ਵਾਸਿ਼ੰਗਟਨ , 25 ਅਪ੍ਰੈਲ (ਪੋਸਟ ਬਿਊਰੋ): ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ ਅਮਰੀਕਾ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਵਿਚ ਅਮਰੀਕਾ ਨੇ ਮਨੀਪੁਰ ਵਿਚ ਹੋਈ ਹਿੰਸਾ ਦਾ ਜਿ਼ਕਰ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉੱਥੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ।
ਭਾਰਤ ਨੇ ਇਸ 80 ਪੰਨਿਆਂ ਦੀ ਰਿਪੋਰਟ ਨੂੰ ਗਲਤ ਅਤੇ ਪੱਖਪਾਤੀ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੀਰਵਾਰ ਨੂੰ ਕਿਹਾ ਕਿ ਰਿਪੋਰਟ ਦਰਸਾਉਂਦੀ ਹੈ ਕਿ ਭਾਰਤ ਨੂੰ ਲੈ ਕੇ ਅਮਰੀਕਾ ਦੀ ਸਮਝ ਸਹੀ ਨਹੀਂ ਹੈ।
ਹਫ਼ਤਾਵਾਰੀ ਬ੍ਰੀਫਿੰਗ 'ਚ ਅਮਰੀਕੀ ਰਿਪੋਰਟ 'ਤੇ ਪੁੱਛੇ ਗਏ ਸਵਾਲ ਦੇ ਜਵਾਬ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਅਸੀਂ ਇਸ ਰਿਪੋਰਟ ਨੂੰ ਕੋਈ ਮਹੱਤਵ ਨਹੀਂ ਦਿੰਦੇ ਅਤੇ ਤੁਹਾਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ।
22 ਅਪ੍ਰੈਲ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੱਖ-ਵੱਖ ਦੇਸ਼ਾਂ ਵਿੱਚ ਮਨੁੱਖੀ ਅਧਿਕਾਰਾਂ ਦੇ ਕਾਨੂੰਨਾਂ ਦੀ ਪਾਲਣਾ ਦੀ ਸਥਿਤੀ ਬਾਰੇ ਇੱਕ ਰਿਪੋਰਟ ਜਾਰੀ ਕੀਤੀ। ਰਿਪੋਰਟ 'ਚ ਚੀਨ, ਬ੍ਰਾਜ਼ੀਲ, ਬੇਲਾਰੂਸ, ਮਿਆਂਮਾਰ ਦੇ ਨਾਲ-ਨਾਲ ਭਾਰਤ ਦਾ ਵੀ ਜਿ਼ਕਰ ਕੀਤਾ ਗਿਆ ਹੈ।
ਇਸ ਵਿੱਚ ਭਾਰਤ ਨੇ ਦਾਅਵਾ ਕੀਤਾ ਸੀ ਕਿ ਮਨੀਪੁਰ ਵਿੱਚ ਮੀਤਾਈ ਅਤੇ ਕੁਕੀ ਭਾਈਚਾਰਿਆਂ ਵਿੱਚ ਜਾਤੀ ਹਿੰਸਾ ਫੈਲਣ ਤੋਂ ਬਾਅਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ। 3 ਮਈ ਤੋਂ 15 ਨਵੰਬਰ ਦਰਮਿਆਨ ਘੱਟੋ-ਘੱਟ 175 ਲੋਕ ਮਾਰੇ ਗਏ ਅਤੇ 60,000 ਤੋਂ ਵੱਧ ਬੇਘਰ ਹੋਏ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਭਾਰਤ ਵਿੱਚ ਤਾਨਾਸ਼ਾਹੀ ਵਧੀ ਹੈ।