ਨਵੀਂ ਦਿੱਲੀ, 17 ਸਤੰਬਰ (ਪੋਸਟ ਬਿਊਰੋ): ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ ਸੀ।
ਸ਼ਾਮ 4:30 ਵਜੇ, ਕੇਜਰੀਵਾਲ ਉਪ ਰਾਜਪਾਲ (ਐੱਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪਣਗੇ ਅਤੇ ਨਵੇਂ ਮੁੱਖ ਮੰਤਰੀ ਦਾ ਨਾਮ ਦੇਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ।
26 ਅਤੇ 27 ਸਤੰਬਰ ਨੂੰ 2 ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਜਨਤਾ ਨੂੰ ਤੈਅ ਕਰਨਾ ਚਾਹੀਦਾ ਹੈ ਕਿ ਮੈਂ ਇਮਾਨਦਾਰ ਹਾਂ ਜਾਂ ਬੇਈਮਾਨ। ਜੇਕਰ ਜਨਤਾ ਇਸ ਦਾਗ ਨੂੰ ਧੋ ਕੇ ਵਿਧਾਨ ਸਭਾ ਚੋਣਾਂ ਜਿੱਤ ਗਈ ਤਾਂ ਮੈਂ ਦੁਬਾਰਾ ਕੁਰਸੀ `ਤੇ ਬੈਠਾਂਗਾ।