Welcome to Canadian Punjabi Post
Follow us on

21

January 2025
 
ਨਜਰਰੀਆ

ਜਸਵੰਤ ਸਿੰਘ ਕੰਵਲ ਦੇ 105ਵੇਂ ਜਨਮ ਦਿਵਸ `ਤੇ ‘ਪੰਜਾਬੀਆਂ ਦਾ ਬਾਈ ਜਸਵੰਤ ਸਿੰਘ ਕੰਵਲ’ ਪੁਸਤਕ ਵਰਿਆਮ ਸਿੰਘ ਸੰਧੂ ਨੂੰ ਭੇਟ ਕਰਦਿਆਂ

July 07, 2024 09:01 PM

ਪ੍ਰਿੰ. ਸਰਵਣ ਸਿੰਘ
ਜੇ ਸੰਤ ਸਿੰਘ ਸੇਖੋਂ ਪੰਜਾਬੀ ਸਾਹਿਤ ਦਾ ਬੋਹੜ ਸੀ ਤਾਂ ਜਸਵੰਤ ਸਿੰਘ ਕੰਵਲ ਸਰੂ ਦਾ ਰੁੱਖ ਸੀ। ਉਹ ਵਗਦੀਆਂ `ਵਾਵਾਂ ਦੇ ਵੇਗ ਵਿੱਚ ਝੂੰਮਦਾ, ਕਦੇ ਖੱਬੇ ਲਹਿਰਾਉਦਾ, ਕਦੇ ਸੱਜੇ ਤੇ ਕਦੇ ਵਾਵਰੋਲੇ ਵਾਂਗ ਘੁੰਮਦਾ। ਉਹਦਾ ਤਣਾ ਮਜ਼ਬੂਤ ਸੀ ਤੇ ਜੜ੍ਹਾਂ ਡੂੰਘੀਆਂ ਜਿਸ ਕਰਕੇ ਝੱਖੜ ਤੂਫ਼ਾਨ ਵੀ ਉਸ ਨੂੰ ਧਰਤੀ ਤੋਂ ਨਹੀਂ ਹਿਲਾ ਸਕੇ। ਉਹ ਵੇਗਮੱਤਾ ਲੇਖਕ ਸੀ ਤੇ ਲੋਹੜੇ ਦਾ ਉਪਭਾਵਕ। ਉਹਦੇ ਰੁਮਾਂਚਿਕ ਰਉਂ `ਚ ਲਿਖੇ ਵਾਕ ਸਿੱਧੇ ਦਿਲਾਂ `ਤੇ ਵਾਰ ਕਰਦੇ ਰਹੇ। ਉਸ ਨੇ ਹਜ਼ਾਰਾਂ ਸੰਵਾਦ ਰਚੇ ਜੋ ਨੌਜੁਆਨਾਂ ਦੀਆਂ ਡਾਇਰੀਆਂ ਉਤੇ ਚੜ੍ਹਦੇ ਰਹੇ। ਉਹਦੀ ਪ੍ਰੀਤ ਭਿੱਜੀ ਰੁਮਾਂਚਿਕ ਸ਼ੈਲੀ ਨੇ ਲੱਖਾਂ ਪਾਠਕ ਪੱਟੇ। ਡਾ. ਜਸਵੰਤ ਗਿੱਲ ਉਹਦੇ ਨਾਵਲ ‘ਰਾਤ ਬਾਕੀ ਹੈ’ ਦੀ ਪੱਟੀ ਢੁੱਡੀਕੇ ਆ ਬੈਠੀ ਸੀ।
ਪੁਸਤਕ ‘ਜੀਵਨ ਕਣੀਆਂ’ ਤੋਂ ‘ਧੁਰ ਦਰਗਾਹ’ ਤਕ ਪੁੱਜਦਿਆਂ ਕੰਵਲ ਨੇ ਜੀਵਨ ਦੇ ਅਨੇਕਾਂ ਰੰਗ ਵੇਖੇ ਤੇ ਪਾਠਕਾਂ ਨੂੰ ਵਿਖਾਏ। ਚੜ੍ਹਦੀ ਜਵਾਨੀ ਵਿੱਚ ਉਹ ਹੀਰ ਗਾਉਂਦਾ, ਕਵਿਤਾ ਲਿਖਦਾ, ਸਾਧਾਂ ਸੰਤਾਂ ਤੇ ਵੈਲੀਆਂ ਬਦਮਾਸ਼ਾਂ ਦੀ ਸੰਗਤ ਕਰਦਾ, ਵੇਦਾਂਤ ਤੇ ਮਾਰਕਸਵਾਦ ਪੜ੍ਹਦਾ, ਸੱਜੇ ਖੱਬੇ ਦੇ ਕਾਮਰੇਡਾਂ ਤੇ ਨਕਸਲੀਆਂ ਦਾ ਹਮਦਰਦ ਬਣਦਾ, ਪ੍ਰੋ. ਕਿਸ਼ਨ ਸਿੰਘ ਦੇ ਨਿਤਾਰੇ ਮਾਰਕਸੀ ਨਜ਼ਰੀਏ ਤੋਂ ਸਿੱਖ ਇਨਕਲਾਬ ਵੱਲ ਮੋੜਾ ਪਾਉਂਦਾ, ਸਿੱਖ ਹੋਮਲੈਂਡ ਦਾ ਸਮੱਰਥਨ ਕਰਦਾ, ਖਾੜਕੂਆਂ ਦਾ ਹਮਦਰਦ ਬਣ ਗਿਆ। ਸਿਆਸੀ ਨੇਤਾਵਾਂ ਨੂੰ ਖੁੱਲ੍ਹੀਆਂ ਚਿੱਠੀਆਂ ਲਿਖਦਾ ਪੰਥ-ਪੰਥ ਤੇ ਪੰਜਾਬ ਪੰਜਾਬ ਕੂਕਣ ਲੱਗ ਪਿਆ। ਅਖ਼ੀਰ ਉਹ ‘ਪੰਜਾਬ ਤੇਰਾ ਕੀ ਬਣੂੰ?’ ਦੇ ਝੋਰੇ ਝੁਰਨ ਲੱਗ ਪਿਆ ਅਤੇ ‘ਰੁੜ੍ਹ ਚੱਲਿਆ ਪੰਜਾਬ’ ਤੇ ‘ਧੁਰ ਦਰਗਾਹ’ਵਰਗੀਆਂ ਪੁਸਤਕ ਲਿਖਦਾ ਅਕਾਲ ਚਲਾਣਾ ਕਰ ਗਿਆ।
9 ਦਸੰਬਰ 2018 ਨੂੰ ਮੈਂ ਉਹਨੂੰ ਮਿਲਣ ਗਿਆ ਤਾਂ ਉਹ ਚੜ੍ਹਦੀ ਕਲਾ `ਚ ਮਿਲਿਆ। ਸਰੀਰ ਭਾਵੇਂ ਕੁੱਝ ਝੰਵਿਆਂ ਲੱਗਾ ਪਰ ‘ਮੈਂ ਕਾਇਮ ਹਾਂ’ ਦੇ ਬੋਲ ਗੜ੍ਹਕਵੇਂ ਲੱਗੇ। ਪੜ੍ਹਨ ਲਿਖਣ ਵਾਲੇ ਕਮਰੇ ਵਿੱਚ ਉਹਦੀਆਂ ਫੋਟੋਆਂ ਵਿਚਕਾਰ ਡਾ. ਜਸਵੰਤ ਗਿੱਲ ਦੀ ਫੋਟੋ ਵੀ ਲੱਗੀ ਹੋਈ ਸੀ। ਕੋਠੀ ਉਵੇਂ ਹੀ ਸੀ ਪਰ ਡਾ. ਜਸਵੰਤ ਗਿੱਲ ਦੀ ਜੀ ਆਇਆਂ ਕਹਿਣ ਵਾਲੀ ਮੁਸਕਰਾਹਟ ਉਥੇ ਨਹੀਂ ਸੀ।
ਉਦੋਂ ਉਹਦੀ ਸਿਹਤ ਠੀਕ ਠਾਕ ਸੀ। ਦਿਸਦਾ ਸਾਫ ਸੀ ਪਰ ਸੁਣਦਾ ਉੱਚਾ। ਕੋਈ ਹਾਲ ਚਾਲ ਪੁੱਛਦਾ ਤਾਂ ਆਖਦਾ, “ਮੇਰਾ ਤਾਂ ਚੰਗਾ ਪਰ ਪੰਜਾਬ ਦਾ ਮਾੜੈ।”
5 ਜਨਵਰੀ 2019 ਨੂੰ ਮੈਂ ਕੈਨੇਡਾ ਤੋਂ ਫਿਰ ਮਿਲਣ ਗਿਆ ਤਾਂ ਉਹ ਇਹੋ ਸ਼ਿਅਰ ਦੁਹਰਾਈ ਗਿਆ:
ਹਮ ਜੋ ਗਏ ਤੋ ਰਾਹ ਗੁਜ਼ਰ ਨਾ ਥੀ
ਤੁਮ ਜੋ ਆਏ ਤੋ ਮੰਜ਼ਲੇਂ ਲਾਏਂ …
ਰਾਤ ਮੈਂ ਉਹਦੇ ਕੋਲ ਰਿਹਾ। ਸਵੇਰੇ ਉਹਦੀ ਹੱਥ ਲਿਖਤ ਦੀ ਨਿਸ਼ਾਨੀ ਵਜੋਂ ਇੱਕ ਕਾਗਜ਼ ਮੇਜ਼ ਤੋਂ ਚੁੱਕ ਲਿਆ ਜੋ ਉਸ ਨੇ ਤਾਜ਼ਾ ਹੀ ਲਿਖਿਆ ਸੀ। ਉਹ ਪੁਰਾਣੇ ਪੈਡ ਦਾ ਅੱਧਾ ਵਰਕਾ ਸੀ। ਮੈਂ ਤਹਿ ਕਰ ਕੇ ਬਟੂਏ `ਚ ਪਾ ਲਿਆ। ਉਸ ਉਤੇ ਲਿਖੀ ਪਹਿਲੀ ਸਤਰ ਹੈ: ਕਾਲੀ ਗਾਨੀ ਮਿੱਤਰਾਂ ਦੀ, ਗਲ ਪਾ ਕੇ ਲੱਖਾਂ ਦੀ ਹੋ ਜਾਹ। ਦੂਜੀ ਸਤਰ ਹੈ: ਛੋਟੀਆਂ ਲੜਾਈਆਂ ਬੰਦ। ਚੜ੍ਹਦੀ ਕਲਾ ਬੁਲੰਦ! ਤੇ ਤੀਜੀ ਸਤਰ ਹੈ: ਸ਼ਕਤੀ ਬੰਦੇ ਨੂੰ ਲਲਕਾਰਦੀ ਹੈ; ਤੇਰੀ ਆਈ ਮੈਂ ਮਰ ਜਾਂ, ਤੇਰਾ ਵਾਲ ਵਿੰਗਾ ਨਾ ਹੋਵੇ। ਕਾਗਜ਼ ਦੇ ਦੋਹੀਂ ਪਾਸੀਂ ਵੀਹ ਕੁ ਸਤਰਾਂ ਹਨ ਜਿਨ੍ਹਾਂ ਦਾ ਇੱਕ ਦੂਜੀ ਨਾਲ ਕੋਈ ਤਾਲ ਮੇਲ ਨਹੀਂ।
ਉਸ ਨੂੰ ਲਿਖਣ ਦੀ ਪ੍ਰੇਰਨਾ ਗੁਰਬਾਣੀ, ਵਾਰਸ ਦੀ ਹੀਰ, ਸੂਫੀ ਕਵਿਤਾ ਤੇ ਲੋਕ ਗੀਤਾਂ ਤੋਂ ਮਿਲੀ ਸੀ। ਪ੍ਰੋ. ਪੂਰਨ ਸਿੰਘ, ਵਿਕਟਰ ਹਿਊਗੋ, ਚਾਰਲਸ ਡਿਕਨਜ਼, ਬਾਲਜ਼ਾਕ ਤੇ ਟਾਲਸਟਾਏ ਆਦ ਲੇਖਕਾਂ ਤੋਂ ਪ੍ਰਭਾਵਿਤ ਹੋਇਆ। ਉਹ ਭਾਵੇਂ ਦਸਵੀਂ `ਚ ਅੜ ਗਿਆ ਸੀ ਪਰ ਲਿਖਣ `ਚ ਏਨਾ ਅੱਗੇ ਵਧਿਆ ਕਿ ਉਸ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਡੀ. ਲਿੱਟ. ਦੀ ਆਨਰੇਰੀ ਡਿਗਰੀ ਦੇ ਕੇ ਸਨਮਾਨਿਆ। ਪੰਜਾਬ ਸਰਕਾਰ ਨੇ ਸਾਹਿਤ ਰਤਨ ਦਾ ਖ਼ਿਤਾਬ ਦਿੱਤਾ। ਪੰਜਾਬੀ ਸਾਹਿਤ ਅਕਾਡਮੀ ਤੇ ਭਾਰਤੀ ਸਾਹਿਤ ਅਕਾਡਮੀ ਨੇ ਵੀ ਆਪੋ ਆਪਣੇ ਅਵਾਰਡ ਦਿੱਤੇ। ਉਸ ਨੂੰ ਸਰਵਸ੍ਰੇਸ਼ਟ ਪੁਰਸਕਾਰ ਨਾਲ ਵਡਿਆਇਆ ਗਿਆ। ਸੈਮਸੰਗ ਕੰਪਨੀ ਨੇ ਸਾਹਿਤ ਅਕਾਡਮੀ ਦਿੱਲੀ ਰਾਹੀਂ ਟੈਗੋਰ ਯਾਦਗਾਰੀ ਅਵਾਰਡ ਦਿੱਤਾ।
ਉਸ ਨੇ ਢੁੱਡੀਕੇ ਦੀ ਸਰਪੰਚੀ ਤੋਂ ਲੈ ਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਜਨਰਲ ਸਕੱਤਰੀ, ਪ੍ਰਧਾਨਗੀ ਤੇ ਸਰਪ੍ਰਸਤੀ ਕੀਤੀ। ਪੰਜਾਬੀ ਕਨਵੈਨਸ਼ਨਾਂ ਦਾ ਕਨਵੀਨਰ ਰਿਹਾ। ਇੰਗਲੈਂਡ ਵਿੱਚ ਪਹਿਲੀ ਵਿਸ਼ਵ ਪੰਜਾਬੀ ਕਾਨਫਰੰਸ ਕਰਾਉਣ ਦਾ ਮੋਹਰੀ ਸੀ। ਪੰਜਾਬੀ ਨੂੰ ਦੇਵਨਾਗਰੀ ਲਿੱਪੀ ਵਿੱਚ ਲਿਖਣ ਅਤੇ ਹਿੰਦੀ ਸੰਸਕ੍ਰਿਤ ਦੀ ਸ਼ਬਦਾਵਲੀ `ਚ ਖਚਤ ਹੋਣ ਤੋਂ ਬਚਾਇਆ। ਆਪਣੀ ਸੌ ਸਾਲ ਸੱਤ ਮਹੀਨੇ ਦੀ ਲੰਮੀ ਉਮਰ ਵਿੱਚ ਉਸ ਨੇ ਅੱਸੀ ਸਾਲ ਕਲਮ ਚਲਾ ਕੇ ਸੌ ਤੋਂ ਵੱਧ ਪੁਸਤਕਾਂ ਪੰਜਾਬੀ ਸਾਹਿਤ ਨੂੰ ਦਿੱਤੀਆਂ। ਉਹ ਭਾਸ਼ਾ ਵਿਭਾਗ ਪੰਜਾਬ ਦੇ ਬੋਰਡ ਦਾ ਸਲਾਹਕਾਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ਰਿਹਾ। ਸਾਹਿਤ ਟ੍ਰੱਸਟ ਢੁੱਡੀਕੇ ਤਾਂ ਸੀ ਹੀ ਉਹਦਾ, ਜਿਸ ਨੇ ਸੌ ਦੇ ਕਰੀਬ ਪੰਜਾਬੀ ਲੇਖਕਾਂ ਨੂੰ ਅਵਾਰਡ ਦਿੱਤੇ। ਉਹ ਵੀ ਪੰਜਾਬੀ ਦੇ ਹਿੰਦੂ ਲੇਖਕਾਂ ਬਾਵਾ ਬਲਵੰਤ ਤੇ ਬਲਰਾਜ ਸਾਹਨੀ ਦੇ ਨਾਵਾਂ ਉਤੇ। ਪੰਜਾਬੀਆਂ ਦੇ 1947 `ਚ ਹੋਏ ਕਤਲੇਆਮ ਸਮੇਂ ਆਪਣੇ ਪਿੰਡ ਢੁੱਡੀਕੇ ਵਿੱਚ ਕੋਈ ਵੀ ਮੁਸਲਮਾਨ ਕਤਲ ਨਹੀਂ ਹੋਣ ਦਿੱਤਾ। ਉਹ ਹੋਰ ਵੀ ਬਹੁਤ ਕੁੱਝ ਸੀ ਜੋ ਇਸ ਪੁਸਤਕ ਵਿੱਚੋਂ ਪੜ੍ਹਿਆ ਜਾ ਸਕਦੈ। ਪੁਸਤਕ ਪੀਪਲਜ਼ ਫੋ਼ਰਮ ਬਰਗਾੜੀ ਵਾਲਿਆਂ ਨੇ ਪ੍ਰਕਾਸਿ਼ਤ ਕੀਤੀ ਹੈ ਜਿਨ੍ਹਾਂ ਦੇ ਫੋਨ ਨੰ. 9872989313 ਤੇ 9876710809 ਹਨ।

 
Have something to say? Post your comment
ਹੋਰ ਨਜਰਰੀਆ ਖ਼ਬਰਾਂ
ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਤੇ ਧਰਮ ਅਤੇ ਰਾਜਨੀਤੀ ਬਾਰੇ ਹਾਈਕੋਰਟ ਦਾ ਤਾਜ਼ਾ ਫੈਸਲਾ ਰਾਹੀ ਮਾਸੂਮ ਰਜ਼ਾ ਕਹਿੰਦਾ ਸੀ: ਯੇ ਮੌਸਮ ਖਤਮ ਹੋਨੇ ਕਾ ਨਾਮ ਹੀ ਨਹੀਂ ਲੇ ਰਹਾ ਕੈਨੇਡੀਅਨ ਸਮਾਜ ਦਾ ਦਰਪਣ : ਬਲਜੀਤ ਰੰਧਾਵਾ ਦੀ ਪੁਸਤਕ ‘ਲੇਖ ਨਹੀਂ ਜਾਣੇ ਨਾਲ਼’ ਸੜਕ ਏਥੇ ਦੀ ਏਥੇ ਤੇ ਦੇਸ਼ ਏਦਾਂ ਦਾ ਏਦਾਂ ਰਹੇਗਾ, ਪਤਾ ਨਹੀਂ ਕਦੋਂ ਤੱਕ! ਮੇਰਾ ਬਾਬਾ ਨਾਨਕ ਅਦੁੱਤੀ ਰੱਬੀ ਦੂਤ ਇਤਿਹਾਸ ਦੱਸਦੈ ਅਕਾਲੀ ਦਲ ਦਾ ਪਾਟਕ ਪੰਜਾਬ ਉੱਤੇ ਕੀ ਅਸਰ ਪਾ ਸਕਦੈ! ਮਹਾਰਾਸ਼ਟਰ, ਝਾਰਖੰਡ ਦੇ ਨਾਲ ਪੰਜਾਬ ਦੀਆਂ ਚਾਰ ਸੀਟਾਂ ਲਈ ਚੋਣਾਂ ਨਵੇਂ ਸਬਕ ਦੇਣ ਵਾਲਾ ਸਾਬਤ ਹੋਇਆ ਹਰਿਆਣੇ ਅਤੇ ਜੰਮੂ-ਕਸ਼ਮੀਰ ਦੀਆਂ ਚੋਣਾਂ ਦਾ ਨਤੀਜਾ ਪੇਂਡੂ ਵੋਟਰੋ ਲੋਕ ਸੇਵਾ ਵਾਲੇ ਪੜ੍ਹੇ ਲਿਖੇ ਸਰਪੰਚ/ਪੰਚ ਚੁਣੋ! ਪ੍ਰੋ. ਕੁਲਬੀਰ ਸਿੰਘ ਦੇ ਟੋਰਾਂਟੋ ਆਉਣ `ਤੇ -- ਮੀਡੀਆ ਅਤੇ ਖੇਡਾਂ ਤੇ ਖਿਡਾਰੀ: ਪ੍ਰੋ. ਕੁਲਬੀਰ ਸਿੰਘ