ਮੁੱਖ ਮੰਤਰੀ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ, ਪੁਲੀਸ ਦੇ ਚੋਟੀ ਦੇ ਅਫਸਰਾਂ ਨੂੰ ਤੁਰੰਤ ਪਿੰਡ ਅਦਲੀਵਾਲ ਪਹੁੰਚਣ ਦੇ ਹੁਕਮ
ਚੰਡੀਗੜ੍ਹ, 18 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਭਵਨ ’ਚ ਹੋਏ ਸ਼ੱਕੀ ਹੈਂਡਗ੍ਰਨੇਡ ਹਮਲੇ ਦੀ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਸੂਬੇ ਦੇ ਗ੍ਰਹਿ ਸਕੱਤਰ, ਪੁਲੀਸ ਮੁਖੀ, ਡੀ.ਜੀ.ਪੀ. ਅਮਨ ਤੇ ਕਾਨੂੰਨ ਅਤੇ ਡੀ.ਜੀ.ਪੀ. ਖੁਫੀਆ ਨੂੰ ਤੁੰਰਤ ਘਟਨਾਸਥਾਨ ’ਤੇ ਪਹੁੰਚਣ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਵਿਅਕਤੀ ਮਾਰੇ ਗਏ ਜਦਕਿ 15 ਹੋਰ ਜ਼ਖਮੀ ਹੋਏ ਹਨ।
ਇਸ ਧਮਾਕੇ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਪੁਲੀਸ ਨੂੰ ਇਸ ਹਮਲੇ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਹਾਲ ’ਚ ਹੋਏ ਇਸ ਅੰਧਾਧੁੰਦ ਹਮਲੇ ਵਿੱਚ ਕਈ ਮਾਸੂਮਾਂ ਦੀਆਂ ਜਾਨਾਂ ਗਈਆਂ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਫੌਰੈਂਸਿਕ ਟੀਮਾਂ ਨੂੰ ਘਟਨਾਸਥਾਨ ’ਤੇ ਭੇਜ ਦਿੱਤਾ ਗਿਆ ਹੈ ਅਤੇ ਹਰੇਕ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਛੇਤੀ ਹੀ ਮਾਮਲੇ ਦੀ ਤਹਿ ਤੱਕ ਜਾ ਕੇ ਦੋਸ਼ੀਆਂ ਨੂੰ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖਮੀਆਂ ਦੇ ਮੁਫਤ ਇਲਾਜ ਤੇ ਬਿਹਤਰੀਨ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ।