-ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ- 5 ਕੱਕਾਰ ਗੁਰੂਆਂ ਦੀ ਦਾਤ
ਅੰਮ੍ਰਿਤਸਰ, 6 ਨਵੰਬਰ (ਪੋਸਟ ਬਿਊਰੋ): ਭਾਰਤ 'ਚ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀ ਕ੍ਰਿਪਾਨ ਨਹੀਂ ਪਾ ਸਕਣਗੇ। ਸ਼ਹਿਰੀ ਹਵਾਬਾਜ਼ੀ ਬਿਊਰੋ (ਬੀ.ਸੀ.ਏ.ਐੱਸ.) ਬਿਊਰੋ ਆਫ ਸਿਵਲ ਏਵੀਏਸ਼ਨ ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐੱਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕ੍ਰਿਪਾਨ ਨਹੀਂ ਪਹਿਨ ਸਕਣਗੇ।
ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ। ਬੀਸੀਏਐੱਸ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕਾਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।
ਇਸ ਦੇ ਚਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 5 ਕੱਕਾਰ ਗੁਰੂ ਸਾਹਿਬਾਨ ਦੀ ਦਾਤ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਸਰਕਾਰ ਨਾਲ ਗੱਲ ਕਰਨ ਲਈ ਕਹਿਣਗੇ।
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕ੍ਰਿਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਏਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।