ਇਸਲਾਮਾਬਾਦ, 26 ਨਵੰਬਰ (ਪੋਸਟ ਬਿਊਰੋ): ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਐਤਵਾਰ ਤੋਂ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪਾਕਿਸਤਾਨੀ ਵੈੱਬਸਾਈਟ 'ਦ ਡਾਨ' ਮੁਤਾਬਕ ਇਮਰਾਨ ਖਾਨ ਦੇ ਸੈਂਕੜੇ ਸਮਰਥਕ ਇਸਲਾਮਾਬਾਦ ਦੇ ਡੀ ਚੌਕ 'ਚ ਦਾਖਲ ਹੋ ਗਏ ਹਨ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।
ਡੀ ਚੌਕ ਇਸਲਾਮਾਬਾਦ ਦਾ ਸਭ ਤੋਂ ਹਾਈ ਪ੍ਰੋਫਾਈਲ ਇਲਾਕਾ ਹੈ। ਇਸ ਖੇਤਰ ਵਿੱਚ ਰਾਸ਼ਟਰਪਤੀ ਭਵਨ, ਪ੍ਰਧਾਨ ਮੰਤਰੀ ਦਫ਼ਤਰ, ਸੰਸਦ ਭਵਨ ਅਤੇ ਸੁਪਰੀਮ ਕੋਰਟ ਹਨ। ਪ੍ਰਦਰਸ਼ਨਕਾਰੀਆਂ ਨੂੰ ਇਸ ਖੇਤਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਡੀਆ ਵਾਲਿਆਂ ਨੂੰ ਇਸ ਖੇਤਰ ਤੋਂ ਦੂਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਫੌਜ ਨੇ ਸ਼ੀਪਿੰਗ ਕੰਟੇਨਰ ਰੱਖ ਕੇ ਰਾਜਧਾਨੀ ਪਹੁੰਚਣ ਵਾਲੇ ਹਾਈਵੇਅ ਨੂੰ ਬੰਦ ਕਰ ਦਿੱਤਾ ਸੀ ਪਰ ਪ੍ਰਦਰਸ਼ਨਕਾਰੀਆਂ ਨੇ ਲਿਫਟਿੰਗ ਮਸ਼ੀਨਾਂ ਅਤੇ ਕਈ ਭਾਰੀ ਮਸ਼ੀਨਾਂ ਦੀ ਮਦਦ ਨਾਲ ਬੈਰੀਕੇਡ ਤੋੜ ਦਿੱਤੇ। ਪ੍ਰਦਰਸ਼ਨਕਾਰੀਆਂ ਨੇ ਸ੍ਰੀਨਗਰ ਹਾਈਵੇ 'ਤੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਚਾਰ ਸੈਨਿਕ ਅਤੇ ਦੋ ਪੁਲਸ ਕਰਮਚਾਰੀ ਮਾਰੇ ਗਏ। ਰਿਪੋਰਟ ਮੁਤਾਬਕ ਹਿੰਸਾ ਵਿੱਚ ਹੁਣ ਤੱਕ 100 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਚੁੱਕੇ ਹਨ। ਜਿ਼ਆਦਾਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਜਧਾਨੀ ਇਸਲਾਮਾਬਾਦ ਵਿੱਚ ਹਿੰਸਾ ਨਾਲ ਨਜਿੱਠਣ ਲਈ ਧਾਰਾ 245 ਲਾਗੂ ਕਰ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਪਾਕਿਸਤਾਨੀ ਫੌਜ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਸੇ ਵੀ ਖੇਤਰ ਵਿੱਚ ਕਰਫਿਊ ਲਗਾਉਣ ਦਾ ਅਧਿਕਾਰ ਦਿੱਤਾ ਗਿਆ ਹੈ।
ਇਸ ਦੌਰਾਨ ਅਮਰੀਕਾ ਨੇ ਪਾਕਿਸਤਾਨ ਸਰਕਾਰ ਨੂੰ ਮਨੁੱਖੀ ਅਧਿਕਾਰਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।