Welcome to Canadian Punjabi Post
Follow us on

02

July 2025
 
ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਕਰਾਸ ਕੇਸ ਰੱਦ ਕਰਨ ਲਈ ਭਾਈ ਲੌਂਗੋਵਾਲ ਦੀ ਅਗਵਾਈ ’ਚ ਮੈਂਬਰਾਂ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ

October 30, 2020 07:07 PM

* ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲੇ ਦਾ ਮਾਮਲਾ:
* ਜੇਕਰ ਕਰਾਸ ਕੇਸ ਰੱਦ ਨਾ ਕੀਤਾ ਤਾਂ ਪੈਦਾ ਹੋਣ ਵਾਲੇ ਹਾਲਾਤਾਂ ਦੀ ਜ਼ੁੰਮੇਵਾਰ ਪੰਜਾਬ ਸਰਕਾਰ ਹੋਵੇਗੀ : ਭਾਈ ਲੌਂਗੋਵਾਲ


ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਬੈਠੇ ਵਿਅਕਤੀਆਂ ਵੱਲੋਂ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕੀਤੇ ਗਏ ਕਾਤਲਾਨਾ ਹਮਲੇ ਮਗਰੋਂ ਉਲਟਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੁਲਾਜ਼ਮਾਂ ’ਤੇ ਕਰਵਾਇਆ ਗਿਆ ਕਰਾਸ ਕੇਸ ਰੱਦ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਗਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਵੱਡੀ ਗਿਣਤੀ ਮੈਂਬਰਾਂ ਵੱਲੋਂ ਕੁਝ ਸਮੇਂ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਬੀਤੇ ਦਿਨੀਂ ਅਖੌਤੀ ਸਤਿਕਾਰ ਕਮੇਟੀ ਦੇ ਜਿਨ੍ਹਾਂ ਵਿਅਕਤੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਾਤਲਾਨਾ ਹਮਲਾ ਕਰਕੇ ਮੁਲਾਜ਼ਮਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਸੀ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਇਕ ਪਾਸੇ ਇਨ੍ਹਾਂ ਲੋਕਾਂ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਦਰਵਾਜ਼ੇ ਨੂੰ ਤਾਲੇ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਜਾ ਰਹੇ ਮੁਲਾਜ਼ਮਾਂ ਨੂੰ ਮੰਦ ਭਾਸ਼ਾ ਵਰਤੀ ਅਤੇ ਇਸ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਲੋਕਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਖੁਲ੍ਹੇਆਮ ਵਿਚਰਨ ਦਿੱਤਾ ਜਾ ਰਿਹਾ ਹੈ। ਇਸ ਤੋਂ ਵੱਡੀ ਤਰਾਸਦੀ ਹੋਰ ਕੀ ਹੋ ਸਕਦੀ ਹੈ ਕਿ ਇਹ ਲੋਕ ਪੁਲਿਸ ਕਮਿਸ਼ਨਰ ਅਤੇ ਹੋਰ ਆਲ੍ਹਾ ਪੁਲਿਸ ਅਧਿਕਾਰੀਆਂ ਨੂੰ ਸ਼ਰ੍ਹੇਆਮ ਮਿਲ ਰਹੇ ਹਨ, ਪਰੰਤੂ ਇਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਰਹੀ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਸਾਫ਼ ਪ੍ਰਗਟ ਹੋ ਰਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੁਲਾਜ਼ਮਾਂ ’ਤੇ ਕੀਤਾ ਗਿਆ ਕਰਾਸ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਅਖੌਤੀ ਸਤਿਕਾਰ ਕਮੇਟੀ ਦੇ ਲੋਕਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਬਣੇ ਮਾਹੌਲ ਦੀ ਜ਼ੁੰਮੇਵਾਰੀ ਪੰਜਾਬ ਦੀ ਕਾਂਗਰਸ ਸਰਕਾਰ ਹੋਵੇਗੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸ੍ਰੀ ਅੰਕਿਤ ਬਾਂਸਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਸੋਂ ਮੰਗ ਪੱਤਰ ਪ੍ਰਾਪਤ ਕਰਕੇ ਕਿਹਾ ਕਿ ਉਹ ਇਸ ਨੂੰ ਮੁੱਖ ਮੰਤਰੀ ਦੇ ਪੇਸ਼ ਕਰਨਗੇ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27-ਬੀ ਵਿਖੇ ਇਕ ਭਰਵੀਂ ਇਕੱਤਰਤਾ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪ੍ਰਤੀਨਿਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਅਜਿਹੇ ਵਰਤਾਰੇ ਤੋਂ ਬਾਜ ਆਉਣ ਦੀ ਤਾੜਨਾ ਵੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਸਿੱਖ ਵਿਰੋਧੀ ਚਾਲਾਂ ਚਲਦੀ ਰਹੀ ਹੈ, ਇਸ ਦੀ ਮਿਸਾਲ 1984 ਦਾ ਸਿੱਖ ਕਤਲੇਆਮ ਹੈ। ਜਦੋਂ ਜਦੋਂ ਵੀ ਕਾਂਗਰਸ ਸਰਕਾਰ ਬਣੀ ਤਾਂ ਸਿੱਖਾਂ ਦੇ ਮਸਲਿਆਂ ਨੂੰ ਦਬਾਉਣ ਦੇ ਨਾਲ-ਨਾਲ ਸਿੱਖ ਸੰਸਥਾਵਾਂ ’ਤੇ ਵੀ ਸਿੱਧੇ ਹਮਲੇ ਕੀਤੇ ਗਏ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ 40 ਦਿਨ ਲਗਾਏ ਗਏ ਧਰਨੇ ਅਤੇ 24 ਅਕਤੂਬਰ 2020 ਨੂੰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਕੀਤਾ ਗਿਆ ਕਾਤਲਾਨਾ ਹਮਲਾ ਇਸ ਦੀ ਤਾਜ਼ਾ ਮਿਸਾਲ ਹੈ। ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਮੇਂ ਸਿਰ ਧਰਨਾਕਾਰੀਆਂ ਨੂੰ ਉਠਾਉਂਦੀ ਤਾਂ ਇਹ ਹਾਲਾਤ ਨਾ ਬਣਦੇ। ਉਨ੍ਹਾਂ ਇਹ ਵੀ ਆਖਿਆ ਕਿ ਕਾਂਗਰਸ ਦੇ ਕੁਝ ਮੰਤਰੀਆਂ ਦੀ ਹਿਮਾਇਤ ਵੀ ਇਨ੍ਹਾਂ ਅਖੌਤੀ ਸਤਿਕਾਰ ਕਮੇਟੀ ਵਾਲਿਆਂ ਨੂੰ ਹਾਸਲ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪਾਲ ਸਿੰਘ ਗੋਰਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵਡ, ਕਾਇਮਪੁਰ, ਹਰਭਜਨ ਸਿੰਘ ਮਸਾਣਾ, ਬੀਬੀ ਦਵਿੰਦਰ ਕੌਰ ਕਾਲਰਾ, ਨਿਰਮਲ ਸਿੰਘ ਝਬਾਲ, ਦਲਜੀਤ ਸਿੰਘ ਭਿੰਡਰ, ਰਮਨਦੀਪ ਸਿੰਘ, ਨਵਤੇਜ ਸਿੰਘ ਕਾਉਣੀ, ਸਰਵਣ ਸਿੰਘ ਕੁਲਾਰ, ਬੀਬੀ ਜਿੰਦਰ ਕੌਰ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਭੂਲੇਵਾਲ, ਸਕੱਤਰ ਮਹਿੰਦਰ ਸਿੰਘ ਆਹਲੀ ਆਦਿ ਸ਼ਾਮਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ