ਨਵੀਂ ਦਿੱਲੀ, 8 ਅਕਤੂਬਰ (ਪੋਸਟ ਬਿਊਰੋ): ਕਾਂਗਰਸ ਨੇ ਮੰਗਲਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੋਕਾਂ ਦੀ ਭਾਵਨਾ ਵਿਰੁਧ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਸੂਬੇ ’ਚ ਤੰਤਰ ਦੀ ਜਿੱਤ ਅਤੇ ਲੋਕਤੰਤਰ ਦੀ ਹਾਰ ਹੋਈ ਹੈ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਕਿਹਾ ਕਿ ਮੌਜੂਦਾ ਸਥਿਤੀ ’ਚ ਹਰਿਆਣਾ ਦੇ ਨਤੀਜਿਆਂ ਨੂੰ ਮਨਜ਼ੂਰ ਨਹੀਂ ਕੀਤਾ ਜਾ ਸਕਦਾ। ਰਮੇਸ਼ ਨੇ ਇਹ ਵੀ ਕਿਹਾ ਕਿ ਹਰਿਆਣਾ ਅਧਿਆਏ ਹਾਲੇ ਖਤਮ ਨਹੀਂ ਹੋਇਆ ਹੈ।
ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਵੱਖ-ਵੱਖ ਥਾਵਾਂ ਤੋਂ ਸਿ਼ਕਾਇਤਾਂ ਮਿਲੀਆਂ ਹਨ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਤੋਂ ਜਿੱਤ ਖੋਹ ਲਈ ਗਈ ਹੈ। ਜੋ ਨਤੀਜੇ ਆਏ ਹਨ ਉਹ ਜ਼ਮੀਨੀ ਹਕੀਕਤ ਅਨੁਸਾਰ ਨਹੀਂ ਹਨ। ਇਹ ਨਤੀਜਾ ਲੋਕਾਂ ਦੀ ਭਾਵਨਾ ਦੇ ਵਿਰੁਧ ਹੈ।
ਕਾਂਗਰਸ ਦੇ ਮੀਡੀਆ ਵਿਭਾਗ ਦੇ ਮੁਖੀ ਪਵਨ ਖੇੜਾ ਨੇ ਦਾਅਵਾ ਕੀਤਾ ਕਿ ਹਰਿਆਣਾ ’ਚ ‘ਤੰਤਰ ਦੀ ਜਿੱਤ ਅਤੇ ਲੋਕਤੰਤਰ ਦੀ ਹਾਰ’ ਹੋਈ ਹੈ। ਉਨ੍ਹਾਂ ਕਿਹਾ ਕਿ ਨਤੀਜੇ ਅਣਕਿਆਸੇ ਹਨ ਅਤੇ ਜ਼ਮੀਨੀ ਹਕੀਕਤ ਤੋਂ ਬਹੁਤ ਦੂਰ ਹਨ।