ਜੰਮੂ, 8 ਅਕਤੂਬਰ (ਪੋਸਟ ਬਿਊਰੋ): ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਅਗਲੇ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ।
ਇਹ ਪੁੱਛੇ ਜਾਣ ’ਤੇ ਕਿ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ, ਫਾਰੂਕ ਨੇ ਪੱਤਰਕਾਰਾਂ ਨੂੰ ਕਿਹਾ, ‘‘ਉਮਰ ਅਬਦੁੱਲਾ ਮੁੱਖ ਮੰਤਰੀ ਹੋਣਗੇ।’’ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਚੋਣ ਨਤੀਜੇ ਇਸ ਗੱਲ ਦਾ ਸਬੂਤ ਹਨ ਕਿ ਜੰਮੂ-ਕਸ਼ਮੀਰ ਦੇ ਲੋਕ ਧਾਰਾ 370 ਨੂੰ ਰੱਦ ਕਰਨ ਦੇ ਵਿਰੁਧ ਸਨ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਅਪਣਾ ਫੈਸਲਾ ਦੇ ਦਿਤਾ ਹੈ ਅਤੇ ਸਾਬਤ ਕਰ ਦਿਤਾ ਹੈ ਕਿ 5 ਅਗਸਤ 2019 ਨੂੰ ਲਏ ਗਏ ਫੈਸਲੇ ਉਨ੍ਹਾਂ ਨੂੰ ਮਨਜ਼ੂਰ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਕਿ ਲੋਕਾਂ ਨੇ ਚੋਣਾਂ ’ਚ ਹਿੱਸਾ ਲਿਆ ਅਤੇ ਆਜ਼ਾਦੀ ਨਾਲ ਵੋਟ ਪਾਈ। ਮੈਂ ਨਤੀਜਿਆਂ ਲਈ ਰੱਬ ਦਾ ਸ਼ੁਕਰਗੁਜ਼ਾਰ ਹਾਂ।