ਨਵੀਂ ਦਿੱਲੀ, 16 ਦਸੰਬਰ (ਪੋਸਟ ਬਿਊਰੋ): ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਇਕੇ ਨੇ ਸੋਮਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦਾ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਬਣਨ ਤੋਂ ਬਾਅਦ ਦਿਸਾਨਾਇਕੇ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਉਹ 15 ਦਸੰਬਰ ਤੋਂ 17 ਦਸੰਬਰ ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ।
ਦਿਸਾਨਾਏਕੇ ਦੇ ਨਾਲ ਸਾਂਝੇ ਬਿਆਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਸ੍ਰੀਲੰਕਾ ਦੇ ਰਾਸ਼ਟਰਪਤੀ ਦਾ ਭਾਰਤ ਵਿੱਚ ਸਵਾਗਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ਲਈ ਭਾਰਤ ਨੂੰ ਚੁਣਿਆ ਹੈ। ਇਹ ਦੌਰਾ ਦੋਨਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਨਵੀਂ ਊਰਜਾ ਪੈਦਾ ਕਰ ਰਿਹਾ ਹੈ। ਅਸੀਂ ਆਪਣੀ ਸਾਂਝੇਦਾਰੀ ਲਈ ਭਵਿੱਖਵਾਦੀ ਦ੍ਰਿਸ਼ਟੀਕੋਣ ਅਪਣਾਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਆਪਣੀ ਆਰਥਿਕ ਭਾਈਵਾਲੀ ਵਿੱਚ ਨਿਵੇਸ਼ ਅਗਵਾਈ ਵਾਲੇ ਵਿਕਾਸ ਅਤੇ ਕਨੈਕਟੀਵਿਟੀ 'ਤੇ ਜ਼ੋਰ ਦਿੱਤਾ ਹੈ ਅਤੇ ਫੈਸਲਾ ਕੀਤਾ ਹੈ ਕਿ ਡਿਜ਼ੀਟਲ, ਭੌਤਿਕ ਅਤੇ ਊਰਜਾ ਕਨੈਕਟੀਵਿਟੀ ਸਾਡੀ ਭਾਈਵਾਲੀ ਦੇ ਮਹੱਤਵਪੂਰਨ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਵਿਚਕਾਰ ਬਿਜਲੀ ਗਰਿੱਡ ਕਨੈਕਟੀਵਿਟੀ ਅਤੇ ਬਹੁ-ਉਤਪਾਦ ਪੈਟਰੋਲ ਪਾਈਪਲਾਈਨ ਸਥਾਪਤ ਕਰਨ 'ਤੇ ਧਿਆਨ ਦਿੱਤਾ ਜਾਵੇਗਾ। ਦੋਨਾਂ ਦੇਸ਼ਾਂ ਵਿਚਾਲੇ ਸੂਰਜੀ ਊਰਜਾ ਪ੍ਰਾਜੈਕਟਾਂ 'ਤੇ ਵੀ ਜ਼ੋਰ ਦਿੱਤਾ ਜਾਵੇਗਾ।