ਭੁਵਨੇਸ਼ਵਰ, 5 ਮਈ (ਪੋਸਟ ਬਿਊਰੋ): ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਭਾਰਤ 'ਤੇ ਅਲੱਗ-ਅਲੱਗ ਦੋਸ਼ ਲਾਉਣਾ ਕੈਨੇਡਾ ਦੀ ਸਿਆਸੀ ਮਜ਼ਬੂਰੀ ਹੈ। ਉਥੇ ਅਗਲੇ ਸਾਲ ਚੋਣਾਂ ਹੋਣੀਆਂ ਹਨ, ਇਸ ਲਈ ਦੇਸ਼ ਵਿਚ ਵੋਟ ਬੈਂਕ ਦੀ ਰਾਜਨੀਤੀ ਚੱਲ ਰਹੀ ਹੈ। ਇਸ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ।
ਵਿਦੇਸ਼ ਮੰਤਰੀ ਨੇ ਇਹ ਗੱਲ ਭੁਵਨੇਸ਼ਵਰ ਵਿੱਚ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਹੀ। ਦਰਅਸਲ ਕੈਨੇਡਾ 'ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਸ਼ੁੱਕਰਵਾਰ ਨੂੰ 3 ਭਾਰਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੈਨੇਡੀਅਨ ਪੁਲਿਸ ਨੇ ਖਦਸ਼ਾ ਪ੍ਰਗਟਾਇਆ ਸੀ ਕਿ ਨਿੱਝਰ ਨੂੰ ਮਾਰਨ ਦਾ ਕੰਮ ਭਾਰਤ ਨੇ ਇਨ੍ਹਾਂ ਲੋਕਾਂ ਨੂੰ ਸੌਂਪਿਆ ਸੀ।
ਇਸ 'ਤੇ ਜੈਸ਼ੰਕਰ ਨੇ ਕਿਹਾ ਕਿ ਅਸੀਂ ਗ੍ਰਿਫਤਾਰ ਭਾਰਤੀਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਕੈਨੇਡਾ ਦਾ ਇੰਤਜ਼ਾਰ ਕਰ ਰਹੇ ਹਾਂ। ਸਾਨੂੰ ਦੱਸਿਆ ਗਿਆ ਹੈ ਕਿ ਇਹ ਤਿੰਨੋਂ ਕਿਸੇ ਨਾ ਕਿਸੇ ਗਿਰੋਹ ਨਾਲ ਸਬੰਧਤ ਹਨ। ਇਹ ਕੈਨੇਡਾ ਦਾ ਅੰਦਰੂਨੀ ਮਾਮਲਾ ਹੈ ਅਤੇ ਮੈਂ ਇਸ ਬਾਰੇ ਜਿ਼ਆਦਾ ਨਹੀਂ ਕਹਿ ਸਕਦਾ।