ਚੰਡੀਗੜ੍ਹ, 9 ਜੁਲਾਈ (ਪੋਸਟ ਬਿਊਰੋ): ਜਸਟਿਸ ਸ਼ੀਲ ਨਾਗੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਬਣੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ 'ਚ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਸਨ।
ਹਾਈਕੋਰਟ ਵਿੱਚ ਪਿਛਲੇ 9 ਮਹੀਨਿਆਂ ਤੋਂ ਚੀਫ਼ ਜਸਟਿਸ ਦੀ ਤਾਇਨਾਤੀ ਨਹੀਂ ਸੀ। 13 ਅਕਤੂਬਰ, 2023 ਨੂੰ ਜਸਟਿਸ ਰਵੀ ਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ, ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐੱਸ ਸੰਧਾਵਾਲੀਆ ਨੂੰ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈਕੋਰਟ ਵਿੱਚ ਤਾਇਨਾਤ ਸਨ।