* ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ
ਸ੍ਰੀਨਗਰ, 6 ਨਵੰਬਰ (ਪੋਸਟ ਬਿਊਰੋ): ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਬਹਾਲ ਕਰਨ ਦਾ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ, ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਪ੍ਰਸਤਾਵ ਦੀਆਂ ਕਾਪੀਆਂ ਪਾੜ ਦਿੱਤੀਆਂ। ਵਿਧਾਇਕ ਨਾਅਰੇਬਾਜ਼ੀ ਕਰਦੇ ਰਹੇ।
ਭਾਜਪਾ ਨੇ ਦੋਸ਼ ਲਾਇਆ ਕਿ ਸਪੀਕਰ ਨੇ ਮੰਤਰੀਆਂ ਦੀ ਮੀਟਿੰਗ ਬੁਲਾ ਕੇ ਮਤੇ ਦਾ ਖਰੜਾ ਖ਼ੁਦ ਤਿਆਰ ਕੀਤਾ। ਇਸ ਤੋਂ ਬਾਅਦ ਵਿਧਾਇਕ ਬੈਂਚ 'ਤੇ ਚੜ੍ਹ ਗਏ ਅਤੇ ਹੰਗਾਮਾ ਕੀਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਭਾਜਪਾ ਪ੍ਰਧਾਨ ਸਤ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪਾਰਟੀ ਦਫ਼ਤਰ ਵਿੱਚ ਇਕੱਠੇ ਹੋ ਕੇ ਜੰਮੂ-ਕਸ਼ਮੀਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਦੇ ਪੁਤਲੇ ਵੀ ਫੂਕੇ।
ਭਾਜਪਾ ਨੇ ਦੋਸ਼ ਲਾਇਆ ਕਿ ਨੈਸ਼ਨਲ ਕਾਨਫਰੰਸ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕਿਹਾ ਕਿ ਕੋਈ ਵੀ ਵਿਧਾਨ ਸਭਾ ਧਾਰਾ 370 ਅਤੇ 35ਏ ਨੂੰ ਵਾਪਿਸ ਨਹੀਂ ਲਿਆ ਸਕਦੀ।
ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ, ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਵਿਸ਼ੇਸ਼ ਦਰਜਾ ਬਹਾਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਕੇਂਦਰ ਨੇ 5 ਅਗਸਤ, 2019 ਨੂੰ ਰੱਦ ਕਰ ਦਿੱਤਾ ਸੀ। ਇਸ 'ਚ ਕਿਹਾ ਗਿਆ ਹੈ, 'ਰਾਜ ਦਾ ਵਿਸ਼ੇਸ਼ ਦਰਜਾ ਅਤੇ ਸੰਵਿਧਾਨਕ ਗਾਰੰਟੀ ਮਹੱਤਵਪੂਰਨ ਹਨ। ਇਹ ਜੰਮੂ-ਕਸ਼ਮੀਰ ਦੇ ਲੋਕਾਂ ਦੀ ਪਹਿਚਾਣ, ਸੱਭਿਆਚਾਰ ਅਤੇ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਅਸੈਂਬਲੀ ਇਸ ਦੇ ਇਕਤਰਫਾ ਹਟਾਉਣ 'ਤੇ ਚਿੰਤਾ ਪ੍ਰਗਟ ਕਰਦੀ ਹੈ।