Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਨਜਰਰੀਆ

ਮਾਣੋ ਜ਼ਿੰਦਗੀ ਦੇ ਰੰਗ

December 16, 2021 02:09 AM

-ਗੁਰਸ਼ਰਨ ਸਿੰਘ ਕੁਮਾਰ
ਮਨੁੱਖ ਕੁਦਰਤ ਦੀ ਉਤਮ ਰਚਨਾ ਹੈ। ਸੋਚਣ ਦੀ ਗੱਲ ਇਹ ਹੈ ਕਿ ਕੀ ਮਨੁੱਖਾ ਜਨਮ ਲੈ ਕੇ ਅਸੀਂ ਕੋਈ ਉਤਮ ਕੰਮ ਕਰਦੇ ਹਾਂ ਕਿ ਨਹੀਂ? ਜਾਂ ਖਾ ਲਿਆ, ਪੀ ਲਿਆ, ਸੌਂ ਲਿਆ ਤੇ ਆਪਣਾ ਪਰਵਾਰ ਵਧਾ ਲਿਆ, ਬਸ ਖ਼ਤਮ। ਜੇ ਏਨੀ ਗੱਲ ਹੈ ਤਾਂ ਮਨੁੱਖ ਅਤੇ ਜਾਨਵਰ ਵਿੱਚ ਫ਼ਰਕ ਕੀ ਰਹਿ ਗਿਆ? ਇਹ ਸਾਰੇ ਕੰਮ ਪੰਛੀ ਅਤੇ ਜਾਨਵਰ ਵੀ ਕਰਦੇ ਹਨ। ਮਨੁੱਖ ਸੱਭਿਅਕ ਪ੍ਰਾਣੀ ਹੈ। ਕੁਦਰਤ ਨੇ ਮਨੁੱਖ ਨੂੰ ਵਿਕਸਤ ਦਿਮਾਗ਼ ਦਿੱਤਾ ਹੈ। ਇਸ ਨੂੰ ਲਿਪੀ ਤੇ ਭਾਸ਼ਾ ਦੀ ਦਾਤ ਬਖ਼ਸ਼ੀ ਹੈ। ਸਰੀਰਕ ਅੰਗ ਜਾਨਵਰਾਂ ਨਾਲੋਂ ਵਿਕਸਤ ਹਨ। ਇਸ ਹਿਸਾਬ ਸਿਰ ਮਨੁੱਖ ਨੂੰ ਕੰਮ ਵੀ ਉਤਮ ਕਰਨੇ ਚਾਹੀਦੇ ਹਨ ਤਾਂ ਕਿ ਪ੍ਰਮਾਤਮਾ ਨੂੰ ਅਫ਼ਸੋਸ ਨਾ ਹੋਵੇ ਕਿ ਕਿਸੇ ਪ੍ਰਾਣੀ ਨੂੰ ਉਸ ਨੇ ਮਨੁੱਖਾ ਜਨਮ ਦੇ ਕੇ ਗ਼ਲਤ ਕੰਮ ਤਾਂ ਨਹੀਂ ਕੀਤਾ। ਸਾਨੂੰ ਮਨੁੱਖ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ। ਇਹ ਇਸ ਤੋਂ ਪ੍ਰਗਟ ਹੁੰਦਾ ਹੈ ਕਿ ਅਸੀਂ ਕਿੱਦਾਂ ਦੀ ਜ਼ਿੰਦਗੀ ਜੀ ਰਹੇ ਹਾਂ।
ਧਰਤੀ ਉੱਤੇ ਬੱਚੇ ਦਾ ਜਨਮ ਕੁਦਰਤ ਦਾ ਕ੍ਰਿਸ਼ਮਾ ਹੁੰਦਾ ਹੈ। ਇਸ ਜਨਮ ਦੇ ਨਾਲ ਮਨੁੱਖ ਦੀ ਜ਼ਿੰਦਗੀ ਸ਼ੁਰੂ ਹੁੰਦੀ ਹੈ। ਜਨਮ ਸਮੇਂ ਬੱਚਾ ਬਹੁਤ ਨਿਰਬਲ ਹੁੰਦਾ ਹੈ। ਉਸ ਨੂੰ ਆਪਣੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਵੀ ਕਿਸੇ ਦੂਸਰੇ ਬੰਦੇ ਦੇ ਸਹਾਰੇ ਦੀ ਲੋੜ ਹੁੰਦੀ ਹੈ। ਹੌਲੀ-ਹੌਲੀ ਬੱਚਾ ਵੱਡਾ ਹੁੰਦਾ ਹੈ ਤਾਂ ਤੋਤਲੀ ਜ਼ੁਬਾਨ ਵਿੱਚ ਬੋਲਣਾ ਸਿੱਖਦਾ ਤੇ ਡੋਲਦੀਆਂ ਲੱਤਾਂ ਨਾਲ ਤੁਰਨ ਦੀ ਕੋਸ਼ਿਸ਼ ਕਰਦਾ ਹੈ। ਬੱਚੇ ਦੀਆਂ ਇਹ ਛੋਟੀਆਂ ਹਰਕਤਾਂ ਬਹੁਤ ਪਿਆਰੀਆਂ ਲੱਗਦੀਆਂ ਹਨ। ਫਿਰ ਉਹ ਵਿਦਿਅਕ ਗਿਆਨ ਤੇ ਹੋਰ ਨਵੀਆਂ ਗੱਲਾਂ ਸਿੱਖਦਾ ਹੈ। ਜਵਾਨੀ ਵਿੱਚ ਆ ਕੇ ਬੰਦਾ ਆਤਮ ਨਿਰਭਰ ਹੋਣ ਦੀ ਕੋਸ਼ਿਸ਼ ਕਰਦਾ ਹੈ। ਇਹ ਉਮਰ ਉਸ ਦੀ ਘੋੜੇ ਵਾਂਗ ਹੁੰਦੀ ਹੈ। ਉਹ ਸ਼ਕਤੀ ਨਾਲ ਭਰਪੂਰ ਹੁੰਦਾ ਹੈ। ਕਮਾਈ ਕਰਦਾ ਅਤੇ ਵਿਆਹ ਕਰ ਕੇ ਆਪਣਾ ਨਵਾਂ ਸੰਸਾਰ ਵਸਾਉਂਦਾ ਹੈ। ਇਸ ਦੇ ਨਾਲ ਉਸ ਨੂੰ ਅਣਕਿਆਸੀਆਂ ਲੋੜਾਂ ਤੇ ਸੁਰੱਖਿਅਤ ਭੱਵਿਖ ਲਈ ਕੁਝ ਵੱਖਰਾ ਧਨ ਬਚਾ ਕੇ ਰੱਖਣ ਦੀ ਜ਼ਰੂਰਤ ਹੁੰਦੀ ਹੈ। ਬਿਮਾਰੀਆਂ, ਠੋਕਰਾਂ ਤੇ ਦੁਰਘਟਨਾਵਾਂ ਤੋਂ ਕਿਸੇ ਤਰ੍ਹਾਂ ਬਚਦਾ ਹੋਇਆ ਆਪਣੀ ਉਮਰ ਦੇ ਅਗਲੇ ਪੜਾਅ ਵੱਲ ਅੱਗੇ ਵਧਦਾ ਹੈ। ਜ਼ਿੰਦਗੀ ਵਿੱਚ ਇੱਕ ਅਜਿਹੀ ਚੀਜ਼ ਹੈ ਜੋ ਬਿਨਾਂ ਤੁਹਾਡੀ ਕਿਸੇ ਕੋਸ਼ਿਸ਼ ਜਾਂ ਬਿਨਾਂ ਕਿਸੇ ਜ਼ੋਰ ਲਾਉਣ ਤੋਂ ਅੱਗੇ ਵਧਦੀ ਰਹਿੰਦੀ ਹੈ, ਉਹ ਹੈ ਤੁਹਾਡੀ ਉਮਰ।
ਸੱਠ ਕੁ ਸਾਲ ਦੀ ਉਮਰ ਦੇ ਪੜਾਅ ਉੱਤੇ ਆ ਕੇ ਮਨੁੱਖ ਦੀ ਉਮਰ ਢਲਣੀ ਸ਼ੁਰੂ ਹੋ ਜਾਂਦੀ ਹੈ। ਸਰੀਰ ਦੇ ਅੰਗ ਕੁਝ ਕਮਜ਼ੋਰ ਪੈ ਜਾਂਦੇ ਹਨ। ਇਸ ਅਵਸਥਾ ਵਿੱਚ ਉਹ ਆਪਣੇ ਆਪ ਨੂੰ ਬੁੱਢਾ ਮਹਿਸੂਸ ਕਰਨ ਲੱਗਦਾ ਹੈ। ਇੱਕ ਪੀੜ੍ਹੀ ਦਾ ਪਾੜਾ ਪੈ ਜਾਂਦਾ ਹੈ। ਇਸ ਸਮੇਂ ਮਨੁੱਖ ਨੂੰ ਜ਼ਿੰਦਗੀ ਵਿੱਚ ਕਈ ਤਰ੍ਹਾਂ ਸਮਝੌਤੇ ਕਰਨੇ ਪੈਂਦੇ ਹਨ। ਉਸ ਨੂੰ ਪੁਰਾਣੀਆਂ ਕੌੜੀਆਂ ਘਟਨਾਵਾਂ ਨੂੰ ਯਾਦ ਕਰ ਕੇ ਦੁਖੀ ਨਹੀਂ ਹੁੰਦੇ ਰਹਿਣਾ ਚਾਹੀਦਾ। ਜੇ ਉਹ ਈਰਖਾ ਤੇ ਲਾਲਚ ਨੂੰ ਛੱਡ ਕੇ ਸੰਤੁਸ਼ਟ ਰਹੇਗਾ ਤਾਂ ਉਸ ਨੂੰ ਸੱਚੀ ਖ਼ੁਸ਼ੀ ਮਿਲੇਗੀ। ਭਵਿੱਖ ਬਾਰੇ ਬਹੁਤੀਆਂ ਝੂਠੀਆਂ ਆਸਾਂ ਨਹੀਂ ਰੱਖਣੀਆਂ ਚਾਹੀਦੀਆਂ। ਕੀ ਪਤਾ ਕੱਲ੍ਹ ਆਵੇ ਜਾਂ ਨਾ ਆਵੇ। ਮਨੁੱਖ ਦੀ ਜ਼ਿੰਦਗੀ ਉਹ ਹੀ ਹੈ, ਜੋ ਅੱਜ ਉਹ ਜੀਅ ਰਿਹਾ ਹੈ। ਇਸ ਲਈ ਅੱਜ ਨੂੰ ਮਾਣੋ।
ਹਰ ਮਨੁੱਖ ਚਾਹੁੰਦਾ ਹੈ ਕਿ ਉਸਦੀ ਉਮਰ ਲੰਬੀ ਹੋਵੇ, ਪਰ ਇਸ ਲਈ ਮਨੁੱਖ ਨੂੰ ਕੁਝ ਯਤਨ ਵੀ ਕਰਨੇ ਚਾਹੀਦੇ ਹਨ। ਬਿਮਾਰ ਹੋ ਕੇ ਬਿਸਤਰ ਉੱਤੇ ਪੈ ਕੇ ਦੂੁਜਿਆਂ ਤੋਂ ਸੇਵਾ ਕਰਵਾ ਕੇ ਜਿਉਣਾ ਕੀ ਜਿਉਣਾ? ਇਹ ਨਰਕ ਭਰੀ ਜ਼ਿੰਦਗੀ ਭੁਗਤਣਾ ਹੈ। ਇਸ ਲਈ ਆਪਣੀ ਸਿਹਤ ਦੀ ਸੰਭਾਲ ਕਰੋ। ਤੁਹਾਡੀ ਅਸਲ ਜ਼ਿੰਦਗੀ ਉਹੀ ਹੈ ਜੋ ਤੁਸੀਂ ਆਪ ਖ਼ੁਸ਼ ਰਹਿ ਕੇ ਦੂਜਿਆਂ ਨੂੰ ਖ਼ੁਸ਼ੀਆਂ ਵੰਡਦੇ ਹੋਏ ਜਿਉਂਦੇ ਹੋ। ਜਨਮ ਅਤੇ ਮੌਤ ਮਨੁੱਖ ਦੇ ਆਪਣੇ ਹੱਥ ਨਹੀਂ। ਬੇਸ਼ੱਕ ਇਹ ਸਭ ਨੂੰ ਪਤਾ ਹੈ ਕਿ ਉਸਦੀ ਅੰਤਿਮ ਮੰਜ਼ਿਲ ਮੌਤ ਹੈ, ਪਰ ਕਦੋਂ, ਕਿੱਥੇ, ਕਿਸ ਸਮੇਂ ਤੇ ਕਿਵੇਂ ਮਰਨਾ ਹੈ, ਕੋਈ ਨਹੀਂ ਜਾਣਦਾ। ਜੋ ਇੱਕ ਵਾਰੀ ਦੁਨੀਆ ਤੋਂ ਤੁਰ ਜਾਂਦਾ ਤਾਂ ਕਦੀ ਵਾਪਸ ਨਹੀਂ ਆਉਂਦਾ। ਇਸ ਲਈ ਕੁਦਰਤ ਦਾ ਭੇਦ ਬਣਿਆ ਰਹਿੰਦਾ ਹੈ। ਬੰਦੇ ਦੇ ਭਾਗ ਪ੍ਰਮਾਤਮਾ ਜਾਣਦਾ ਹੈ, ਪਰ ਕਿਸੇ ਦੇ ਭਾਗਾਂ ਵਿੱਚ ਦਖ਼ਲ ਨਹੀਂ ਦਿੰਦਾ। ਬੰਦੇ ਨੂੰ ਕਿਸਮਤ ਆਪਣੇ ਕਰਮਾਂ ਰਾਹੀਂ ਖ਼ੁਦ ਬਣਾਉਣੀ ਪੈਂਦੀ ਹੈ। ਅਸਲ ਵਿੱਚ ਅੱਗੋਂ ਕੀ ਹੋਣ ਵਾਲਾ ਹੈ, ਇਸ ਦਾ ਉਸ ਨੂੰ ਕੋਈ ਗਿਆਨ ਨਹੀਂ ਹੁੰਦਾ।
ਪੈਸੇ ਦੇ ਲਾਲਚ ਕਾਰਨ ਮਨੁੱਖ ਮਾਇਆ ਦੇ ਢੇਰ ਇਕੱਠੇ ਕਰਨਾ ਚਾਹੁੰਦਾ ਹੈ। ਇਸ ਨਾਲ ਉਸ ਦਾ ਹੰਕਾਰ ਵਧਦਾ ਹੈ ਤੇ ਉਹ ਆਪਣੇ ਆਪ ਨੂੰ ਦੂਜਿਆਂ ਤੋਂ ਉਚਾ ਸਮਝਦਾ ਹੈ, ਪਰ ਅਜਿਹੀ ਉਚਾਈ ਦਾ ਵੀ ਕੀ ਫਾਇਦਾ ਜਿੱਥੋਂ ਆਪਣੇ ਹੀ ਨਜ਼ਰ ਨਾ ਆਉਣ। ਜੇ ਤੁਸੀਂ ਗੁੱਸੇ ਵਾਲੇ ਤੇ ਹੰਕਾਰੀ ਹੋ ਤਾਂ ਦੁਸ਼ਮਣਾਂ ਦੀ ਲੋੜ ਨਹੀਂ। ਤੁਹਾਨੂੰ ਬਰਬਾਦ ਕਰਨ ਲਈ ਇਹ ਦੋ ਗੁਣ ਕਾਫ਼ੀ ਹਨ। ਦੁਨੀਆ ਉੱਤੇ ਆਏ ਹੋ ਤਾਂ ਹੜਕੰਪ ਮਚਾ ਕੇ ਦੂਸਰਿਆਂ ਨੂੰ ਬੇਚੈਨ ਨਾ ਕਰੋ। ਕਿਸੇ ਦਾ ਹੱਕ ਨਾ ਮਾਰੋ। ਕਿਸੇ ਦਾ ਦਿਲ ਨਾ ਦੁਖਾਵੋ। ਗ਼ਰੀਬ ਗੁਰਬੇ ਦੀ ਮਦਦ ਕਰੋ। ਆਪਣੇ ਧਨ ਨੂੰ ਸ਼ੁਭ ਕਰਮਾਂ ਦੀ ਕਰੰਸੀ ਵਿੱਚ ਬਦਲੋ। ਇਹ ਸ਼ੁਭਕਰਮਾਂ ਦਾ ਧਨ ਅੱਗੇ ਤੁਹਾਡੇ ਨਾਲ ਜਾਏਗਾ ਅਤੇ ਤੁਹਾਡੇ ਕੰਮ ਆਏਗਾ। ਸਹਿਜ ਨਾਲ ਜ਼ਿੰਦਗੀ ਜੀਓ। ਫੁੱਲਾਂ ਦੀ ਤਰ੍ਹਾਂ ਸੁੰਦਰਤਾ ਅਤੇ ਖ਼ੁਸ਼ਬੋਆਂ ਵੰਡੋ। ਯਾਦ ਰੱਖੋ ਬੁਢਾਪਾ ਉਮਰ ਨਾਲ ਨਹੀਂ ਆਉਂਦਾ, ਬੰਦੇ ਦੇ ਵਿਚਾਰਾਂ ਨਾਲ ਆਉਂਦਾ ਹੈ। ਕਈ ਲੋਕ 18 ਸਾਲ ਦੀ ਉਮਰ ਵਿੱਚ ਬੁੱਢੇ ਹੋ ਜਾਂਦੇ ਹਨ, ਪਰ ਕਈ 100 ਸਾਲ ਦੀ ਉਮਰ ਵਿੱਚ ਜੁਆਨ ਰਹਿੰਦੇ ਹਨ। ਆਪਣੇ ਆਪ ਨੂੰ ਬੁੱਢਾ ਸਮਝਣਾ ਆਪਣੀ ਪ੍ਰਗਤੀ ਰੋਕਣਾ ਹੈ। ਇਸ ਲਈ ਕਦੀ ਨਾ ਸਮਝੋ ਕਿ ਬੁੱਢਾ ਹੋ ਰਿਹਾ ਹਾਂ, ਸਗੋਂ ਇਹ ਸਮਝੋ ਕਿ ਮੈਂ ਹੋਰ ਤਜ਼ਰਬੇਕਾਰ, ਸਿਆਣਾ ਤੇ ਹਰਮਨ ਪਿਆਰਾ ਹੋ ਰਿਹਾ ਹਾਂ। ਤੁਹਾਡੇ ਪੋਤੇ-ਪੋਤੀਆਂ ਅਤੇ ਦੋਹਤੇ-ਦੋਹਤੀਆਂ ਤੁਹਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਤੁਹਾਡਾ ਸਬੰਧ ਜੋੜਦੀਆਂ ਹਨ।
ਜ਼ਿੰਦਗੀ ਵਿੱਚ ਕੋਈ ਆਦਮੀ ਵੀ ਸੰਪੂਰਨ ਨਹੀਂ ਹੁੰਦਾ। ਗੁਣ ਔਗੁਣ ਸਭ ਵਿੱਚ ਹੀ ਹੁੰਦੇ ਹਨ। ਜੇ ਤੁਹਾਡੀ ਪਹਿਲੀ ਜ਼ਿੰਦਗੀ ਦੁੱਖਾਂ ਭਰੀ ਰਹੀ ਹੈ ਤਾਂ ਸਭ ਨੂੰ ਭੁੱਲ ਕੇ ਜ਼ਿੰਦਗੀ ਸ਼ਾਂਤਮਈ ਬਣਾਓ। ਕਈ ਵਾਰੀ ਪੈਰਾਂ ਦੇ ਛਾਲਿਆਂ ਨਾਲ ਵੀ ਜ਼ਿੰਦਗੀ ਦਾ ਸਫ਼ਰ ਤੈਅ ਕਰਨਾ ਪੈਂਦਾ ਤੇ ਮੰਜ਼ਿਲ ਉੱਤੇ ਪਹੁੰਚਿਆ ਜਾਂਦਾ ਹੈ। ਤੁਹਾਡੀ ਪਹਿਲੀ ਜ਼ਿੰਦਗੀ ਭਾਵੇਂ ਜਿਹੋ ਜਿਹੀ ਮਰਜ਼ੀ ਬੀਤੀ ਹੋਵੇ, ਅੰਤਲੀ ਉਮਰ ਬਹੁਤ ਖ਼ੁਸ਼ਹਾਲ ਅਤੇ ਸੁਖਮਈ ਚਾਹੀਦੀ ਹੈ। ਮਨ ਉੱਤੇ ਕਿਸੇ ਕਿਸਮ ਦਾ ਬੋਝ ਨਹੀਂ ਹੋਣਾ ਚਾਹੀਦਾ ਤਾਂ ਕਿ ਤੁਹਾਡੀ ਮੌਤ ਸ਼ਾਨਦਾਰ ਮੌਤ ਹੋਵੇ। ਮੰਜ਼ਿਲ ਉੱਤੇ ਉਹ ਹੀ ਪਹੁੰਚਦੇ ਹਨ ਜੋ ਰੁਕਾਵਟਾਂ ਨੂੰ ਹੌਸਲੇ ਨਾਲ ਪਾਰ ਕਰਨ ਦਾ ਜਿਗਰਾ ਰੱਖਦੇ ਹਨ ਅਤੇ ਦੁੱਖਾਂ ਨੂੰ ਸਬਰ ਨਾਲ ਸਹਾਰਦੇ ਹਨ।
ਆਪਣੇ ਬੁਢਾਪੇ ਉੱਤੇ ਕਦੇ ਨਾ ਝੂਰੋ। ਇਹ ਤੁਹਾਨੂੰ ਕੁਦਰਤ ਵੱਲੋਂ ਬੋਨਸ ਮਿਲਿਆ ਹੈ ਜੋ ਕਈਆਂ ਨੂੰ ਨਸੀਬ ਨਹੀਂ ਹੁੰਦਾ। ਤੁਹਾਡੀ ਉਮਰ ਦੇ ਸੁਨਹਿਰੀ ਸਾਲ ਸ਼ੁਰੂ ਹੋਏ ਹਨ। ਤੁਹਾਡੇ ਉੱਤੇ ਨੌਕਰੀ ਜਾਂ ਰੁਜ਼ਗਾਰ ਦੇ ਬੰਧਨ ਨਹੀਂ। ਤੁਸੀਂ ਆਪਣੀ ਮਰਜ਼ੀ ਨਾਲ ਜੋ ਕੰਮ ਕਰਨਾ ਚਾਹੋ, ਕਰ ਸਕਦੇ ਹੋ ਅਤੇ ਆਪਣੀ ਜ਼ਿੰਦਗੀ ਖ਼ੁਸ਼ੀ ਨਾਲ ਆਪਣੇ ਹਿਸਾਬ ਸਿਰ ਖੁੱਲ੍ਹ ਕੇ ਜੀਅ ਸਕਦੇ ਹੋ। ਤੁਹਾਡੇ ਚਿਹਰੇ ਉੱਤੇ ਹਰ ਸਮੇਂ ਇੱਕ ਨੂਰ ਝਲਕਣਾ ਚਾਹੀਦਾ ਹੈ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਨਾਮਵਰ ਖਿਡਾਰੀ ਤੋਂ ਸਫ਼ਲ ਕੋਚ ਬਣਨ ਤੱਕ ਦਾ ਸਫ਼ਰ : ਜਸਬੀਰ ਭਾਰਟਾ ਆਮ ਲੋਕਾਂ ਦੀ ‘ਆਮਦਨ’ ਜੋੜ ਕੇ ਦੱਸੀ ਜਾਂਦੀ ਭਾਰਤ ਦੀ ‘ਔਸਤ’ ਦੇ ਅੰਕੜੇ ਮੂਰਖ ਬਣਾਉਂਦੇ ਹਨ ਲੋਕਾਂ ਨੂੰ ਵਿਸ਼ਵ ਦੇ ਮਹਾਨ ਖਿਡਾਰੀ: ‘ਭਾਗ ਮਿਲਖਾ ਭਾਗ’ ਵਿਚਲਾ ਅਸਲੀ ਮਿਲਖਾ ਸਿੰਘ ਚੋਣ-ਜੰਗ ਨੂੰ ਜਦੋਂ ਜੰਗ ਮੰਨ ਲਉ ਤਾਂ ਅਸੂਲ-ਨਿਯਮ ਬਾਰੇ ਸੋਚਣ ਦੀ ਲੋੜ ਨਹੀਂ ਰਹਿੰਦੀ ਭਾਰਤੀ ਲੋਕਤੰਤਰ ਦੀਆਂ ਜੜ੍ਹਾਂ ਖੋਖਲੀਆਂ ਕਰ ਦੇਵੇਗਾ ਰਾਜਨੀਤੀ ਨਾਲ ਜੱਜਾਂ ਦਾ ਏਦਾਂ ਦਾ ਮੋਹ ‘ਇੱਕ ਟਕੇ ਦਾ ਕਰਜ਼ਾ’ ਮੋੜਦਾ ਤੁਰ ਗਿਆ ਪੰਜਾਬੀਅਤ ਦਾ ਇੱਕ ਹੋਰ ਸੇਵਾਦਾਰ ਭਵਿੱਖ ਦੇ ਭਾਰਤ ਲਈ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਕਿਸੇ ਅੰਤਮ ਫੈਸਲੇ ਦੀ ਘੜੀ ਤਾਂ ਨਹੀਂ! ਮਨਾਈ ਜਾਉ ਭਾਰਤ ਦਾ ਗਣਤੰਤਰਦਿਵਸ, ਗਣਤੰਤਰੀ ਸੋਚ ਤੋਂ ਬਿਨਾਂ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤਾਂ ਹੋਈ, ਦੇਸ਼ ਵਿੱਚ ਰਾਮ-ਰਾਜ ਵਾਲੇ ਵਾਅਦੇ ਦਾ ਕੀ ਬਣਿਆ! ‘ਖੇਤਾਂ ਦੇ ਪੁੱਤਾਂ’ ਦੇ ਇਤਿਹਾਸਕ ਅੰਦੋਲਨ ਦੀ ਗੱਲ ਕਰਦੀ ਏ, ਸੁਰਿੰਦਰ ਧੰਜਲ ਦੀ ਇਹ ਕਿਤਾਬ ‘ਦੀਵੇ ਜਗਦੇ ਰਹਿਣਗੇ’