-ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ
ਨਵਾਂਸ਼ਹਿਰ, 16 ਸਤੰਬਰ (ਗਿਆਨ ਸਿੰਘ): 2014 ਬੈਚ ਦੇ ਆਈ.ਏ.ਐੱਸ. ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਇਸ ਤੋਂ ਇਲਾਵਾ ਉਹ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਵੱਖ-ਵੱਖ ਸਿਵਲ ਪ੍ਰਸ਼ਾਸਨਿਕ ਅਹੁਦਿਆਂ 'ਤੇ ਸ਼ਾਨਦਾਰ ਕੰਮ ਦਾ ਤਜ਼ਰਬਾ ਰੱਖਦੇ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਿਲਾ ਵਾਸੀਆਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਅਹੁਦਾ ਛੱਡ ਕੇ ਜਾ ਰਹੇ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਉਨਾਂ ਨੂੰ ਵਧਾਈ ਦਿੰਦਿਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।