ਸ਼੍ਰੀਨਗਰ, 9 ਜੂਨ (ਪੋਸਟ ਬਿਊਰੋ): ਜੰਮੂ-ਕਸ਼ਮੀਰ ਦੇ ਰਿਆਸੀ 'ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਅੱਤਵਾਦੀ ਹਮਲਾ ਨਵੀਂ ਦਿੱਲੀ ਵਿੱਚ ਪੀਐਮ ਮੋਦੀ ਅਤੇ ਨਵੀਂ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਿਆਸੀ ਜਿ਼ਲ੍ਹੇ ਦੇ ਕਾਂਡਾ ਇਲਾਕੇ ਵਿੱਚ ਹੋਇਆ।
ਰਿਆਸੀ ਦੇ ਐੱਸਐੱਸਪੀ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਅੱਤਵਾਦੀਆਂ ਨੇ ਸਿ਼ਵ ਖੋੜੀ ਤੋਂ ਕਟੜਾ ਜਾ ਰਹੀ ਬੱਸ 'ਤੇ ਗੋਲੀਬਾਰੀ ਕੀਤੀ, ਜਿਸ 'ਚ ਡਰਾਈਵਰ ਜ਼ਖਮੀ ਹੋ ਗਿਆ ਅਤੇ ਉਹ ਬੱਸ ਤੋਂ ਕੰਟਰੋਲ ਗੁਆ ਬੈਠਾ। ਇਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ। 10 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 33 ਜ਼ਖਮੀ ਹੋ ਗਏ।
ਮੋਹਿਤਾ ਸ਼ਰਮਾ ਨੇ ਦੱਸਿਆ ਕਿ ਬੱਸ 'ਚ ਸਵਾਰ ਹੋਰ ਯਾਤਰੀਆਂ ਨੂੰ ਬਚਾ ਲਿਆ ਗਿਆ ਹੈ। ਯਾਤਰੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਜਿ਼ਆਦਾਤਰ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਹਨ। ਸੁਰੱਖਿਆ ਬਲਾਂ ਨੇ ਸਿ਼ਵ ਖੋੜੀ ਮੰਦਰ ਖੇਤਰ ਨੂੰ ਸੁਰੱਖਿਅਤ ਕਰ ਲਿਆ ਹੈ ਅਤੇ ਇਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।