ਇਸਲਾਮਾਬਾਦ, 31 ਅਕਤੂਬਰ (ਪੋਸਟ ਬਿਊਰੋ): ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਸਬੰਧ ਵਿੱਚ ਭਾਰਤ ਸਮੇਤ ਦੁਨੀਆਂ ਭਰ ਵਿੱਚ ਜਸ਼ਨ ਮਨਾਏ ਜਾ ਰਹੇ ਹਨ। ਗੁਆਂਢੀ ਦੇਸ਼ ਪਾਕਿਸਤਾਨ 'ਚ ਵੀ ਬੁੱਧਵਾਰ ਨੂੰ ਦੀਵਾਲੀ ਮਨਾਈ ਗਈ। ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਹਿੰਦੂਆਂ ਅਤੇ ਸਿੱਖਾਂ ਦੇ ਨਾਲ ਜਸ਼ਨਾਂ ਵਿੱਚ ਸ਼ਾਮਿਲ ਹੋਏ।
ਮੁੱਖ ਮੰਤਰੀ ਮਰੀਅਮ ਨੇ ਸ਼ਮ੍ਹਾਂ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵਰਚੂਅਲ ਆਤਿਸ਼ਬਾਜ਼ੀ ਵੀ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਰੀਅਮ ਨੇ ਕਿਹਾ ਕਿ ਜੇਕਰ ਕੋਈ ਘੱਟ ਗਿਣਤੀਆਂ 'ਤੇ ਅੱਤਿਆਚਾਰ ਕਰਦਾ ਹੈ ਤਾਂ ਉਹ ਪੀੜਤਾਂ ਦੇ ਨਾਲ ਖੜ੍ਹੇ ਹੋਣਗੇ।
ਮਰੀਅਮ ਨੇ ਪ੍ਰੋਗਰਾਮ ਦੌਰਾਨ ਹਿੰਦੂ ਔਰਤਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਇਲਾਵਾ 1400 ਹਿੰਦੂ ਪਰਿਵਾਰਾਂ ਨੂੰ 15-15 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ।