Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਤੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ

July 22, 2024 08:33 AM

-ਕਿਹਾ, ਅਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਸਮੇਂ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਅਤੇ ਲਾਮਿਸਾਲ ਕੁਰਬਾਨੀਆਂ ਦੇ ਮਹੱਤਵਪੂਰਨ ਯੋਗਦਾਨ ਸਦਕਾ ਪੰਜਾਬ ਵਿਸ਼ੇਸ਼ ਸਨਮਾਨ ਦਾ ਹੱਕਦਾਰ
-ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡਾਂ ਦੀ ਮੰਗ
-ਕਿਸਾਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਕੀਤੀ ਵਕਾਲਤ
ਚੰਡੀਗੜ੍ਹ, 22 ਜੁਲਾਈ (ਪੋਸਟ ਬਿਊਰੋ): ਵਿੱਤੀ ਸੂਝ-ਬੂਝ ਅਤੇ ਤੱਥਾਂ 'ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ 'ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ।
ਮੁੱਖ ਮੰਤਰੀ ਨੇ ਕਮਿਸ਼ਨ ਦਾ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਾਵਨ ਧਰਤੀ 'ਤੇ ਉੱਤੇ ਪਹੁੰਚਣ ਲਈ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੀ ਖੜਗਭੁਜਾ ਹੋਣ ਦੇ ਨਾਤੇ ਸੂਬੇ ਨੇ ਦੇਸ਼ ਦੇ ਆਜ਼ਾਦੀ ਅੰਦੋਲਨ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਹੁਣ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚ ਕੁਸ਼ਲ, ਪਾਰਦਰਸ਼ੀ ਸ਼ਾਸਨ ਅਤੇ ਮਜ਼ਬੂਤ ਆਰਥਿਕ ਵਿਕਾਸ ਲਿਆਉਣ ਦੇ ਉਦੇਸ਼ ਨਾਲ ਡੂੰਘੇ ਸੁਧਾਰਾਂ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਬਹੁਤ ਸਾਰੇ ਲੋਕ-ਪੱਖੀ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਬਿਹਤਰ ਸਥਿਰਤਾ ਅਤੇ ਸਵੈ-ਨਿਰਭਰਤਾ ਲਈ ਸਰੋਤਾਂ ਨੂੰ ਜੁਟਾਉਣ ਲਈ ਪੰਜਾਬ ਆਪਣੀ ਪੂਰੀ ਵਾਹ ਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮਾਲੀਆ 33 ਫੀਸਦੀ ਵਧਿਆ ਹੈ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿੱਚ ਮਿਲੀਆਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਚੋਣਾਂ ਦੇ ਦਿਨਾਂ ਤੋਂ ਠੀਕ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਗਲਤ ਸਿਆਸੀ ਫੈਸਲਿਆਂ ਕਾਰਨ ਪੈਦਾ ਹੋਈਆਂ ਹਨ। ਭਾਵੇਂ ਮਾਰਚ, 2017 ਵਿੱਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜ਼ਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ ਕਿਉਂਕਿ ਅਸੀਂ ਵਿਰਸੇ ਵਿੱਚ ਮਿਲੀਆਂ ਇਨ੍ਹਾਂ ਚੁਣੌਤੀਆਂ ਦੇ ਵਿਚਕਾਰ ਵਿੱਤੀ ਮਜ਼ਬੂਤੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ 'ਰੰਗਲਾ ਪੰਜਾਬ' ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਜਿਸ ਲਈ ਸੂਬੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰਸੇ ਵਿੱਚ ਮਿਲੀਆਂ ਸਮੱਸਿਆਵਾਂ ਤੋਂ ਇਲਾਵਾ ਸੂਬੇ ਨੂੰ ਕਈ ਅਜਿਹੀਆਂ ਵਿਲੱਖਣ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਦਾ ਇਸ ਵੇਲੇ ਕੋਈ ਹੋਰ ਸੂਬੇ ਸਾਹਮਣਾ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਨਾਰਕੋ-ਅੱਤਵਾਦ ਅਤੇ ਸਰਹੱਦ ਪਾਰ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੀ ਭਰਤੀ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ 500 ਕਿਲੋਮੀਟਰ ਤੋਂ ਵੱਧ ਅੰਤਰਰਾਸ਼ਟਰੀ ਸਰਹੱਦ 'ਤੇ ਤੈਨਾਤੀ ਰਾਹੀਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੀ ਹੈ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਨੂੰ ਸੂਬੇ ਦੀ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ 'ਤੇ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਤਾਂ ਜੋ ਕੌਮੀ ਫ਼ਰਜ਼ ਨੂੰ ਕੁਸ਼ਲਤਾ ਨਾਲ ਨਿਭਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਕਾਇਮ ਕਰਨ ਦੀ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਫਰਵਰੀ 2024 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਕ ਹਜ਼ਾਰ ਤੋਂ ਵੱਧ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰ ਕੇ ਦੇਸ਼ ਲਈ ਅਨਾਜ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਗੱਲ ਕਰੀਏ ਤਾਂ ਸੂਬੇ ਦੇ ਲਗਪਗ ਸਾਰੇ ਬਲਾਕ ਬਲੈਕ ਜ਼ੋਨ ਵਿੱਚ ਚਲੇ ਗਏ ਹਨ, ਜਿਸ ਕਾਰਨ ਸੂਬੇ ਦਾ ਪਾਣੀ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ। ਤੇਜ਼ੀ ਨਾਲ ਘਟ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪੈਦਾ ਹੋ ਰਹੀ ਸਥਿਤੀ ਉੱਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਦੁਬਈ ਅਤੇ ਹੋਰ ਖਾੜੀ ਦੇਸ਼ਾਂ ਵਿੱਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਉੱਚ ਸ਼ਕਤੀ ਵਾਲੀਆਂ ਮੋਟਰਾਂ ਦੀ ਪੰਜਾਬ ਵਿੱਚ ਪਾਣੀ ਕੱਢਣ ਲਈ ਵਰਤੋਂ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਪਾਣੀ ਬਚਾਉਣ ਦਾ ਇੱਕੋ-ਇੱਕ ਰਸਤਾ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ 17,500 ਰੁਪਏ ਪ੍ਰਤੀ ਹੈਕਟੇਅਰ ਰਿਆਇਤ ਦੀ ਤਜਵੀਜ਼ ਨੂੰ ਪ੍ਰਵਾਨ ਕੀਤਾ ਹੈ। ਇਹ ਫਸਲੀ ਚੱਕਰ ਨੂੰ ਤੋੜਨ ਵਿੱਚ ਅਹਿਮ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੇਸ਼ ਵਿੱਚ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਅਤੇ ਹੁਣ ਇਸ ਯੂਨੀਵਰਸਿਟੀ ਦੀ ਅਗਵਾਈ ਵਿਸ਼ਵ ਪ੍ਰਸਿੱਧ ਟਿਸ਼ੂ ਕਲਚਰ ਮਾਹਿਰ ਕਰ ਰਹੇ ਹਨ, ਜੋ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਨੂੰ ਯਕੀਨੀ ਬਣਾ ਰਹੀ ਹੈ ਅਤੇ ਪਹਿਲਾਂ 30 ਫੀਸਦੀ ਦੇ ਮੁਕਾਬਲੇ ਪੰਜਾਬ ਹੁਣ ਸਿੰਜਾਈ ਲਈ 70 ਫੀਸਦੀ ਨਹਿਰੀ ਪਾਣੀ ਵਰਤ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਕ ਪਾਸੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ ਅਤੇ ਦੂਜੇ ਪਾਸੇ ਬਿਜਲੀ ਦੀ ਬਚੇਗੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਤੋਂ ਬੋਝ ਘਟੇਗਾ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵਰਗੀਆਂ ਵੱਡੀਆਂ ਸਨਅਤੀ ਕੰਪਨੀਆਂ ਸੂਬਾ ਸਰਕਾਰ ਦੀਆਂ ਨਿਵੇਸ਼ ਹਿਤੈਸ਼ੀ ਨੀਤੀਆਂ ਕਾਰਨ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਗੁਆਂਢੀ ਸੂਬਿਆਂ ਵਿੱਚ ਟੈਕਸ ਰਿਆਇਤਾਂ ਕਾਰਨ ਪੰਜਾਬ ਦੇ ਸਨਅਤੀ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ, ਇਸ ਕਾਰਨ ਉਦਯੋਗਿਕ ਇਕਾਈਆਂ ਇਨ੍ਹਾਂ ਸੂਬਿਆਂ ਵਿੱਚ ਤਬਦੀਲ ਹੋ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਹੁਤ ਸਾਰੇ ਲੀਕ ਤੋਂ ਹਟਵੇਂ ਵਿਚਾਰ ਪੇਸ਼ ਕੀਤੇ ਹਨ, ਜਿਨ੍ਹਾਂ ਵਿੱਚ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਸ਼ਾਮਲ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਵਾਸਤੇ ਮਾਹੌਲ ਸੁਖਾਵਾਂ ਬਣਾਉਣਾ ਹੈ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਨੂੰ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ਨੂੰ ਪਛਾਣਨ ਅਤੇ ਸੂਬੇ ਨੂੰ ਇਨ੍ਹਾਂ ਅੜਿੱਕਿਆਂ ਨੂੰ ਪਾਰ ਕਰਨ ਦੇ ਯੋਗ ਬਣਾਉਣ ਲਈ ਲੋੜੀਂਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਮਦਦ ਸਾਡੇ ਸੂਬੇ ਦੇ ਵਿੱਤ ਵਿੱਚ ਮਹੱਤਵਪੂਰਨ ਸੁਧਾਰ ਕਰਨ ਅਤੇ ਸਾਰਿਆਂ ਲਈ ਟਿਕਾਊ ਵਿਕਾਸ ਤੇ ਖ਼ੁਸ਼ਹਾਲੀ ਵੱਲ ਆਪਣੀ ਯਾਤਰਾ ਜਾਰੀ ਰੱਖਣ ਲਈ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹਾਲਾਤ ਭਾਵੇਂ ਜਿਵੇਂ ਦੇ ਵੀ ਹੋਣ ਪੰਜਾਬ ਹਮੇਸ਼ਾ ਡਟ ਕੇ ਖੜ੍ਹਦਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੁਸੀਬਤਾਂ ਦਾ ਸਾਹਮਣਾ ਕਰਦਿਆਂ ਪੰਜਾਬ ਹਮੇਸ਼ਾ ਪਹਿਲਾਂ ਨਾਲੋਂ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਅਸੀਂ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਸਹਿਯੋਗ ਅਤੇ ਮਾਰਗ ਦਰਸ਼ਨ ਨਾਲ ਸੂਬਾ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਅਤੇ ਸਮਰੱਥ ਬਣਾਏਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ