ਢਾਕਾ, 4 ਅਗਸਤ (ਪੋਸਟ ਬਿਊਰੋ): ਬੰਗਲਾਦੇਸ਼ ਵਿੱਚ ਇੱਕ ਵਾਰ ਫਿਰ ਹਿੰਸਾ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਵਾਰ ਹਜ਼ਾਰਾਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ ਹਨ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਕਈ ਥਾਵਾਂ 'ਤੇ ਹਿੰਸਕ ਝੜਪਾਂ ਹੋਈਆਂ।
ਜਾਣਕਾਰੀ ਮੁਤਾਬਕ ਹੁਣ ਤੱਕ 72 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 14 ਪੁਲਿਸ ਮੁਲਾਜ਼ਮ ਵੀ ਸ਼ਾਮਿਲ ਹਨ। ਹੁਣ ਤੱਕ ਗੋਲੀਆਂ ਨਾਲ ਜ਼ਖਮੀ ਹੋਏ 40 ਤੋਂ ਵੱਧ ਲੋਕ ਹਸਪਤਾਲ 'ਚ ਭਰਤੀ ਹਨ।
ਸਰਕਾਰ ਨੇ ਹਿੰਸਾ 'ਤੇ ਕਾਬੂ ਪਾਉਣ ਲਈ ਦੇਸ਼ ਭਰ 'ਚ ਕਰਫਿਊ ਲਗਾ ਦਿੱਤਾ ਹੈ। ਨਾਲ ਹੀ ਅਗਲੇ 3 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜਧਾਨੀ ਢਾਕਾ 'ਚ ਦੁਕਾਨਾਂ ਅਤੇ ਬੈਂਕਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਪੁਲਿਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਅਤੇ ਧੂੰਏਂ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਹਿੰਸਾ 'ਤੇ ਕਾਬੂ ਪਾਉਣ ਲਈ ਸਰਕਾਰ ਨੇ ਇੰਟਰਨੈੱਟ ਬੰਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਫੇਸਬੁੱਕ, ਵਟਸਐਪ, ਇੰਸਟਾਗ੍ਰਾਮ ਅਤੇ ਐਕਸ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ।