-ਚੇਅਰਮੈਨ ਜਗਦੀਪ ਧਨਖੜ ਨੇ ਕਿਹਾ- ਸੰਸਦੀ ਵਿਵਾਦ ਸਾਡੇ ਲੋਕਤੰਤਰ ਨੂੰ ਕਮਜ਼ੋਰ ਕਰਦੇ ਹਨ
ਨਵੀਂ ਦਿੱਲੀ, 28 ਨਵੰਬਰ (ਪੋਸਟ ਬਿਊਰੋ): ਸਰਦ ਰੁੱਤ ਇਜਲਾਸ ਦੌਰਾਨ ਵੀਰਵਾਰ ਨੂੰ ਸੰਸਦ ਦੇ ਦੋਨਾਂ ਸਦਨਾਂ `ਚ ਕਈਂ ਅਹਿਮ ਮੁੱਦਿਆਂ `ਤੇ ਹੰਗਾਮਾ ਹੋਇਆ, ਜਿਸਦੇ ਚੱਲਦੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਲੋਕ ਸਭਾ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇ ਗੌਤਮ ਅਡਾਨੀ `ਤੇ ਲੱਗੇ ਦੋਸ਼, ਉੱਤਰ ਪ੍ਰਦੇਸ਼ ਦੇ ਸੰਭਲ `ਚ ਹੰਗਾਮਾ, ਮਣੀਪੁਰ ਹਿੰਸਾ, ਬੇਰੁਜ਼ਗਾਰੀ ਅਤੇ ਮਹਿੰਗਾਈ ਸਮੇਤ ਕਈ ਮੁੱਦਿਆਂ `ਤੇ ਚਰਚਾ ਦੀ ਮੰਗ ਨੂੰ ਲੈ ਕੇ ਸਦਨ `ਚ ਹੰਗਾਮਾ ਕੀਤਾ।
ਰਾਜ ਸਭਾ `ਚ ਸਦਨ ਦੀ ਕਾਰਵਾਈ ਦੌਰਾਨ ਹੰਗਾਮੇ `ਤੇ ਚੇਅਰਮੈਨ ਜਗਦੀਪ ਧਨਖੜ ਨੇ ਵਿਰੋਧੀ ਧਿਰ ਦੇ ਰਵੱਈਏ `ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ ਹੈ। ਚੇਅਰਮੈਨ ਨੇ ਕਿਹਾ ਕਿ ਸੰਸਦੀ ਵਿਵਾਦ ਨਾਲ ਲੋਕਤੰਤਰ ਕਮਜ਼ੋਰ ਹੁੰਦਾ ਹੈ। ਦਰਅਸਲ, ਰਾਜ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਮਾਮਲੇ `ਤੇ ਚਰਚਾ ਦੀ ਮੰਗ `ਤੇ ਅੜੇ ਰਹੇ। ਇਸ `ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ‘ਇਹ ਸਦਨ ਬਹਿਸ ਦੇ ਸਦਨ ਨਾਲੋਂ ਜ਼ਿਆਦਾ ਹੈ। ਸੰਸਦੀ ਵਿਵਾਦ ਸਾਡੇ ਲੋਕਤੰਤਰ ਨੂੰ ਕਮਜ਼ੋਰ ਕਰਦੇ ਹਨ।
ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਨੇ ਅਡਾਨੀ ਮੁੱਦੇ ‘ਤੇ ਚਰਚਾ ਲਈ ਰਾਜ ਸਭਾ `ਚ ਨਿਯਮ 267 ਦੇ ਤਹਿਤ ਕਾਰੋਬਾਰੀ ਮੁਅੱਤਲੀ ਦਾ ਨੋਟਿਸ ਦਿੱਤਾ ਹੈ।
ਦੂਜੇ ਪਾਸੇ ਵਕਫ਼ ਸੋਧ ਬਿੱਲ `ਤੇ ਬਣੀ ਸਾਂਝੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਇਸ ਸੰਬੰਧੀ ਲੋਕ ਸਭਾ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਨਜ਼ੂਰੀ ਤੋਂ ਬਾਅਦ ਜੇਪੀਸੀ ਦਾ ਕਾਰਜਕਾਲ ਬਜਟ ਸੈਸ਼ਨ ਦੇ ਆਖਰੀ ਦਿਨ ਤੱਕ ਰਹੇਗਾ। ਜੇਪੀਸੀ ਨੇ ਵਕਫ਼ ਬਿੱਲ `ਤੇ ਆਪਣੀ ਰਿਪੋਰਟ ਸੰਸਦ ਦੇ ਸਰਦ ਰੁੱਤ ਇਜਲਾਸ ‘ਚ ਪੇਸ਼ ਕਰਨੀ ਸੀ ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ `ਤੇ ਇਸ ਦਾ ਕਾਰਜਕਾਲ ਬਜਟ ਸੈਸ਼ਨ ਦੇ ਆਖਰੀ ਦਿਨ ਤੱਕ ਵਧਾ ਦਿੱਤਾ ਗਿਆ ਹੈ।
ਵੀਰਵਾਰ ਨੂੰ ਸੰਸਦ `ਚ ਕੋਈ ਕੰਮਕਾਜ ਨਹੀਂ ਹੋ ਸਕਿਆ ਅਤੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।