ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ 14 ਅਕਤੂਬਰ ਤੋਂ ਤਿੰਨ ਨਵੰਬਰ ਤੱਕ ਕਰਵਾਈ ਜਾ ਰਹੀ ਗਲੋਬਲ ਕਬੱਡੀ ਲੀਗ ਦਾ ਉਦਘਾਟਨ ਜਲੰਧਰ ਦੇ ਬਰਲਟਨ ਪਾਰਕ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਹੋਵੇਗਾ। ਪ੍ਰਾਈਵੇਟ ਸਪਾਂਸਰ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਲੀਗ ਦੇ ਮੈਚ ਜਲੰਧਰ ਦੇ ਇਲਾਵਾ ਲੁਧਿਆਣਾ ਤੇ ਮੋਹਾਲੀ ਵਿੱਚ ਕਰਵਾਏ ਜਾਣਗੇ ਅਤੇ ਤਿੰਨ ਨਵੰਬਰ ਨੂੰ ਮੋਹਾਲੀ ਦੇ ਫੇਜ਼-9 ਦੇ ਹਾਕੀ ਸਟੇਡੀਅਮ ਵਿੱਚ ਫਾਈਨਲ ਤੇ ਸਮਾਪਤੀ ਸਮਾਰੋਹ ਹੋਵੇਗਾ ਜਿਸ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੱਲ੍ਹ ਇਸ ਲੀਗ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਪਿੱਛੋਂ ਕਿਹਾ ਕਿ ਪੰਜਾਬੀਆਂ ਦੀ ਮਾਂ-ਖੇਡ ਦਾ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰੇਗੀ। ਉਨਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ ਲੀਗ ਦਾ ਸਾਰਾ ਖਰਚਾ ਪ੍ਰਾਈਵੇਟ ਸਪਾਂਸਰਾਂ ਵੱਲੋਂ ਚੁੱਕਿਆ ਜਾਏਗਾ। ਸਟੇਡੀਅਮ ਅਤੇ ਪ੍ਰਸ਼ਾਸਕੀ ਤੌਰ 'ਤੇ ਬਾਕੀ ਹਰ ਤਰ੍ਹਾਂ ਦੀ ਮਦਦ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਏਗੀ। ਜਲੰਧਰ ਵਿੱਚ 14 ਤੋਂ 21 ਅਕਤੂਬਰ ਤੱਕ ਮੈਚ ਖੇਡੇ ਜਾਣਗੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਹਾਕੀ ਸਟੇਡੀਅਮ ਵਿੱਚ 24 ਤੋਂ 29 ਅਕਤੂਬਰ ਤੱਕ ਮੈਚ ਖੇਡੇ ਜਾਣਗੇ। ਇੱਕ ਤੋਂ ਤਿੰਨ ਨਵੰਬਰ ਤੱਕ ਮੋਹਾਲੀ ਵਿੱਚ ਫਾਈਨਲ ਅਤੇ ਸਮਾਪਤੀ ਸਮਾਰੋਹ ਸਣੇ ਹੋਰ ਮੈਚ ਖੇਡੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਚੀਫ ਪੈਟਨਰਸ਼ਿਪ ਹੇਠ ਜਿੱਥੇ ਸੂਬਾ ਪੱਧਰ 'ਤੇ ਬਣਾਈ ਕਮੇਟੀ ਲੀਗ ਦੇ ਪ੍ਰਬੰਧ ਦੇਖ ਰਹੀ ਹੈ ਉਥੇ ਹੀ ਤਿੰਨਾਂ ਸਥਾਨਾਂ 'ਤੇ ਜ਼ਿਲ੍ਹਾ ਪੱਧਰ ਦੀ ਕਮੇਟੀ ਬਣਾਈ ਗਈ ਹੈ। ਜਲੰਧਰ ਵਿੱਚ ਪਾਰਲੀਮੈਂਟ ਮੈਂਬਰ ਚੌਧਰੀ ਸੰਤੋਖ ਸਿੰਘ, ਲੁਧਿਆਣਾ ਵਿੱਚ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਮੇਟੀਆਂ ਬਣਾਈਆਂ ਹਨ, ਜਿਨ੍ਹਾਂ ਵਿੱਚ ਸਥਾਨਕ ਵਿਧਾਇਕ, ਸਿਵਲ ਅਤੇ ਪੁਲਸ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਦੀ ਕਬੱਡੀ ਲੀਗ ਵਿੱਚ ਛੇ ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਦੇ ਨਾਂਅ ਕੈਲੀਫੋਰਨੀਆ ਈਗਲ (ਅਮਰੀਕਾ), ਮੈਪਲ ਲੀਫ (ਕੈਨੇਡਾ), ਸਿੰਘ ਵਾਰੀਅਰਸ (ਪੰਜਾਬ), ਬਲੈਕ ਪੈਂਥਰਜ਼ (ਫ੍ਰੀਜਨੋ, ਅਮਰੀਕਾ), ਹਰਿਆਣਾ ਲਾਇਨਸ (ਭਾਰਤ) ਅਤੇ ਦੋਆਬਾ ਵਾਈਅਰਸ (ਅਮਰੀਕਾ) ਹਨ। ਹਰ ਟੀਮ ਦੂਸਰੀ ਟੀਮ ਦੇ ਨਾਲ ਦੋ-ਦੋ ਮੈਚ ਖੇਡੇਗੀ ਅਤੇ ਇੱਕ ਟੀਮ ਕੁੱਲ 10 ਮੈਚ ਖੇਡੇਗੀ।