ਇਸਲਾਮਾਬਾਦ, 12 ਦਸੰਬਰ (ਪੋਸਟ ਬਿਊਰੋ): ਇਸਲਾਮਾਬਾਦ ਦੀ ਇਕ ਵਿਸ਼ੇਸ਼ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਨਵੇਂ ਤੋਸ਼ਾਖਾਨਾ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਖਿਲਾਫ ਨੈਸ਼ਨਲ ਅਕਾਉਂਟੇਬਿਲਿਟੀ (ਐੱਨਏਬੀ) ਨੇ ਮਾਮਲਾ ਦਰਜ ਕੀਤਾ ਹੈ।
ਜੀਓ ਨਿਊਜ਼ ਮੁਤਾਬਕ ਬਾਅਦ ਵਿੱਚ ਫੈਡਰਲ ਇੰਵੈਸਟੀਗੇਸ਼ਨ ਏਜੰਸੀ (ਐੱਫਆਈਏ) ਨੇ ਇਸ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ। ਸਤੰਬਰ ਵਿੱਚ ਇਸ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ।
ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਦੀ ਵਿਸ਼ੇਸ਼ ਅਦਾਲਤ 'ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ 'ਤੇ ਦੋਸ਼ ਆਇਦ ਕੀਤੇ ਗਏ। ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਪਹਿਲਾਂ ਹੀ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਵਿੱਚ ਹਨ।
ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ ਇਮਰਾਨ ਖਾਨ ਨੂੰ ਤੋਸ਼ਾਖਾਨਾ ਨਾਲ ਜੁੜੇ ਇਕ ਹੋਰ ਮਾਮਲੇ (ਤੋਸ਼ਾਖਾਨਾ ਕੇਸ-2) 'ਚ ਜ਼ਮਾਨਤ ਮਿਲ ਗਈ ਸੀ। ਉਦੋਂ ਇਸਲਾਮਾਬਾਦ ਹਾਈਕੋਰਟ ਨੇ ਜ਼ਮਾਨਤ ਵਜੋਂ 10 ਲੱਖ ਪਾਕਿਸਤਾਨੀ ਰੁਪਏ ਦੇ ਬਾਂਡ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਉਸ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ।
ਬੁਸ਼ਰਾ ਬੀਬੀ ਤੋਸ਼ਾਖਾਨਾ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆ ਗਈ ਸੀ। ਇਸਲਾਮਾਬਾਦ ਹਾਈ ਕੋਰਟ ਨੇ ਬੁਸ਼ਰਾ ਨੂੰ 10 ਲੱਖ ਰੁਪਏ ਦੀ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਸੀ। ਬੁਸ਼ਰਾ 9 ਮਹੀਨੇ ਤੋਂ ਰਾਵਲਪਿੰਡੀ ਦੀ ਅੜਿਆਲਾ ਜੇਲ੍ਹ 'ਚ ਕੈਦ ਸੀ।