ਮੋਹਾਲੀ, 9 ਜਨਵਰੀ (ਪੋਸਟ ਬਿਊਰੋ)- ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਚੰਡੀਗੜ੍ਹ ਤੋਂ ਨਾਂਦੇੜ ਸਾਹਿਬ ਲਈ ਪਹਿਲਾ ਜਥਾ ਰਵਾਨਾ ਹੋਇਆ। ਪੰਜ ਪਿਆਰਿਆਂ ਦੀ ਹਾਜ਼ਰੀ ਸਮੇਤੇ ਸਮੂਹ ਸ਼ਰਧਾਲੂਆਂ ਦਾ ਪਹਿਲਾ ਜਥਾ ਅਰਦਾਸ ਕਰਨ ਉਪਰੰਤ ਮੋਹਾਲੀ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ।
ਇਸ ਮੌਕੇ ਚੰਦੂਮਾਜਰਾ ਨੇ ਦੱਸਿਆ ਕਿ ਪਿਛਲੇ ਚਾਰ ਸਾਲ ਤੋਂ ਉਨ੍ਹਾਂ ਵੱਲੋਂ ਲੋਕ ਸਭਾ ਅੰਦਰ ਚੰਡੀਗੜ੍ਹ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ। ਚੰਦੂਮਾਜਰਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਨੇ ਚੰਡੀਗੜ੍ਹ ਤੋਂ ਸਿੱਧੀਆਂ ਨਾਂਦੇੜ ਸਾਹਿਬ ਲਈ ਉਡਾਣਾਂ ਦੀ ਮਨਜ਼ੂਰੀ ਦੇ ਦਿੱਤੀ ਸੀ, ਪਰ ਤਕਨੀਕੀ ਕਾਰਨਾਂ ਕਰ ਕੇ ਇਹ ਸੇਵਾ ਸ਼ੁਰੂ ਨਹੀਂ ਹੋ ਸਕੀ ਸੀ, ਪਰ ਲੰਮੇ ਸਮੇਂ ਦੀ ਜੱਦੋਜਹਿਦ ਬਾਅਦ ਗੁਰੂ ਜੀ ਦੀ ਕਿਰਪਾ ਸਦਕਾ ਕੱਲ੍ਹ ਪਹਿਲੀ ਉਡਾਣ ਸਮੂਹ ਸਿੱਖ ਸੰਗਤਾਂ ਸਮੇਤ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਸਾਹਿਬ ਦਾ ਹਵਾਈ ਅੱਡੇ ਸ਼ੁਰੂ ਹੋਣ ਨਾਲ ਹੀ ਅੰਮ੍ਰਿਤਸਰ ਅਤੇ ਮੁੰਬਈ ਤੋਂ ਨਾਂਦੇੜ ਸਾਹਿਬ ਲਈ ਹਵਾਈ ਸੇਵਾ ਪਹਿਲਾਂ ਹੀ ਆਰੰਭ ਹੋ ਚੁੱਕੀ ਹੈ।