ਯੂ.ਐੱਨ., 29 ਮਾਰਚ (ਪੋਸਟ ਬਿਊਰੋ): ਅਮਰੀਕਾ ਅਤੇ ਜਰਮਨੀ ਤੋਂ ਬਾਅਦ ਹੁਣ ਸੰਯੁਕਤ ਰਾਸ਼ਟਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਮੁੱਦੇ 'ਤੇ ਬਿਆਨ ਦਿੱਤਾ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਭਾਰਤ ਵਿੱਚ ਹਰ ਕਿਸੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਇਹ ਭਾਰਤ ਵਿੱਚ ਚੋਣਾਂ ਦਾ ਸਮਾਂ ਹੈ, ਇਸ ਲਈ ਸਾਰੇ ਨਾਗਰਿਕਾਂ ਨੂੰ ਨਿਰਪੱਖ ਮਾਹੌਲ ਵਿੱਚ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।
ਇਕ ਪ੍ਰੈੱਸ ਕਾਨਫਰੰਸ ਦੌਰਾਨ ਦੁਜਾਰਿਕ ਤੋਂ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤ 'ਚ ਬਣੇ ਸਿਆਸੀ ਮਾਹੌਲ ਬਾਰੇ ਪੁੱਛਿਆ ਗਿਆ। ਇਸ ਦੇ ਜਵਾਬ ਵਿੱਚ ਸੰਯੁਕਤ ਰਾਸ਼ਟਰ ਦੇ ਬੁਲਾਰੇ ਨੇ ਇਹ ਬਿਆਨ ਦਿੱਤਾ ਹੈ। ਸੰਯੁਕਤ ਰਾਸ਼ਟਰ ਦਾ ਇਹ ਬਿਆਨ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਭਾਰਤ ਨੇ ਕੇਜਰੀਵਾਲ 'ਤੇ ਅਮਰੀਕਾ ਅਤੇ ਜਰਮਨੀ ਦੇ ਬਿਆਨਾਂ 'ਤੇ ਇਤਰਾਜ਼ ਜਤਾਇਆ ਹੈ। ਵੀਰਵਾਰ ਸ਼ਾਮ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਭਾਰਤ, ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਕਿਸੇ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰੇਗਾ। ਸਾਨੂੰ ਆਪਣੀ ਕਾਨੂੰਨੀ ਪ੍ਰਣਾਲੀ 'ਤੇ ਮਾਣ ਹੈ।