ਚੰਡੀਗੜ੍ਹ, 9 ਅਕਤੂਬਰ (ਪੋਸਟ ਬਿਊਰੋ): ਬੁੱਧਵਾਰ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਨੂੰ 24 ਸੁਝਾਅ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕੀਤਾ ਜਾਵੇਗਾ।
ਪੰਚਾਇਤੀ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੈ। ਅਜਿਹੇ 'ਚ ਕਿਸਾਨਾਂ ਨਾਲ ਦੁਬਾਰਾ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਦਾ ਵਫ਼ਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਮੀਟਿੰਗ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨੇ ਨੀਤੀ ਦੇ ਚੰਗੇ ਨੁਕਤਿਆਂ ਅਤੇ ਕਮੀਆਂ ਬਾਰੇ ਵਿਸਥਾਰ ਨਾਲ ਦੱਸਿਆ। ਸਾਡੀ ਕੋਸਿ਼ਸ਼ ਹੈ ਕਿ ਕਿਸਾਨ ਚੰਗੀ ਤਰ੍ਹਾਂ ਖੇਤੀ ਕਰਨ ਦੇ ਯੋਗ ਹੋਣ।
ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਨੀਤੀ ਦੀ ਕਾਪੀ ਸਮੇਂ ਸਿਰ ਮਿਲ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦਾ ਵਿਸਥਾਰ ਨਾਲ ਅਧਿਐਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਮਾਹਿਰਾਂ ਨਾਲ ਅਧਿਐਨ ਕਰਕੇ ਇਸ ਨੂੰ ਨੀਤੀ ਵਿੱਚ ਸ਼ਾਮਿਲ ਕਰਨ ਦਾ ਸੁਝਾਅ ਦਿੱਤਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇਸ ਸਬੰਧੀ ਵਿਸਥਾਰਤ ਮੀਟਿੰਗ ਕੀਤੀ ਗਈ। ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇਗੀ।