ਨਵੀਂ ਦਿੱਲੀ, 25 ਨਵੰਬਰ (ਪੋਸਟ ਬਿਊਰੋ): ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ 'ਚ ਬਰਫਬਾਰੀ ਕਾਰਨ ਉੱਤਰੀ ਭਾਰਤ ਦੇ ਰਾਜਾਂ 'ਚ ਠੰਡ ਵਧ ਗਈ ਹੈ। ਹੁਣ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਾ ਦੌਰ ਸ਼ੁਰੂ ਹੋ ਗਿਆ ਹੈ।
ਮੱਧ ਪ੍ਰਦੇਸ਼ ਦੇ ਪਚਮੜੀ, ਨਰਮਦਾਪੁਰਮ ਅਤੇ ਰਾਜਸਥਾਨ ਦੇ ਮਾਊਂਟ ਆਬੂ ਵਿੱਚ ਤਾਪਮਾਨ 7 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ। ਤਿੰਨਾਂ ਰਾਜਾਂ ਦੇ ਕਈ ਸ਼ਹਿਰਾਂ ਵਿੱਚ ਪਿਛਲੇ 3 ਦਿਨਾਂ ਤੋਂ ਤਾਪਮਾਨ 10 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਰਾਜਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਸੋਮਵਾਰ ਸਵੇਰੇ ਧੁੰਦ ਛਾਈ ਰਹੇਗੀ। ਧੁੰਦ ਕਾਰਨ ਬਿਹਾਰ ਦੇ ਪੂਰਨੀਆ 'ਚ ਵਿਜ਼ੀਬਿਲਟੀ 100 ਮੀਟਰ ਤੱਕ ਘਟ ਗਈ ਹੈ।
ਹਿਮਾਚਲ ਪ੍ਰਦੇਸ਼ 'ਚ ਐਤਵਾਰ ਨੂੰ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਅੱਜ ਸੋਮਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਵੀ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।