦਾ ਖੁਲਾਸਾ ਹੋਣ ਦੇ ਬਾਵਜੂਦ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਦੋ ਕਾਂਗਰਸੀ ਵਿਧਾਇਕਾਂ ਮਦਨ ਲਾਲ ਜਲਾਲਪੁਰ ਅਤੇ ਹਰਦਿਆਲ ਸਿੰਘ ਕੰਬੋਜ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਇਹ ਦੋਵੇਂ ਹੀ ਮੁੱਖ ਦੋਸ਼ੀਆਂ ਦੀ ਸਰਪ੍ਰਸਤੀ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਵਾਰ ਵਾਰ ਬੇਨਤੀ ਕਰਨ ਦੇ ਬਾਵਜੂਦ ਈ ਡੀ ਨੂੰ ਫਾਈਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਸੰਕੇਤ ਦਿੱਤਾ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੈਸੇ ਦੀ ਹੋਈ ਵੰਡ ਸਾਹਮਣੇ ਆਵੇ।
ਵਫਦ ਨੇ ਕਿਹਾ ਕਿ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਜਿਹਨਾਂ ਦੀਆਂ ਡਿਸਟੀਲਰੀਆਂ ਤੋਂ ਸ਼ਰਾਬ ਦੀ ਸਮਗਲਿੰਗ ਕੀਤੇ ਜਾਣ ਤੇ ਈ ਐਨ ਏ ਤੇ ਡਿਨੇਚਰਡ ਸਪੀਰਿਟ ਮਾਰਕੀਟ ਵਿਚ ਗੈਰ ਕਾਨੂੰਨੀ ਤੌਰ 'ਤੇ ਵੇਚੇ ਜਾਣ ਦੇ ਦੋਸ਼ ਲੱਗੇ ਹਨ, ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਪਿੱਛੇ ਡਿਨੇਚਰਡ ਸਪੀਰਿਟ ਹੀ ਜ਼ਿੰਮੇਵਾਰ ਹੈ। ਵਫਦ ਨੇ ਕਿਹਾ ਕਿ ਪਹਿਲਾਂ ਸਰਨਾ ਪਰਿਵਾਰ ਦੀ ਖੰਡ ਮਿੱਲ ਵਿਚੋਂ ਦੋ ਟਰੱਕ ਭਰ ਕੇ ਨਜਾਇਜ਼ ਸ਼ਰਾਬ ਮਿਲੀ ਸੀ ਪਰ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ।
ਸੁਖਬੀਰ ਸਿੰਘ ਬਾਦਲ ਤੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਮਾਮਲੇ ਵਿਚ ਡਿਸਟੀਲਰੀਆਂ ਦੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਦੇਸੀ ਸ਼ਰਾਬ ਕੱਢਣ ਵਾਲਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਹਾਲਾਂਕਿ ਸਾਰੇ ਜਾਣਦੇ ਹਨ ਕਿ ਡਿਸਟੀਲਰੀਆਂ ਤੋਂ ਸਪਲਾਈ ਹੋਈ ਡਿਨੇਚਰਡ ਸਪੀਰਿਟ ਹੀ 118 ਮੌਤਾਂ ਦਾ ਕਾਰਨ ਹੈ। ਉਹਨਾਂ ਕਿਹਾ ਕਿ ਆਬਕਾਰੀ ਤੇ ਪੁਲਿਸ ਵਿਭਾਗ ਨੇ ਲੱਖਾਂ ਲੀਟਰ 'ਲਾਹਣ' ਫੜੀ ਹੈ ਜੋ ਦੇਸੀ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ ਹੈ ਤੇ ਇਹ ਸਵਾਲ ਉਠ ਰਹੇ ਹਨ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਇਹ ਛਾਪੇਮਾਰੀ ਕਿਉਂ ਨਹੀਂ ਕੀਤੀ ਗਈ।
ਵਫਦ ਨੇ ਕਿਹਾ ਕਿ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਕਾਰਨ ਸੂਬੇ ਦੇ ਖ਼ਜ਼ਾਨੇ ਨੂੰ ਪਹਿਲਾਂ ਹੀ 5600 ਕਰੋੜ ਰੁਪਏ ਦਾ ਘਾਟਾ ਪੈ ਚੁੱਕਾ ਹੈ। ਸਾਬਕਾ ਮੁੱਖ ਸਕੱਤਰ ਨੇ ਮੰਤਰੀਆਂ 'ਤੇ ਸੂਬੇ ਦੇ ਖ਼ਜ਼ਾਨੇ ਨੂੰ ਘਾਟਾ ਪਾਉਣ ਦੇ ਦੋਸ਼ ਲਾਏ ਸਨ ਪਰ ਸਰਕਾਰ ਨੇ ਦੋਹਾਂ ਧਿਰਾਂ ਵਿਚਾਲੇ ਸਮਝੌਤਾ ਕਰਵਾ ਦਿੱਤਾ। ਉਹਨਾਂ ਦੱਸਿਆ ਕਿ ਲਾਕ ਡਾਊਨ ਦੌਰਾਨ ਰਾਤ ਦੇ ਕਰਫਿਊ ਵਿਚ ਇਸ ਕਰ ਕੇ ਵਾਧਾ ਕੀਤਾ ਗਿਆ ਤਾਂ ਕਿ ਨਜਾਇਜ਼ ਸ਼ਰਾਬ ਆਸਾਨੀ ਨਾਲ ਇਕ ਥਾਂ ਤੋਂ ਦੂਜੀ ਥਾਂ 'ਤੇ ਲਿਜਾਈ ਜਾ ਸਕੇ।
ਵਫਦ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।
ਇਸ ਦੌਰਾਨ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੀ ਨਿਸ਼ਾਨੇ 'ਤੇ ਲਾਏ ਤੇ ਕਿਹਾ ਕਿ ਸੁਨੀਲ ਜਾਖੜ ਤੇ ਰਾਹੁਲ ਗਾਂਧੀ ਦੋਵੇਂ ਇਸ ਕਰ ਕੇ ਚੁੱਪ ਹਨ ਕਿਉਂਕਿ ਗੈਰ ਸ਼ਰਾਬ ਦੇ ਇਸ ਧੰਦੇ ਵਿਚੋਂ ਇਹਨਾਂ ਨੂੰ ਵੀ ਹਰ ਮਹੀਨੇ ਹਿੱਸੇ ਮਿਲਦੇ ਹਨ ਤੇ ਇਹ ਹਿੱਸੇਦਾਰੀ ਕਾਂਗਰਸ ਹਾਈ ਕਮਾਂਡ ਤੱਕ ਪੁੱਜ ਰਹੀ ਹੈ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਵੀ ਨਿਖੇਧੀ ਕੀਤੀ ਕਿ ਉਹਨਾਂ ਨੇ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਉਹਨਾਂ ਕੋਲ ਜਾਣ ਤੋਂ ਇਨਕਾਰ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ