-ਮੇਲੇ `ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ
-ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ: ਭਗਵੰਤ ਸਿੰਘ ਮਾਨ
ਹੁਸਿ਼ਆਰਪੁਰ, 14 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ।
ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ।
ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ਸੁਣਾਏ ਜਾਣ ਦੇ ਇਸ ਅਹਿਮ ਮੌਕੇ 'ਤੇ ਦਰਸ਼ਕਾਂ ਨੇ ਪੂਰੀ ਤਰ੍ਹਾਂ ਸ਼ਾਂਤੀ ਬਣਾ ਕੇ ਰੱਖੀ। ਮੌਕੇ 'ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਮੁੱਖ ਮੰਤਰੀ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਇੱਕ ਕਲਾਕਾਰ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਵੱਡੇ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇਹਨਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਅਜਿਹੇ ਮੇਲਿਆਂ ‘ਚ ਕਾਲਜ ਲਈ ਟਰਾਫੀਆਂ ਵੀ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਹੈ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਬੁਲੰਦ ਹੌਸਲੇ ਨਾਲ ਅੱਗੇ ਵਧਣ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ ਇੱਕ ਕੁੰਜੀ ਹੈ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਜਨੂੰਨ ਰੱਖਣ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਮਾਣ ਨਾ ਕਰਨ ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਜੀਵਨ ਵਿੱਚ ਵੱਡੇ ਮੁਕਾਮ ਹਾਸਲ ਕਰਨ ਲਈ ਦ੍ਰਿੜ ਅਤੇ ਕੇਂਦਰਿਤ ਪਹੁੰਚ ਹਰ ਨੌਜਵਾਨ ਦੀ ਸ਼ਖਸੀਅਤ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।
ਪੰਜਾਬ ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਊਰਜਾ ਅਤੇ ਪ੍ਰਤਿਭਾ ਦੀ ਬਖਸ਼ਿਸ਼ ਹੈ ਜਿਸ ਨੇ ਹਮੇਸ਼ਾ ਹੀ ਸਮਾਜ ਵਿੱਚ ਸਕਾਰਤਾਮਕ ਬਦਲਾਅ ਲਿਆਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਰਾਜ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।