ਚੰਡੀਗੜ੍ਹ, 13 ਸਤੰਬਰ (ਪੋਸਟ ਬਿਊਰੋ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਭਾਰਤ ਦੇ ਸੰਵਿਧਾਨ ਦੀ ਜਿੱਤ ਕਰਾਰ ਦਿੱਤਾ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਸੰਵਿਧਾਨ, ਲੋਕਤੰਤਰ ਅਤੇ ਭਾਰਤ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਨਿਆਂਪਾਲਿਕਾ ਅਤੇ ਕਾਨੂੰਨ ਦੇ ਰਾਜ ਵਿੱਚ ਸਾਡੇ ਵਿਸ਼ਵਾਸ ਦੀ ਪੁਸ਼ਟੀ ਕਰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ, ਅਤੇ ਅੱਜ ਦਾ ਫੈਸਲਾ ਇਸ ਗੱਲ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦਾ ਕੇਜਰੀਵਾਲ ਨੂੰ ਜ਼ਮਾਨਤ ਦੇਣ ਦਾ ਫੈਸਲਾ ਸਪੱਸ਼ਟ ਸੰਕੇਤ ਹੈ ਕਿ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ਅਤੇ ਨਿਆਂ ਹਮੇਸ਼ਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਈਟੀਓ ਨੇ ਲੋਕਤੰਤਰ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਣ ਅਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਦੇ ਮੂੰਹ 'ਤੇ ਕਰਾਰੀ ਚਪੇੜ ਹੈ ਜੋ ਸੱਤਾ ਦੀ ਦੁਰਵਰਤੋਂ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।