-ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ
ਨਵੀਂ ਦਿੱਲੀ, 20 ਮਾਰਚ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਫੋਨ ਕਰਕੇ ਚੋਣਾਂ ਜਿੱਤਣ 'ਤੇ ਵਧਾਈ ਦਿੱਤੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਰੂਸ-ਯੂਕਰੇਨ ਯੁੱਧ 'ਤੇ ਚਰਚਾ ਕੀਤੀ। ਜੰਗ 'ਤੇ ਭਾਰਤ ਦੇ ਸਟੈਂਡ ਨੂੰ ਦੁਹਰਾਉਂਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਇਸ ਮੁੱਦੇ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਕੁਝ ਘੰਟਿਆਂ ਬਾਅਦ ਹੀ ਪੀਐਮ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੂੰ ਵੀ ਫ਼ੋਨ ਕੀਤਾ। ਉਨ੍ਹਾਂ ਯੂਕਰੇਨ ਦੇ ਰਾਸ਼ਟਰਪਤੀ ਨੂੰ ਗੱਲਬਾਤ ਰਾਹੀਂ ਜੰਗ ਦਾ ਹੱਲ ਲੱਭਣ ਲਈ ਵੀ ਕਿਹਾ।
ਫੋਨ ਕਾਲ ਤੋਂ ਬਾਅਦ ਪੀਐਮ ਮੋਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਅਤੇ ਕਿਹਾ ਕਿ ਭਾਰਤ-ਯੂਕਰੇਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ 'ਤੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਚੰਗੀ ਚਰਚਾ ਹੋਈ। ਭਾਰਤ ਨੇ ਹਮੇਸ਼ਾ ਸ਼ਾਂਤੀ ਅਤੇ ਜੰਗ ਦੇ ਛੇਤੀ ਅੰਤ ਦਾ ਸਮਰਥਨ ਕੀਤਾ ਹੈ। ਅਸੀਂ ਹਮੇਸ਼ਾ ਮਾਨਵਤਾਵਾਦੀ ਸਹਾਇਤਾ ਜਾਰੀ ਰੱਖਾਂਗੇ।
ਇਸ ਤੋਂ ਪਹਿਲਾਂ ਪੁਤਿਨ ਨਾਲ ਗੱਲਬਾਤ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ ਕਿ ਰੂਸ ਦੇ ਰਾਸ਼ਟਰਪਤੀ ਨੂੰ ਇੱਕ ਵਾਰ ਫਿਰ ਤੋਂ ਚੋਣਾਂ ਜਿੱਤਣ 'ਤੇ ਵਧਾਈ। ਭਾਰਤ ਅਤੇ ਰੂਸ ਵਿਚਕਾਰ ਵਿਸ਼ੇਸ਼ ਦੋਸਤੀ ਅਤੇ ਰਣਨੀਤਕ ਭਾਈਵਾਲੀ ਹੈ। ਅਸੀਂ ਆਉਣ ਵਾਲੇ ਸਾਲਾਂ ਵਿਚ ਇਸਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਾ ਜਾਰੀ ਰੱਖਾਂਗੇ।