ਨਵੀਂ ਦਿੱਲੀ, 13 ਸਤੰਬਰ (ਪੋਸਟ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਹਨ। ਸ਼ੁੱਕਰਵਾਰ ਨੂੰ ਹੀ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕੀਤਾ ਸੀ।
ਤਿਹਾੜ ਜੇਲ੍ਹ ਦੇ ਬਾਹਰ ਵੱਡੀ ਗਿਣਤੀ 'ਚ 'ਆਪ' ਆਗੂ ਅਤੇ ਵਰਕਰ ਜਸ਼ਨ ਮਨਾ ਰਹੇ ਹਨ। 'ਆਪ' ਨੇਤਾ ਤਿਹਾੜ ਦੇ ਬਾਹਰ ਭਾਰੀ ਮੀਂਹ ਦੇ ਵਿਚਕਾਰ ਜਸ਼ਨ ਮਨਾ ਰਹੇ ਹਨ ਅਤੇ ਉਨ੍ਹਾਂ ਦੇ ਸਵਾਗਤ ਲਈ ਤਿਆਰ ਹਨ। ਵੀਡੀਓ 'ਚ ਮਨੀਸ਼ ਸਿਸੋਦੀਆ, ਭਗਵੰਤ ਮਾਨ, ਸੰਜੇ ਸਿੰਘ ਅਤੇ ਆਤਿਸ਼ੀ ਮੀਂਹ 'ਚ ਭਿੱਜਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫਿਰ ਬਹਿਸ ਦੌਰਾਨ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। 10 ਮਈ ਨੂੰ ਉਨ੍ਹਾਂ ਨੂੰ ਆਮ ਚੋਣਾਂ ਵਿੱਚ ਪ੍ਰਚਾਰ ਕਰਨ ਲਈ 21 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ।