ਨਵੀਂ ਦਿੱਲੀ, 14 ਜੂਨ (ਪੋਸਟ ਬਿਊਰੋ): ਭਾਰਤ ਨੇ ਜੰਮੂ-ਕਸ਼ਮੀਰ 'ਤੇ ਚੀਨ ਅਤੇ ਪਾਕਿਸਤਾਨ ਦੇ ਬਿਆਨਾਂ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਦਰਅਸਲ 7 ਜੂਨ ਨੂੰ ਬੀਜਿੰਗ 'ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਈ ਦੁਵੱਲੀ ਬੈਠਕ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ।
ਬੈਠਕ ਤੋਂ ਬਾਅਦ ਜਾਰੀ ਸਾਂਝੇ ਬਿਆਨ 'ਚ ਚੀਨ ਨੇ ਕਿਹਾ ਸੀ ਕਿ ਉਹ ਜੰਮੂ-ਕਸ਼ਮੀਰ 'ਚ ਭਾਰਤ ਦੀ ਇਕਪਾਸੜ ਕਾਰਵਾਈ ਦਾ ਵਿਰੋਧ ਕਰਦਾ ਹੈ। ਇਸ ਮੁੱਦੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਮੁੱਦੇ ਨੂੰ ਸੰਯੁਕਤ ਰਾਸ਼ਟਰ ਚਾਰਟਰ ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦੇ ਪ੍ਰਸਤਾਵਾਂ ਦੇ ਤਹਿਤ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ।
ਇਸ ਤੋਂ ਬਾਅਦ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਇਸ ਮਾਮਲੇ 'ਚ ਟਿੱਪਣੀ ਜਾਂ ਦਖਲ ਦੇਣ ਦਾ ਅਧਿਕਾਰ ਨਹੀਂ ਹੈ।